
Bhikhiwind News : ਐਂਟੀ ਡਰੋਨ ਤਕਨਾਲੋਜੀ ਅਤੇ ਲੋਕਾਂ ਦਾ ਸਹਿਯੋਗ ਨਾਲ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਹੁੰਦੀ ਨਸ਼ਾ ਤਸਕਰੀ ਵਿੱਚ ਆਈ ਭਾਰੀ ਕਮੀ-ਰਾਜਪਾਲ
Bhikhiwind News in Punjabi : ਸਰਹੱਦੋਂ ਪਾਰ ਨਸ਼ਾ ਤਸਕਰੀ ਲਈ ਵਰਤੇ ਜਾਂਦੇ ਡਰੋਨ ਫੜਾਉਣ ਅਤੇ ਸਰਹੱਦੀ ਖੇਤਰ ਵਿੱਚ ਨਸ਼ੇ ਰੋਕਣ ਲਈ ਪਿੰਡ ਪੱਧਰੀ ਸੁਰੱਖਿਆ ਕਮੇਟੀਆਂ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਇਹਨਾਂ ਸਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਭਗਵਾਨਪੁਰਾ ਵਿਖੇ ਪਿੰਡ ਪੱਧਰੀ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਨੂੰ ਸੰਬੋਧਨ ਕਰਦੇ ਹੋਏ ਕੀਤਾ।
ਇਸ ਮੌਕੇ ਸ੍ਰੀ ਵਿਵੇਕ ਪ੍ਰਤਾਪ ਸਿੰਘ ਪ੍ਰਿੰਸੀਪਲ ਸੈਕਟਰੀ ਗਵਰਨਰ ਪੰਜਾਬ, ਸ੍ਰੀ ਸ਼ਿਵਦੁਲਾਰ ਸਿੰਘ ਢਿਲੋਂ ਸੈਕਟਰੀ ਰੈੱਡ ਕਰਾਸ ਪੰਜਾਬ, ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਾਹੁਲ ਅਤੇ ਐੱਸ. ਐਸ. ਪੀ. ਸੀ੍ ਅਭਿਮਨਿਊ ਰਾਣਾ ਵੀ ਮੌਜੂਦ ਸਨ।
ਇਸ ਤੋਂ ਪਹਿਲਾ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਪਿੰਡ ਆਸਲ ਉਤਾੜ ਵਿਖੇ ਸ਼ਹੀਦ ਅਬਦੁਲ ਹਮੀਦ ਜੀ ਦੇ ਸ਼ਹੀਦੀ ਸਮਾਰਕ 'ਤੇ ਨਤਮਸਤਕ ਹੋ ਕੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ।
ਇਸ ਉਪਰੰਤ ਰਾਜਪਾਲ ਪੰਜਾਬ ਨੇ ਜ਼ਿਲਾ ਤਰਨ ਤਾਰਨ ਦੇ ਸਰਹੱਦੀ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰਾਂ ਅਤੇ ਪਿੰਡ ਪੱਧਰੀ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਦੇ ਰੂ-ਬ-ਰੂ ਹੁੰਦਿਆਂ ਕਿਹਾ ਕਿ ਇਹ ਕਮੇਟੀਆਂ ਕੇਂਦਰੀ ਸੁਰੱਖਿਆ ਏਜੰਸੀਆਂ ਅਤੇ ਸੂਬਾ ਸਰਕਾਰ ਦੀਆਂ ਏਜੰਸੀਆਂ ਨਾਲ ਮਿਲ ਕੇ ਬਹੁਤ ਵਧੀਆ ਕੰਮ ਕਰ ਰਹੀਆਂ ਹਨ ਅਤੇ ਇਹਨਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ।
ਉਹਨਾਂ ਪਿੰਡ ਪੱਧਰੀ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਿੰਡਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਪ੍ਰੇਰਣ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਸਰਹੱਦੀ ਖੇਤਰਾਂ ਵਿੱਚ ਐਂਟੀ ਡਰੋਨ ਤਕਨਾਲੋਜੀ ਲਈ 10 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ, ਜੋ ਕਿ ਬਹੁਤ ਵਧੀਆ ਉਪਰਾਲਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵੀ ਸਰਹੱਦੀ ਖੇਤਰਾਂ ਵਿੱਚ ਬੀ. ਐੱਸ. ਐੱਫ਼. ਨੂੰ ਐਂਟੀ ਡਰੋਨ ਤਕਨਾਲੋਜੀ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਹੋ ਰਹੀ ਨਸ਼ਾਂ ਤਸਕਰੀ ‘ਤੇ ਕਾਬੂ ਪਾਇਆ ਜਾ ਸਕੇ। ਉਹਨਾਂ ਕਿਹਾ ਕਿ ਨਸ਼ੇ ਦੀ ਸਪਲਾਈ ਚੇਨ ਤੋੜਨ ਲਈ ਐਂਟੀ ਡਰੋਨ ਤਕਨਾਲੋਜੀ ਅਤੇ ਲੋਕਾਂ ਦਾ ਸਹਿਯੋਗ ਨਾਲ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਹੁੰਦੀ ਨਸ਼ਾ ਤਸਕਰੀ ਵਿੱਚ ਭਾਰੀ ਕਮੀ ਆਈ ਹੈ।
ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸੂਬੇ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸੂਬੇ ਵਿਚੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਰਕਾਰ ਅਤੇ ਸੁਰੱਖਿਆ ਫੋਰਸਾਂ ਦਾ ਮੋਹਰੀ ਹੋ ਕੇ ਸਾਥ ਦੇਣ। ਸਰਹੱਦੀ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰਾਂ ਅਤੇ ਵਿਲੇਜ਼ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਗੁਆਂਢੀ ਮੁਲਕ ਸਾਨੂੰ ਕਮਜ਼ੋਰ ਕਰਨ ਲਈ ਕੋਝੀਆਂ ਚਾਲਾਂ ਚੱਲ ਰਿਹਾ ਹੈ ਪਰ ਪਾਕਿਸਤਾਨ ਦੇ ਇਨ੍ਹਾਂ ਨਾ-ਪਾਕ ਇਰਾਦਿਆਂ ਨੂੰ ਕਦੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਉਨ੍ਹਾਂ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਪਿੰਡ ਵਿਚ ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸਦਾ ਇਲਾਜ ਕਰਵਾਓ ਅਤੇ ਜ਼ੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਉਸਦੀ ਇਤਲਾਹ ਪੁਲਿਸ ਨੂੰ ਦਿਓ। ਉਨ੍ਹਾਂ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਸੂਚਨਾ ਪੂਰੀ ਤਰਾਂ ਨਾਲ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਆਪਣਾ ਕੰਮ ਕਰ ਰਹੀ ਹੈ ਪਰ ਸਰਹੱਦੀ ਪਿੰਡਾਂ ਵਿਚ ਬਣੀਆਂ ਡਿਫੈਂਸ ਕਮੇਟੀਆਂ ਵੀ ਜੇਕਰ ਹੋਰ ਮੁਸਤੈਦ ਹੋ ਜਾਣ ਤਾਂ ਸਮਾਜ ਦੇ ਦੁਸਮਣਾਂ ਦੀ ਪਹਿਚਾਣ ਸਹਿਜੇ ਹੀ ਕੀਤੀ ਜਾ ਸਕਦੀ ਹੈ।
ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ੇ ਦੀ ਰੋਕਥਾਮ ਅਤੇ ਕੀਤੇ ਜਾ ਰਹੇ ਹੋਰ ਭਲਾਈ ਕਾਰਜਾਂ ਲਈ ਭਰਪੂਰ ਸ਼ਲਾਘਾ ਕੀਤੀ।
ਇਸ ਤੋਂ ਪਹਿਲਾਂ ਸਮਾਗਮ ਵਿੱਚ ਪੁੱਜਣ ‘ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਉਨ੍ਹਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਵਿਸ਼ਵਾਸ਼ ਦੁਆਇਆ ਕਿ ਪ੍ਰਸ਼ਾਸਨ ਉਨ੍ਹਾਂ ਵੱਲੋਂ ਦਿੱਤੇ ਦਿਸ਼ਾ ਨਿਰਦੇਸਾਂ ਅਨੁਸਾਰ ਨਸ਼ਿਆਂ ਦੇ ਖ਼ਾਤਮੇ ਅਤੇ ਅਮਨ ਸਾਂਤੀ ਨੂੰ ਕਾਇਮ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗਾ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮਾਣਯੋਗ ਰਾਜਪਾਲ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰੇਗਾ। ਉਨ੍ਹਾਂ ਕਿਹਾ ਕਿ ਆਪਣੇਆਪਣੇ ਪਿੰਡਾਂ ਵਿੱਚ ਵਧੀਆ ਕੰਮ ਕਰਨ ਵਾਲੀਆਂ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਵਿਸ਼ੇਸ ਤੌਰ ’ਤੇ ਸਨਮਾਨਿਤ ਵੀ ਕੀਤਾ ਜਾਵੇਗਾ।
(For more news apart from Village level security committees play important role in stopping drugs in border areas - Governor Gulab Chand Kataria News in Punjabi, stay tuned to Rozana Spokesman)