
ਕੇਂਦਰ ਨੇ ਨਿਰਵਿਘਨ ਖ਼ਰੀਦ ਲਈ ਬਾਰਦਾਨਾ ਹਰਿਆਣਾ 'ਚ ਭੇਜਿਆ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਲੋਂ ਅਕਾਲੀਆਂ ਦੇ ਇਸ਼ਾਰੇ 'ਤੇ ਬਾਰਦਾਨੇ ਦੀ ਘਾਟ ਪੈਦਾ ਕੀਤੀ ਜਾ ਰਹੀ ਹੈ ਤਾਂ ਕਿ ਖ਼ਰੀਦ ਪ੍ਰਕ੍ਰਿਆ ਵਿਚ ਅੜਿੱਕੇ ਡਾਹ ਕੇ ਚੋਣਾਂ ਦੌਰਾਨ ਸੂਬੇ ਵਿਚ ਕਾਂਗਰਸ ਸਰਕਾਰ ਨੂੰ ਬਦਨਾਮ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਕਣਕ ਦੀ ਬੰਪਰ ਪੈਦਾਵਾਰ ਹੋਈ ਹੈ ਪਰ ਸੂਬੇ ਨੂੰ ਬਾਰਦਾਨੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ ਜਦਕਿ ਦੂਜੇ ਪਾਸੇ ਕੇਂਦਰ ਸਰਕਾਰ ਵਲੋਂ ਹਰਿਆਣਾ ਵਿਚ 12 ਮਈ ਨੂੰ ਹੋਣ ਜਾ ਰਹੀਆਂ ਚੋਣ ਦੇ ਮਦੇਨਜ਼ਰ ਇਸ ਸੂਬੇ ਨੂੰ ਬਾਰਦਾਨੇ ਦੀ ਵਾਧੂ ਸਪਲਾਈ ਦਿਤੀ ਜਾ ਰਹੀ ਹੈ।
WHEAT AT MANDI
ਉਨ੍ਹਾਂ ਨੇ ਖ਼ਰੀਦ ਲਈ ਲੋੜੀਂਦੇ ਬਾਰਦਾਨੇ ਨੂੰ ਪੰਜਾਬ ਤੋਂ ਹਰਿਆਣਾ ਭੇਜਣ 'ਤੇ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਚਾਰ ਲੱਖ ਗੱਠਾਂ ਪੰਜਾਬ ਤੋਂ ਹਰਿਆਣਾ ਨੂੰ ਭੇਜੀਆਂ ਜਾ ਚੁੱਕੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਨੂੰ ਅਤਿ ਲੋੜੀਂਦੇ ਬਾਰਦਾਨੇ ਤੋਂ ਵਾਂਝਾ ਰੱਖਣ ਲਈ ਕੇਂਦਰ ਸਰਕਾਰ ਦੀਆਂ ਸਿਆਸਤ ਤੋਂ ਪ੍ਰੇਰਿਤ ਨੀਤੀਆਂ ਕਾਰਨ ਪੰਜਾਬ ਵਿਚ ਕਾਂਗਰਸ ਸਰਕਾਰ ਦੇ ਗਠਨ ਤੋਂ ਬਾਅਦ ਪਹਿਲੀ ਵਾਰ ਖ਼ਰੀਦ ਕਾਰਜਾਂ 'ਚ ਸਮੱਸਿਆ ਪੈਦਾ ਹੋਈ ਹੈ।
Wheat Market
ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਪਣੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਦੇ ਇਸ਼ਾਰੇ 'ਤੇ ਕੰਮ ਕਰ ਰਹੀ ਹੈ ਤਾਂ ਕਿ ਮੰਡੀਆਂ ਵਿਚ ਖ਼ਰੀਦ ਕਾਰਜਾਂ 'ਚ ਰੁਕਾਵਟ ਪੈਦਾ ਹੋ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਦੂਜੇ ਪਾਸੇ ਹਰਿਆਣਾ ਵਿਚ ਭਾਜਪਾ ਸਰਕਾਰ ਨੂੰ ਇਸ ਸਾਲ ਕਣਕ ਦੀ ਵਾਧੂ ਪੈਦਾਵਾਰ ਨਾਲ ਨਜਿੱਠਣ ਲਈ ਵਧੇਰੇ ਬਾਰਦਾਨਾ ਦਿਤਾ ਜਾ ਰਿਹਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਚੋਣ ਵਰ੍ਹੇ ਵਿਚ ਅਪਣੇ ਸਿਆਸੀ ਹਿੱਤ ਪੂਰਨ ਲਈ ਕੇਂਦਰ ਨੇ ਇਕ ਵਾਰ ਫਿਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਇਆ ਹੈ।
Wheat Market
ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਨੂੰ ਹੋਰ ਵਿਗਾੜਨ ਲਈ ਹਰਿਆਣਾ 'ਚ ਕਣਕ ਦੀ ਪੈਦਾਵਾਰ ਨੂੰ ਖੁਲ੍ਹੀਆਂ ਸੀਮਾਵਾਂ ਰਾਹੀਂ ਪੰਜਾਬ ਵਿਚ ਧੱਕਿਆ ਜਾ ਰਿਹਾ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਅਜਿਹੀਆਂ ਕੋਸ਼ਿਸ਼ਾਂ ਨੂੰ ਰੋਕਣ ਦੇ ਹੁਕਮ ਦਿਤੇ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਵੋਟਾਂ ਖਾਤਰ ਅਜਿਹੇ ਘਟੀਆ ਹੱਥਕੰਡੇ ਵਰਤਣ ਤੋਂ ਬਾਜ਼ ਆਉਣਾ ਚਾਹੀਦਾ ਹੈ।