
ਕਾਲੀ ਦੇਵੀ ਮੰਦਰ ਨੇੜੇ ਦੋ ਧਿਰਾਂ ਦੇ ਹੋਏ ਆਪਸੀ ਟਕਰਾਅ ਦੇ ਮਾਮਲੇ 'ਚ ਲੋੜੀਂਦੇ ਬਰਜਿੰਦਰ ਸਿੰਘ ਪਰਵਾਨਾ ਨੂੰ 30 ਅਪ੍ਰੈਲ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਪਟਿਆਲਾ: ਜ਼ਿਲ੍ਹੇ ਵਿਚ ਬੀਤੇ ਦਿਨੀਂ ਹੋਈ ਝੜਪ ਦੇ ਮੁੱਖ ਮੁਲਜ਼ਮ ਦੱਸੇ ਜਾ ਰਹੇ ਬਰਜਿੰਦਰ ਸਿੰਘ ਪਰਵਾਨਾ ਨੂੰ 9 ਮਈ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪਟਿਆਲਾ ਪੁਲਿਸ ਨੇ 29 ਅਪ੍ਰੈਲ 2022 ਨੂੰ ਕਾਲੀ ਦੇਵੀ ਮੰਦਰ ਨੇੜੇ ਦੋ ਧਿਰਾਂ ਦੇ ਹੋਏ ਆਪਸੀ ਟਕਰਾਅ ਦੇ ਮਾਮਲੇ 'ਚ ਲੋੜੀਂਦੇ ਬਰਜਿੰਦਰ ਸਿੰਘ ਪਰਵਾਨਾ ਨੂੰ 30 ਅਪ੍ਰੈਲ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਸੀ।
ਇਸ ਤੋਂ ਬਾਅਦ ਬਰਜਿੰਦਰ ਸਿੰਘ ਪਰਵਾਨਾ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ਮਗਰੋਂ ਅਦਾਲਤ ਨੇ ਪਰਵਾਨਾ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਸੀ। ਹਿੰਸਕ ਘਟਨਾ 'ਚ ਨਾਮਜ਼ਦ ਹੋਰ ਵਿਅਕਤੀਆਂ, ਸ਼ਿਵਦੇਵ ਵਾਸੀ ਪਿੰਡ ਬਾਲ ਸਿਕੰਦਰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ, ਦਵਿੰਦਰ ਸਿੰਘ ਵਾਸੀ ਜੀਂਦ ਤੇ ਰਾਜਿੰਦਰ ਸਿੰਘ ਵਾਸੀ ਸਮਾਣਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਹੁਣ ਤਕ ਕੁਲ 9 ਗ੍ਰਿਫ਼ਤਾਰੀਆਂ ਹੋਈਆਂ ਹਨ।
ਪੰਜਾਬ ਸਰਕਾਰ ਨੇ ਪਟਿਆਲਾ ਘਟਮਾਕ੍ਰਮ 'ਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਦਾ ਗਠਨ ਕੀਤਾ ਹੈ। ਪੰਜ ਮੈਂਬਰੀ ਟੀਮ ਹੁਣ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇਗੀ। ਇਸ ਟੀਮ ਦੀ ਅਗਵਾਈ ਆਈਪੀਐਸ ਅਧਿਕਾਰੀ ਐਸਪੀ ਮਹਿਤਾਬ ਸਿੰਘ ਕਰਨਗੇ।