
ਉਸ ਨੇ ਮੰਤਰੀ 'ਤੇ ਕਾਰਵਾਈ ਨਾ ਹੋਣ ਅਤੇ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਹੈ
ਚੰਡੀਗੜ੍ਹ - ਪੰਜਾਬ ਸਰਕਾਰ ਦੇ ਮੰਤਰੀ ਦੀ ਕਥਿਤ ਅਸ਼ਲੀਲ ਵੀਡੀਓ ਦਾ ਮਾਮਲਾ ਵਧਦਾ ਹੀ ਜਾ ਰਿਹਾ ਹੈ। ਇਸ ਮਾਮਲੇ ਵਿਚ ਪੀੜਤ ਪਹਿਲੀ ਵਾਰ ਕੈਮਰੇ ਸਾਹਮਣੇ ਆਇਆ ਹੈ। ਪੀੜਤ ਦੀ ਇਹ ਵੀਡੀਓ ਪੂਰੀ ਨਹੀਂ ਹੈ, ਪਰ ਉਹ ਆਪਣਾ ਨਾਮ ਅਤੇ ਘਟਨਾ ਬਾਰੇ ਦੱਸ ਰਿਹਾ ਹੈ। ਇਸ ਦੇ ਨਾਲ ਹੀ ਪੀੜਤ ਨੇ ਇਸ ਮਾਮਲੇ ਵਿਚ ਰਾਸ਼ਟਰੀ ਐਸਸੀ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਹੈ।
ਜਿਸ 'ਚ ਉਸ ਨੇ ਮੰਤਰੀ 'ਤੇ ਕਾਰਵਾਈ ਨਾ ਹੋਣ ਅਤੇ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਹੈ। ਇਸ ਦੇ ਮੱਦੇਨਜ਼ਰ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਸਪੱਸ਼ਟੀਕਰਨ ਮੰਗਿਆ ਹੈ। ਮੁੱਖ ਸਕੱਤਰ ਤੋਂ ਪੁੱਛਿਆ ਗਿਆ ਹੈ ਕਿ ਇਸ ਮਾਮਲੇ ਵਿਚ ਕੀ ਕਾਰਵਾਈ ਕੀਤੀ ਗਈ ਹੈ। ਜੇਕਰ ਕੋਈ ਐਫ.ਆਈ.ਆਰ ਦਰਜ ਹੋਈ ਸੀ ਤਾਂ ਉਸ ਬਾਰੇ ਅਤੇ ਉਸ ਤੋਂ ਬਾਅਦ ਦੀ ਕਾਰਵਾਈ ਬਾਰੇ ਦੱਸੋ? ਇਸ ਦੇ ਨਾਲ ਹੀ ਪੀੜਤ ਨੂੰ ਸੁਰੱਖਿਆ ਦੇਣ ਦੇ ਵੀ ਆਦੇਸ਼ ਦਿੱਤੇ ਗਏ ਹਨ।
ਪੀੜਤ ਕੇਸ਼ਵ ਕੁਮਾਰ ਨੇ ਐਨਸੀਐਸਸੀ ਨੂੰ ਇੱਕ ਵੀਡੀਓ ਸੰਦੇਸ਼ ਅਤੇ ਪੱਤਰ ਵਿਚ ਇਨਸਾਫ਼ ਦੇ ਨਾਲ-ਨਾਲ ਸੁਰੱਖਿਆ ਦੀ ਮੰਗ ਕਰਦਿਆਂ ਕਿਹਾ ਕਿ ਮੰਤਰੀ ਹੁਣ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਉਸ ਨੇ ਕਿਹਾ ਕਿ ਉਹ ਡਰਿਆ ਹੋਇਆ ਹੈ, ਘਰੋਂ ਭੱਜ ਰਿਹਾ ਹੈ ਕਿਉਂਕਿ ਮੰਤਰੀ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਹੈ, ਇਸ ਲਈ ਉਹ ਸ਼ਿਕਾਇਤ ਦਰਜ ਕਰਵਾਉਣ ਦਿੱਲੀ ਆ ਰਿਹਾ ਹੈ। ਉਸ ਨੇ ਐਨਸੀਐਸਸੀ ਨੂੰ ਜਿਨਸੀ ਦੁਰਵਿਹਾਰ ਲਈ ਮੰਤਰੀ ਵਿਰੁੱਧ ਕਾਰਵਾਈ ਕਰਨ ਅਤੇ ਸੁਰੱਖਿਆ ਪ੍ਰਦਾਨ ਕਰਨ ਦੀ ਬੇਨਤੀ ਕੀਤੀ।