Punjab Vidhan Sabha Session: ਡੈਮ ਸੇਫਟੀ ਐਕਟ 2021' ਖ਼ਿਲਾਫ਼ ਮਤਾ ਵਿਧਾਨ ਸਭਾ 'ਚ ਪਾਸ
Published : May 5, 2025, 4:58 pm IST
Updated : May 5, 2025, 8:19 pm IST
SHARE ARTICLE
Punjab Vidhan Sabha Session: Resolution against 'Dam Safety Act 2021' passed in the Vidhan Sabha
Punjab Vidhan Sabha Session: Resolution against 'Dam Safety Act 2021' passed in the Vidhan Sabha

"ਪਾਣੀ ਉੱਤੇ ਪੰਜਾਬ ਦਾ ਹੱਕ ਹੈ ਅਤੇ ਅਸੀਂ ਪਾਣੀ ਦੀ ਇਕ ਵੀ ਬੂੰਦ ਨਹੀਂ ਦੇਵਾਂਗੇ।"

Punjab Vidhan Sabha Session::ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਮਤਾ ਪਾਸ ਕੀਤਾ ਕਿ ਪੰਜਾਬ ਦਰਿਆਈ ਪਾਣੀਆਂ ਦੀ ਵੰਡ ਬਾਰੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਕਿਸੇ ਵੀ ਫੈਸਲੇ ਨੂੰ ਨਹੀਂ ਮੰਨੇਗਾ।
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੇਸ਼ ਕੀਤੇ ਮਤੇ ’ਤੇ   ਹੋਈ ਬਹਿਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀ.ਬੀ.ਐਮ.ਬੀ. ਦਾ ਗਠਨ ਅਸਲ ਵਿੱਚ ਸਤਲੁਜ ਤੇ ਬਿਆਸ ਦੇ ਪਾਣੀਆਂ ਦੇ ਪ੍ਰਬੰਧਨ ਲਈ ਹੋਇਆ ਸੀ। ਇਹ ਦੋਵੇਂ ਦਰਿਆ ਪੰਜਾਬ ਵਿੱਚ ਵਹਿੰਦੇ ਹਨ ਜਿਸ ਕਰਕੇ ਇਨ੍ਹਾਂ ਪਾਣੀਆਂ ’ਤੇ ਪੂਰੀ ਤਰ੍ਹਾਂ ਪੰਜਾਬ ਦਾ ਹੱਕ ਹੈ। ਹਰਿਆਣਾ ਜਾਂ ਰਾਜਸਥਾਨ ਦਾ ਇਨ੍ਹਾਂ ਨਦੀਆਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬੀ.ਬੀ.ਐਮ.ਬੀ. ਦੇ ਜ਼ਰੀਏ ਕਈ ਸਾਲਾਂ ਤੋਂ ਪੰਜਾਬ ਦਾ ਪਾਣੀ ਦੂਜੇ ਸੂਬਿਆਂ ਨੂੰ ਵੰਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਸਰਕਾਰ ਨੇ ਇਸ ਬੋਰਡ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਣਾ ਸ਼ੁਰੂ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਪੁੱਛੇ ਬਿਨਾਂ ਅੱਧੀ ਰਾਤ ਨੂੰ ਮੀਟਿੰਗਾਂ ਬੁਲਾ ਕੇ ਅਤੇ ਦੂਜੇ ਸੂਬਿਆਂ ਦੇ ਦਬਾਅ ਵਿੱਚ ਆ ਕੇ ਪੰਜਾਬ ਦਾ ਹੱਕ ਖੋਹਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਭਾਰਤੀ ਜਨਤਾ ਪਾਰਟੀ ਆਪਣੀ ਹਰਿਆਣਾ ਸਰਕਾਰ, ਕੇਂਦਰ ਸਰਕਾਰ ਅਤੇ ਬੀ.ਬੀ.ਐਮ.ਬੀ. ਰਾਹੀਂ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਢੰਗ ਨਾਲ ਬੀ.ਬੀ.ਐਮ.ਬੀ. ਦੀ ਮੀਟਿੰਗ ਬੁਲਾ ਕੇ ਪੰਜਾਬ ਦਾ ਪਾਣੀ ਧੱਕੇਸ਼ਾਹੀ ਨਾਲ ਹਰਿਆਣਾ ਨੂੰ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ 31 ਮਾਰਚ ਤੱਕ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਕਰ ਚੁੱਕਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਭਾਜਪਾ ਸਰਕਾਰ ਚਾਹੁੰਦੀ ਹੈ ਕਿ ਪੰਜਾਬ ਦੇ ਹੱਕ ਦਾ ਪਾਣੀ ਹਰਿਆਣਾ ਨੂੰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ 3 ਸਾਲਾਂ ਵਿੱਚ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਹਰ ਖੇਤ ਨੂੰ ਨਹਿਰੀ ਪਾਣੀ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਨਹਿਰਾਂ ਅਤੇ ਖਾਲਿਆਂ ਦਾ ਨੈੱਟਵਰਕ ਬਹੁਤ ਵੱਡੇ ਪੱਧਰ 'ਤੇ ਕਾਇਮ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਲ 2021 ਤੱਕ ਪੰਜਾਬ ਦੇ ਸਿਰਫ਼ 22 ਫ਼ੀਸਦ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਦਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਦੇ ਲਗਭਗ 60 ਫ਼ੀਸਦ ਖੇਤਾਂ ਤੱਕ ਨਹਿਰੀ ਪਾਣੀ ਪਹੁੰਚ ਰਿਹਾ ਹੈ, ਇਸੇ ਲਈ ਹੁਣ ਪੰਜਾਬ ਦੇ ਪਾਣੀ ਦੀ ਇਕ-ਇਕ ਬੂੰਦ ਪੰਜਾਬ ਲਈ ਬਹੁਤ ਕੀਮਤੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਹੁਣ ਆਪਣੇ ਹਿੱਸੇ ਦਾ ਪਾਣੀ ਕਿਸੇ ਹੋਰ ਸੂਬੇ ਨੂੰ ਦੇਣ ਲਈ ਨਹੀਂ ਹੈ। ਉਨ੍ਹਾਂ ਕਿਹਾ ਕਿ ਲੰਘੀ 6 ਅਪ੍ਰੈਲ ਨੂੰ ਹਰਿਆਣਾ ਨੇ ਪੰਜਾਬ ਨੂੰ ਬੇਨਤੀ ਕੀਤੀ ਸੀ ਕਿ ਉਸ ਨੂੰ ਪੀਣ ਲਈ ਪਾਣੀ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬ ਨੇ ਵੱਡਾ ਦਿਲ ਦਿਖਾਉਂਦਿਆਂ ਆਪਣੇ ਹਿੱਸੇ ਵਿੱਚੋਂ ਹਰਿਆਣਾ ਨੂੰ 4000 ਕਿਊਸਿਕ ਪਾਣੀ ਦੇ ਦਿੱਤਾ; ਕਿਉਂਕਿ ਸਾਡੇ ਮਹਾਨ ਗੁਰੂ ਸਾਹਿਬਾਨ ਨੇ ਸਾਨੂੰ ਸਿਖਾਇਆ ਹੈ ਕਿ ਕਿਸੇ ਵੀ ਪਿਆਸੇ ਨੂੰ ਪਾਣੀ ਦੇਣਾ ਬਹੁਤ ਵੱਡੇ ਪੁੰਨ ਦਾ ਕੰਮ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੀ ਆਬਾਦੀ 3 ਕਰੋੜ ਹੈ ਅਤੇ 3 ਕਰੋੜ ਲੋਕਾਂ ਨੂੰ ਪੀਣ ਲਈ ਅਤੇ ਸਾਰੀਆਂ ਮਨੁੱਖੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਿਰਫ 1700 ਕਿਊਸਿਕ ਪਾਣੀ ਦੀ ਲੋੜ ਹੈ, ਪਰ ਹਰਿਆਣਾ ਨੇ ਸਾਡੇ ਤੋਂ 4000 ਕਿਊਸਿਕ ਦੀ ਮੰਗ ਕੀਤੀ ਅਤੇ ਅਸੀਂ ਮਨੁੱਖਤਾ ਦੇ ਨਾਤੇ ਉਨ੍ਹਾਂ ਨੂੰ ਦੇ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਹਰਿਆਣਾ ਕਹਿ ਰਿਹਾ ਹੈ ਕਿ ਉਸ ਨੂੰ 8500 ਕਿਊਸਿਕ ਪਾਣੀ ਚਾਹੀਦਾ ਹੈ। ਪੰਜਾਬ ਕੋਲ ਇਸ ਮੰਗ ਨੂੰ ਪੂਰਾ ਕਰਨ ਲਈ ਹੋਰ ਵਾਧੂ ਪਾਣੀ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਧੱਕੇ ਨਾਲ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਢੰਗ ਰਾਹੀਂ ਬੀ.ਬੀ.ਐਮ.ਬੀ. ਦੀ ਮੀਟਿੰਗ ਬੁਲਾਈ ਅਤੇ ਇਕ ਮਤਾ ਪਾਸ ਕੀਤਾ ਕਿ ਪੰਜਾਬ ਨੂੰ ਆਪਣੇ ਹਿੱਸੇ ਦੇ ਪਾਣੀ ਵਿੱਚੋਂ ਹਰਿਆਣਾ ਨੂੰ ਪਾਣੀ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਇਹ ਸਦਨ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਸਪੱਸ਼ਟ ਤੌਰ ’ਤੇ ਦ੍ਰਿੜ੍ਹਤਾ ਨਾਲ ਇਹ ਐਲਾਨ ਕਰਦਾ ਹੈ ਕਿ ਪੰਜਾਬ ਸਰਕਾਰ ਆਪਣੇ ਹਿੱਸੇ ਵਿੱਚੋਂ ਹਰਿਆਣਾ ਨੂੰ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਸਿਰਫ਼ ਪੀਣ ਲਈ ਜੋ ਪਾਣੀ ਦਿੱਤਾ ਜਾ ਰਿਹਾ ਹੈ, ਉਹ ਹੀ ਦਿੱਤਾ ਜਾਵੇਗਾ, ਇਸ ਤੋਂ ਇਲਾਵਾ ਵਾਧੂ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਦਨ ਭਾਰਤੀ ਜਨਤਾ ਪਾਰਟੀ ਦੁਆਰਾ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਤਰੀਕੇ ਨਾਲ ਬੀ.ਬੀ.ਐਮ.ਬੀ. ਦੀ ਮੀਟਿੰਗ ਬੁਲਾਏ ਜਾਣ ਦੀ ਸਖ਼ਤ ਨਿੰਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਭਾਖੜਾ-ਬਿਆਸ ਪ੍ਰਬੰਧਕੀ ਬੋਰਡ ਨੂੰ ਨਹੀਂ ਮੰਨੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹੁਣ ਬੀ.ਬੀ.ਐਮ.ਬੀ. ਦੇ ਪਾਣੀ ਨਾਲ ਜੁੜੇ ਕਿਸੇ ਵੀ ਫੈਸਲੇ ਨੂੰ ਨਹੀਂ ਮੰਨੇਗਾ ਅਤੇ ਸਤਲੁਜ ਤੇ ਬਿਆਸ ਨਦੀਆਂ ਦਾ ਪਾਣੀ ਸਿਰਫ ਤੇ ਸਿਰਫ ਪੰਜਾਬ ਦਾ ਹੈ ਅਤੇ ਅਸੀਂ ਹੁਣ ਇਸ ਪਾਣੀ ਦੀ ਪੂਰੀ ਵਰਤੋਂ ਕਰਾਂਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਬਣਦੇ ਹਿੱਸੇ ਦੇ ਪਾਣੀ ਦੀ ਰਾਖੀ ਲਈ ਹਰ ਕਾਨੂੰਨੀ ਤੇ ਸੰਵਿਧਾਨਕ ਕਦਮ ਚੁੱਕੇਗੀ। ਉਨ੍ਹਾਂ ਕਿਹਾ ਕਿ ਸਦਨ ਇਹ ਪ੍ਰਸਤਾਵ ਪੰਜਾਬ ਦੇ ਹੱਕ, ਪੰਜਾਬ ਦੀ ਮਿੱਟੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਦੀ ਰਾਖੀ ਲਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਤਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਦੀ ਸੁਰੱਖਿਆ ਕਰਾਂਗੇ।
ਮੁੱਖ ਮੰਤਰੀ ਨੇ ਕਿਹਾ ਕਿ ਹਰੀ ਕ੍ਰਾਂਤੀ ਸੂਬੇ ਲਈ ਬਹੁਤ ਮਹਿੰਗੀ ਸਾਬਤ ਹੋਈ ਹੈ ਕਿਉਂਕਿ ਧਰਤੀ ਹੇਠਲੇ ਪਾਣੀ ਦੀ ਵੱਧ ਵਰਤੋਂ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਖਾਲਿਆਂ ਤੇ ਕੱਸੀਆਂ ਨੂੰ ਬਹਾਲ ਕੀਤਾ ਜਿਸ ਨਾਲ ਸੂਬੇ ਵਿੱਚ ਟੇਲਾਂ ਉਤੇ ਪਾਣੀ ਪਹੁੰਚ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਪਾਣੀ ਦਾ 80 ਫੀਸਦੀ ਨਹਿਰੀ ਪਾਣੀ ਵਰਤ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਪਿੰਡਾਂ ਰਾਹੀਂ ਨਹਿਰਾਂ ਤਾਂ ਗੁਜ਼ਰਦੀਆਂ ਸਨ ਪਰ ਕਦੇ ਇਨ੍ਹਾਂ ਪਿੰਡਾਂ ਨੂੰ ਪਾਣੀ ਨਹੀਂ ਮਿਲਿਆ ਪਰ ਉਨ੍ਹਾਂ ਦੀ ਸਰਕਾਰ ਸੂਬੇ ਦੇ ਹਰ ਹਿੱਸੇ ਵਿੱਚ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਮਸਲਿਆਂ ਦੀ ਕਦੇ ਪ੍ਰਵਾਹ ਨਹੀਂ ਕੀਤੀ ਕਿਉਂਕਿ ਆਮ ਆਦਮੀ ਅਤੇ ਸੂਬੇ ਪ੍ਰਤੀ ਇਨ੍ਹਾਂ ਦਾ ਰਵੱਈਆ ਨਾਂਹ ਪੱਖੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੱਡੇ ਮਹਿਲਾਂ ਅਤੇ ਘਰਾਂ ਵਿੱਚ ਰਹਿਣ ਵਾਲੇ ਲੀਡਰਾਂ ਨੂੰ ਆਮ ਲੋਕਾਂ ਦੇ ਮਸਲਿਆਂ ਨਾਲ ਕੋਈ ਸਰੋਕਾਰ ਨਹੀਂ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਾਣੀ ਦੀ ਸਥਿਤੀ ਬਹੁਤ ਨਾਜ਼ੁਕ ਹੈ ਅਤੇ ਬੀਤੇ ਸਾਲ ਦੇ ਮੁਕਾਬਲੇ ਇਸ ਸਾਲ ਡੈਮਾਂ ਵਿੱਚ 55 ਫੁੱਟ ਪਾਣੀ ਘੱਟ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਮਾਰਚ ਵਿੱਚ ਹੀ ਆਪਣੇ ਹਿੱਸੇ ਦਾ ਪਾਣੀ ਵਰਤ ਲਿਆ ਸੀ ਜਿਸ ਤੋਂ ਬਾਅਦ ਪੰਜਾਬ ਨੇ ਹਰਿਆਣਾ ਨੂੰ ਛੇ ਪੱਤਰ ਲਿਖ ਕੇ ਅਗਾਊਂ ਹੀ ਸੁਚੇਤ ਕਰ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਨੂੰ ਮਾਨਵਤਾ ਦੇ ਆਧਾਰ ਉਤੇ 4000 ਕਿਊਸਿਕ ਪਾਣੀ ਦਿੱਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ, ਅਕਾਲੀ ਅਤੇ ਭਾਜਪਾ ਦੇ ਹੱਥ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੇ ਆਪਣੇ ਨਿੱਜੀ ਮੁਫਾਦ ਲਈ ਪਾਣੀਆਂ ਦੇ ਹੱਕ ਨੂੰ ਦਰਕਿਨਾਰ ਕਰਕੇ ਪੰਜਾਬ ਨਾਲ ਗੱਦਾਰੀ ਕੀਤੀ। ਹਰੇਕ 25 ਸਾਲ ਬਾਅਦ ਪਾਣੀਆਂ ਦਾ ਮੁਲਾਂਕਣ ਕਰਨ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਯਮੁਨਾ ਸਤਲੁਜ ਲਿੰਕ ਨਹਿਰ (ਵਾਈ.ਐਸ.ਐਲ.) ਦੀ ਲੋੜ ਹੈ ਕਿਉਂਕਿ ਹਰਿਆਣਾ ਦੇ ਪਾਣੀਆਂ ਵਿੱਚ ਪੰਜਾਬ ਦਾ ਵੀ ਹਿੱਸਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਹਿੱਤ ਸਭ ਤੋਂ ਵੱਧ ਪਿਆਰੇ ਹਨ ਅਤੇ ਇਸ ਦੀ ਖਾਤਰ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਭਗਵਾਂ ਪਾਰਟੀ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਘਟੀਆ ਰਾਜਨੀਤੀ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੀ ਪੰਜਾਬ ਵਿਰੋਧੀ ਮਾਨਸਿਕਤਾ ਹੈ ਅਤੇ ਜੇਕਰ ਉਨ੍ਹਾਂ ਦਾ ਵੱਸ ਚੱਲੇ ਤਾਂ ਉਹ ਕੌਮੀ ਗੀਤ ਵਿੱਚੋਂ ਪੰਜਾਬ ਸ਼ਬਦ ਹੀ ਹਟਾ ਦੇਣਗੇ।
ਡੈਮ ਸੇਫਟੀ ਐਕਟ ਨੂੰ ਮੁੱਢੋਂ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਅਤੇ ਇਸ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੰਸਦ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਇਸ ਦਾ ਸਖ਼ਤ ਵਿਰੋਧ ਕੀਤਾ ਸੀ। ਉਨ੍ਹਾਂ ਯਾਦ ਦਿਵਾਇਆ ਕਿ ਪੰਜਾਬ, ਦੇਸ਼ ਵਿੱਚ ਡੈਮਾਂ ਦੀ ਸੁਰੱਖਿਆ ਲਈ ਜਾਣਿਆ ਜਾਂਦਾ ਹੈ ਅਤੇ ਸਾਨੂੰ ਆਪਣੇ ਡੈਮਾਂ ਦੀ ਰਾਖੀ ਲਈ ਕਿਸੇ ਹੋਰ ਦੀ ਲੋੜ ਨਹੀਂ ਹੈ।

ਮੁੱਖ ਮੰਤਰੀ ਨੇ ਪਾਰਟੀ ਲਾਈਨ ਤੋਂ ਉਪਰ ਉੱਠ ਕੇ ਸਰਬ ਪਾਰਟੀ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸੂਬੇ ਨਾਲ ਸਬੰਧਤ ਮਹੱਤਵਪੂਰਨ ਮਾਮਲਾ ਸੀ ਅਤੇ ਵਿਚਾਰਧਾਰਕ ਮਤਭੇਦਾਂ ਦੇ ਬਾਵਜੂਦ ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਸੂਬੇ ਦੇ ਹੱਕਾਂ ਦੀ ਇਸ ਲੜਾਈ ਵਿੱਚ ਉਨ੍ਹਾਂ ਦਾ ਸਮਰਥਨ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਸਿਆਸੀ ਆਗੂ ਇੱਕ ਪਲੇਟਫਾਰਮ 'ਤੇ ਇਕੱਠੇ ਹੋਏ ਅਤੇ ਦੇਸ਼ ਨੂੰ ਸਖ਼ਤ ਤੇ ਇਕਜੁਟ ਸੰਦੇਸ਼ ਦਿੱਤਾ, ਜੋ ਅੱਜ ਸਮੇਂ ਦੀ ਲੋੜ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement