
ਦੋ ਵੱਖ-ਵੱਖ ਸਥਾਨਾਂ ’ਤੇ ਨਾਕਾਬੰਦੀ ਦੌਰਾਨ ਬਰਾਮਦ ਹੋਈ 32 ਕਰੋੜ ਦੀ ਹੈਰੋਇਨ
ਫਿਰੋਜ਼ਪੁਰ: ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ਼.) ਫਿਰੋਜ਼ਪੁਰ ਰੇਂਜ ਤੇ ਥਾਣਾ ਫਿਰੋਜ਼ਪੁਰ ਛਾਉਣੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਦੋ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ 265 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਗੁਰਲਾਲ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਟਾਸਕ ਫੋਰਸ ਫਿਰੋਜ਼ਪੁਰ ਰੇਂਜ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ਾਮ ਸਿੰਘ ਪੁੱਤਰ ਪਿਆਰਾ ਸਿੰਘ ਨਾਂਅ ਦਾ ਵਿਅਕਤੀ ਨਸ਼ਾ ਕਰਨ ਤੇ ਵੇਚਣ ਦਾ ਆਦੀ ਹੈ।
Heroin
ਉਹ ਇੱਥੋਂ ਦੇ ਆਲੇ-ਦੁਆਲੇ ਦੇ ਪਿੰਡਾਂ ’ਚ ਹੈਰੋਇਨ ਸਪਲਾਈ ਕਰਦਾ ਹੈ ਤੇ ਉਹ ਪਿੰਡ ਭੰਬਾ ਹਾਜੀ ਦੇ ਇਲਾਕੇ ਵਿਚ ਹੈਰੋਇਨ ਵੇਚਣ ਆ ਰਿਹਾ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਦੇਰ ਸ਼ਾਮ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਸੂਏ ਦੇ ਪੁਲ ’ਤੇ ਨਾਕਾਬੰਦੀ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ, ਤਲਾਸ਼ੀ ਲੈਣ ’ਤੇ ਉਸ ਕੋਲੋਂ 250 ਗ੍ਰਾਮ ਹੈਰੋਇਨ ਬਰਾਮਦ ਹੋਈ।
ਦੂਜੇ ਪਾਸੇ ਥਾਣਾ ਫਿਰੋਜ਼ਪੁਰ ਛਾਉਣੀ ਦੀ ਪੁਲਿਸ ਨੇ ਐਸ.ਐਚ.ਓ. ਇੰਸਪੈਕਟਰ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਫਿਰੋਜ਼ਪੁਰ ਛਾਉਣੀ ਦੇ ਪਿੱਛੇ ਕੱਚੇ ਰਸਤੇ ’ਤੇ ਸ਼ੱਕੀ ਵਿਅਕਤੀਆਂ ਦੀ ਨਾਕਾਬੰਦੀ ਦੌਰਾਨ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪਲਸਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਹੇ ਸੁਰਿੰਦਰ ਸਿੰਘ ਉਰਫ਼ ਛਿੰਦਾ ਪੁੱਤਰ ਕੁਲਬੀਰ ਸਿੰਘ ਨੂੰ ਰੋਕਿਆ। ਸ਼ੱਕ ਹੋਣ ’ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ।
Arrest
ਦੋਵਾਂ ਮਾਮਲਿਆਂ ਵਿਚ ਕੁੱਲ 265 ਗ੍ਰਾਮ ਹੈਰੋਇਨ ਬਰਾਮਦ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ ਕਰੀਬ 32 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਕਾਬੂ ਕੀਤੇ ਦੋਵਾਂ ਵਿਅਕਤੀਆਂ ਵਿਰੁਧ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਤੋਂ ਪੁੱਛਗਿੱਛ ਕਰਨੀ ਸ਼ੁਰੂ ਕਰ ਦਿਤੀ ਹੈ। ਪੁਲਿਸ ਨੇ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਜਤਾਈ ਹੈ।