ਮੁੱਖ ਮੰਤਰੀ ਮਾਨ ਵਲੋਂ ਸੂਬੇ ਵਿਚ ਪਾਣੀ ਅਤੇ ਵਾਤਾਵਰਨ ਸੰਭਾਲ ਲਈ ਵਿਆਪਕ ਲੋਕ ਲਹਿਰ ਵਿੱਢਣ ਦਾ ਸੱਦਾ

By : GAGANDEEP

Published : Jun 5, 2023, 7:07 pm IST
Updated : Jun 5, 2023, 7:07 pm IST
SHARE ARTICLE
photo
photo

ਵਾਤਾਵਰਨ ਅਤੇ ਲੋਕਾਂ ਨਾਲ ਸਬੰਧਤ ਮਸਲਿਆਂ ਨੂੰ ਅੱਖੋਂ-ਪਰੋਖੇ ਕਰਨ ਲਈ ਪਿਛਲੀਆਂ ਸੂਬਾ ਸਰਕਾਰਾਂ ਨੂੰ ਘੇਰਿਆ

ਮੁਹਾਲੀ: ਸੂਬੇ ਵਿਚ ਆਉਣ ਵਾਲੀਆਂ ਨਸਲਾਂ ਨੂੰ ਚਿਰ ਸਥਾਈ ਤੇ ਸਵੱਛ ਵਾਤਾਵਰਨ ਮੁਹੱਈਆ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਵਿੱਚ ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿਤਾ। ਮੁੱਖ ਮੰਤਰੀ ਨੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਘਟ ਰਹੇ ਪੱਧਰ ਅਤੇ ਪਲੀਤ ਹੋ ਰਹੇ ਵਾਤਾਵਰਣ ‘ਤੇ ਡੂੰਘੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਪਾਣੀ ਵਰਗੇ ਅਨਮੋਲ ਤੇ ਦੁਰਲੱਭ ਕੁਦਰਤੀ ਸੋਮੇ ਨੂੰ ਬਚਾਉਣ ਲਈ ਫੌਰੀ ਤੇ ਢੁਕਵੇਂ ਕਦਮ ਚੁੱਕਣਾ ਪੰਜਾਬ ਦੀ ਤਰਜੀਹੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕਾਰਜ ਮਹਿਜ਼ ਸਰਕਾਰ ਦੇ ਯਤਨਾਂ ਨਾਲ ਸੰਭਵ ਨਹੀਂ ਹੋ ਸਕਦਾ, ਸਗੋਂ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨ ਲਈ ਇਕ ਜ਼ੋਰਦਾਰ ਜਨ ਜਾਗਰੂਕਤਾ ਮੁਹਿੰਮ ਚਲਾ ਕੇ ਲੋਕਾਂ ਦੀ ਭਾਗੀਦਾਰੀ ਵੀ ਲਾਜ਼ਮੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਵਾਤਾਵਰਨ ਦੀ ਸੰਭਾਲ ਲਈ ਸਾਡੀ ਰਾਹਵਿਖਾਲੀ ਕੀਤੀ ਹੈ। ਉਨ੍ਹਾਂ ਗੁਰਬਾਣੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦੀ ਤੁਕ ਦੱਸਦੀ ਹੈ ਕਿ ਕਿਵੇਂ ਸਾਡੇ ਮਹਾਨ ਗੁਰੂਆਂ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ  ਨੂੰ ਪਿਤਾ ਨਾਲ ਅਤੇ ਧਰਤ ਨੂੰ ਮਾਤਾ ਨਾਲ ਤਸ਼ਬੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬੜੀ ਮੰਦਭਾਗੀ ਗੱਲ ਹੈ ਕਿ ਅਸੀਂ ਮਹਾਨ ਗੁਰੂਆਂ ਦੀ ਬਾਣੀ ਦਾ ਸਤਿਕਾਰ ਨਹੀਂ ਕੀਤਾ ਕਿਉਂਕਿ ਅਸੀਂ ਇਨ੍ਹਾਂ ਤਿੰਨਾਂ ਅਨਮੋਲ ਦਾਤਾਂ ਨੂੰ ਪਲੀਤ ਕਰ ਦਿਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੀ ਸ਼ਾਨ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਇੰਨ-ਬਿੰਨ ਅਪਣਾਉਣਾ ਚਾਹੀਦਾ ਹੈ। ਵਾਤਾਵਰਨ ਦੇ ਮਸਲਿਆਂ ਨੂੰ ਅੱਖੋਂ-ਪਰੋਖੇ ਕਰਨ ਲਈ ਵਿਰੋਧੀ ਪਾਰਟੀਆਂ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਪਾਣੀ, ਹਵਾ ਅਤੇ ਧਰਤੀ ਦੀ ਕੋਈ ਵੋਟ ਨਹੀਂ ਹੈ, ਇਸ ਲਈ ਇਨ੍ਹਾਂ ਆਗੂਆਂ ਨੇ ਇਨ੍ਹਾਂ ਨੂੰ ਨਜ਼ਰਅੰਦਾਜ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਾਰਨ ਇਨ੍ਹਾਂ ਕੁਦਰਤੀ ਸੋਮਿਆਂ ਦਾ ਵੱਡੇ ਪੱਧਰ ‘ਤੇ ਪ੍ਰਦੂਸ਼ਣ ਅਤੇ ਨਿਘਾਰ ਹੋ ਰਿਹਾ ਹੈ, ਜਿਸ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਸਹਿਣਾ ਪੈ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਵਾਤਾਵਰਨ ਨੂੰ ਬਚਾਉਣ ਲਈ ਕਈ ਕਦਮ ਚੁੱਕੇ ਗਏ ਹਨ।

ਤੇਜ਼ੀ ਨਾਲ ਘਟਦੇ ਜਾ ਰਹੇ ਪਾਣੀ ਦੇ ਪੱਧਰ ਤੋਂ ਬਾਅਦ ਪੈਦਾ ਹੋਈ ਪਲੀਤ ਹੋ ਰਹੇ ਪਾਣੀ ਦੀ ਗੰਭੀਰ ਸਥਿਤੀ  ‘ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਧਰਤੀ ਹੇਠਲੇ ਪਾਣੀ ਦਾ ਸਬੰਧ ਹੈ, ਸੂਬੇ ਦੇ ਲਗਭਗ ਸਾਰੇ ਬਲਾਕ ਡਾਰਕ ਜ਼ੋਨ ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀ ਸਥਿਤੀ ਤਾਂ ਪੈਦਾ ਹੋਈ ਕਿਉਂਕਿ ਅਸੀਂ ਧਰਤੀ ਹੇਠਲੇ ਪਾਣੀ ਨੂੰ ਖੇਤਾਂ ਵਿੱਚ ਸਿੰਚਾਈ ਲਈ ਬੜੇ ਗ਼ੈਰ-ਜਿੰਮੇਵਾਰਨਾ ਢੰਗ  ਨਾਲ ਵਰਤਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਲਾਪ੍ਰਵਾਹੀ ਦੇ ਇਸ ਰੁਝਾਨ ਨੂੰ ਤੁਰੰਤ ਰੋਕਣ ਦੀ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਨਸਲਾਂ ਨੂੰ ਪਾਣੀ ਲਈ ਜੂਝਣਾ ਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਅਤੇ ਸੁਚੱਜੀ ਵਰਤੋਂ ਲਈ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਆਪਣੇ ਨਹਿਰੀ ਪਾਣੀ ਦਾ ਸਿਰਫ 33-34 ਫੀਸਦੀ ਹੀ ਵਰਤ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਜੇਕਰ ਪੰਜਾਬ ਪਹਿਲੇ ਪੜਾਅ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ 60 ਫੀਸਦ ਤੱਕ ਵਧਾ ਲੈਂਦਾ ਹੈ ਤਾਂ ਕੁੱਲ 14 ਲੱਖ ਟਿਊਬਵੈਲਾਂ ਵਿੱਚੋਂ ਲਗਭਗ ਚਾਰ ਲੱਖ ਟਿਊਬਵੈੱਲ ਬੰਦ ਹੋ ਸਕਦੇ ਹਨ, ਜਿਸ ਨਾਲ ਵੱਡੀ ਮਾਤਰਾ ਵਿੱਚ ਪਾਣੀ ਦੀ ਬੱਚਤ ਕਰਨ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਪਾਣੀ ਦੀ ਸੰਭਾਲ ਲਈ ਤੇਲੰਗਾਨਾ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਮਾਡਲ ਹੈ ਜਿਸ ਦੀ ਮੰਤਵ ਧਰਤੀ ਹੇਠਲੇ ਪਾਣੀ ਨੂੰ ਸੰਪੂਰਨ ਰੂਪ ਵਿੱਚ ਰੀਚਾਰਜ ਕਰਨਾ ਹੈ। ਉਨ੍ਹਾਂ ਕਿਹਾ ਕਿ ਤੇਲੰਗਾਨਾ ਸਰਕਾਰ ਨੇ ਸੂਬੇ ਭਰ ਵਿੱਚ ਧਰਤੀ ਹੇਠਲੇ ਪਾਣੀ ਦੀ ਸੁਚੱਜੀ ਸੰਭਾਲ ਲਈ ਪਿੰਡਾਂ ਵਿੱਚ ਛੋਟੇ-ਛੋਟੇ ਡੈਮ ਬਣਾਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਪਿੰਡਾਂ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਚਾਰ ਮੀਟਰ ਤੱਕ ਵੱਧ ਗਿਆ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਨਾਲੇਜ ਸਿਟੀ ਵਿੱਚ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ (ਪੀ.ਬੀ.ਟੀ.ਆਈ.) ਨੂੰ ਵਿਸ਼ਵ ਪੱਧਰੀ ਉਪਕਰਨਾਂ ਵਾਲੀ ਨਵੀਂ ਬਣੀ ਅਤਿ-ਆਧੁਨਿਕ ਇਮਾਰਤ ਲੋਕਾਂ ਨੂੰ ਸਮਰਪਿਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਵਿਲੱਖਣ ਸਹੂਲਤ ਦੀ ਵਰਤੋਂ ਭੋਜਨ, ਖੇਤੀ, ਪਾਣੀ, ਵਾਤਾਵਰਨ ਅਤੇ ਸਿਹਤ ਖੇਤਰਾਂ ਵਿੱਚ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ, ਭਾਰੀ ਧਾਤਾਂ, ਖੁਰਾਕੀ ਪਦਾਰਥਾਂ/ਮਿਲਾਵਟ ਆਦਿ ਦੀ ਜਾਂਚ ਲਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੀ.ਬੀ.ਟੀ.ਆਈ. ਵੱਲੋਂ ਤਿਆਰ ਕੀਤੇ ਭੋਜਨ ਅਤੇ ਪਾਣੀ ਦੇ ਨਮੂਨਿਆਂ ਦੀ ਜਾਂਚ ਕਰਨ ਵਾਲੀ ਮੋਬਾਈਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ।

ਇਸ ਤੋਂ ਇਲਾਵਾ, ਮੁੱਖ ਮੰਤਰੀ ਵੱਲੋਂ ਵਾਤਾਵਰਣ ਸੰਭਾਲ ਦੇ ਵੱਖ-ਵੱਖ ਕਾਰਜਾਂ ਲਈ 50 ਕਰੋੜ ਰੁਪਏ ਦੀ ਰਾਸ਼ੀ ਵੀ ਅਲਾਟ ਕੀਤੀ ਗਈ ਹੈ ਜਿਸ ਤਹਿਤ ਸਥਾਨਕ ਸਰਕਾਰਾਂ ਵਿਭਾਗ (45.45 ਕਰੋੜ ਰੁਪਏ), ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ (3.92 ਕਰੋੜ ਰੁਪਏ) ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਿਭਾਗ (63 ਲੱਖ ਰੁਪਏ) ਨੂੰ ਇਹ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿਖੇ ਇਲੈਕਟ੍ਰਾਨਿਕ ਗੈਲਰੀ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀਐਸਸੀਐਸਟੀ) ਦੀ ਤਕਨੀਕੀ ਅਤੇ ਵਿੱਤੀ ਸਹਾਇਤਾ ਨਾਲ ਤਿਆਰ ਕੀਤੇ ਝੋਨੇ ਦੀ ਪਰਾਲੀ ਆਧਾਰਿਤ ਪੈਲੇਟਾਈਜ਼ੇਸ਼ਨ ਯੂਨਿਟ (ਪਟਿਆਲਾ) ਦਾ ਵੀ ਉਦਘਾਟਨ ਕੀਤਾ।

ਇਸ ਦੌਰਾਨ ਮੁੱਖ ਮੰਤਰੀ ਨੇ ਅੱਜ ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਲਾਨਾ ਵਾਤਾਵਰਨ ਪੁਰਸਕਾਰ ਦੇ ਪਹਿਲੇ ਐਡੀਸ਼ਨ ਵਿੱਚ ਚਾਰ ਸੰਸਥਾਵਾਂ ਨੂੰ ਸਨਮਾਨਿਤ ਕੀਤਾ, ਜਿਸ ਤਹਿਤ "ਗ੍ਰਾਮ ਪੰਚਾਇਤ" ਦੀ ਸ਼੍ਰੇਣੀ ਵਿੱਚ ਗ੍ਰਾਮ ਪੰਚਾਇਤ, ਪਿੰਡ ਬੱਲੋ, ਜ਼ਿਲ੍ਹਾ ਬਠਿੰਡਾ, "ਸੰਸਥਾ" ਦੀ ਸ਼੍ਰੇਣੀ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, "ਉਦਯੋਗ" ਦੀ ਸ਼੍ਰੇਣੀ ਵਿੱਚ ਆਈ.ਟੀ.ਸੀ. ਲਿਮਟਿਡ (ਫੂਡ ਡਿਵੀਜ਼ਨ), ਕਪੂਰਥਲਾ ਅਤੇ "ਐਨ.ਜੀ.ਓ./ਸਮਾਜਿਕ ਸੰਗਠਨ" ਦੀ ਸ਼੍ਰੇਣੀ ਵਿੱਚ ਖੇਤ ਵਿਰਾਸਤ ਮਿਸ਼ਨ, ਜੈਤੋ, ਜ਼ਿਲ੍ਹਾ ਫਰੀਦਕੋਟ ਸ਼ਾਮਲ ਹਨ।

ਇਸ ਪੁਰਸਕਾਰ ਵਿੱਚ ਹਰੇਕ ਜੇਤੂ ਸੰਸਥਾ ਨੂੰ ਇਕ ਲੱਖ ਰੁਪਏ ਦਾ ਨਕਦ ਇਨਾਮ, ਪ੍ਰਸੰਸਾ ਪੱਤਰ ਅਤੇ ਸਿਲਵਰ ਪਲੇਟ ਮੋਮੈਂਟੋ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਘੱਟ ਲਾਗਤ ਵਾਲੀਆਂ ਸਵਦੇਸ਼ੀ ਤਕਨੀਕਾਂ ਅਤੇ ਪ੍ਰਕਿਰਿਆਵਾਂ ਦੇ ਵਿਕਾਸ ਵਿੱਚ ਸ਼ਾਮਲ ਛੇ ਜ਼ਮੀਨੀ ਪੱਧਰ ਦੇ ਇਨੋਵੇਟਰਾਂ ਨੂੰ ਵੀ ਉਨ੍ਹਾਂ ਦੀ ਉਸਾਰੂ ਸੋਚ ਅਤੇ ਤਕਨੀਕੀ ਜਾਣਕਾਰੀ ਲਈ ਸਨਮਾਨਿਤ ਕੀਤਾ।

ਮੁੱਖ ਮੰਤਰੀ ਨੇ ਪੀਬੀਟੀਆਈ ਦੀ ਇੰਟਰਨਸ਼ਿਪ ਸਕੀਮ ਤਹਿਤ ਨਵੀਨਤਮ ਉੱਚ ਤਕਨੀਕਾਂ ਅਤੇ ਉਪਕਰਨ ਸਹੂਲਤਾਂ ਵਿੱਚ ਲਾਈਫ਼ ਸਾਇੰਸ ਸਟਰੀਮ ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਅਤੇ ਪੀਬੀਟੀਆਈ ਦੀ ਇਨਕਿਊਬੇਸ਼ਨ ਸਕੀਮ ਤਹਿਤ ਲਾਈਫ਼ ਸਾਇੰਸ, ਬਾਇਓਟੈਕਨਾਲੋਜੀ ਅਤੇ ਸਹਾਇਕ ਖੇਤਰਾਂ ਵਿੱਚ ਸਟਾਰਟਅੱਪ ਈਕੋਸਿਸਟਮ ਨੂੰ ਹੁਲਾਰਾ ਦੇਣ ਲਈ ਅਲਾਟਮੈਂਟ ਪੱਤਰ ਵੀ ਵੰਡੇ ਤਾਂ ਜੋ ਉਨ੍ਹਾਂ ਦੇ ਵਿਚਾਰਾਂ ਨੂੰ ਵਪਾਰਕ ਤੌਰ 'ਤੇ ਵਿਵਹਾਰਕ ਹੱਲਾਂ ਵਿੱਚ ਤਬਦੀਲ ਕੀਤਾ ਜਾ ਸਕੇ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ ਤੇ ਹੋਰ ਵੀ ਹਾਜ਼ਰ ਸਨ।    

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement