
ਕੋਵਿਡ -19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਦਾਖ਼ਲ ਹੋਣ ਵਾਲੇ ਸਾਰੇ ਵਿਅਕਤੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।
ਚੰਡੀਗੜ੍ਹ: ਕੋਵਿਡ -19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਦਾਖ਼ਲ ਹੋਣ ਵਾਲੇ ਸਾਰੇ ਵਿਅਕਤੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਹ ਐਡਵਾਇਜ਼ਰੀ 7-7-2020 ਤੋਂ ਲਾਗੂ ਹੋਵੇਗੀ।
ਐਡਵਾਇਜ਼ਰੀ ਵਿਚ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਚਾਹੇ ਕੋਈ ਵੱਡਾ ਜਾਂ ਨਾਬਾਲਗ ਜੋ ਆਵਾਜਾਈ ਦੇ ਕਿਸੇ ਵੀ ਢੰਗ ਭਾਵ ਸੜਕ, ਰੇਲ ਜਾਂ ਹਵਾਈ ਯਾਤਰਾ ਜ਼ਰੀਏ ਪੰਜਾਬ ਆ ਰਿਹਾ ਹੈ, ਦੀ ਪੰਜਾਬ ਵਿਚ ਦਾਖ਼ਲ ਹੋਣ ਸਮੇਂ ਡਾਕਟਰੀ ਜਾਂਚ ਕੀਤੀ ਜਾਵੇਗੀ ਅਤੇ ਅਜਿਹੇ ਵਿਅਕਤੀ ਨੂੰ ਪੰਜਾਬ ਲਈ ਅਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਹੇਠ ਦਿਤੇ ਕਿਸੇ ਵੀ ਢੰਗ ਤਰੀਕੇ ਰਾਹੀਂ ਖ਼ੁਦ ਨੂੰ ਈ-ਰਜਿਸਟਰ ਕਰਨਾ ਹੋਵੇਗਾ।
Corona virus
ਜੇ ਵਿਅਕਤੀ ਸੜਕੀ ਯਾਤਰਾ ਰਾਹੀਂ ਅਪਣੇ ਨਿਜੀ ਵਾਹਨ 'ਤੇ ਆ ਰਿਹਾ ਹੈ ਤਾਂ ਉਸ ਨੂੰ ਅਪਣੇ ਮੋਬਾਈਲ ਫ਼ੋਨ 'ਤੇ ਕੋਵਾ ਐਪ ਡਾਊਨਲੋਡ ਕਰਨੀ ਹੋਵੇਗੀ ਅਤੇ ਅਪਣੇ ਸਮੇਤ ਯਾਤਰਾ ਦੌਰਾਨ ਉਸ ਨਾਲ ਮੌਜੂਦ ਪਰਿਵਾਰ ਦੇ ਹਰੇਕ ਮੈਂਬਰ ਨੂੰ ਰਜਿਸਟਰ ਕਰਨਾ ਹੋਵੇਗਾ ਅਤੇ ਈ-ਰਜਿਸਟ੍ਰੇਸ਼ਨ ਸਲਿਪ ਡਾਊਨਲੋਡ ਕਰ ਕੇ ਅਪਣੇ ਵਾਹਨ ਦੇ ਅੱਗੇ ਵਾਲੇ ਸ਼ੀਸ਼ੇ 'ਤੇ ਲਗਾਉਣੀ ਹੋਵੇਗੀ।
Corona virus
ਜੇ ਵਿਅਕਤੀ ਜਨਤਕ ਆਵਾਜਾਈ ਜਾਂ ਰੇਲ/ਹਵਾਈ ਯਾਤਰਾ ਰਾਹੀਂ ਆ ਰਿਹਾ ਹੈ ਤਾਂ ਉਸ ਨੂੰ ਮੋਬਾਇਲ 'ਤੇ ਇਹ ਸਲਿੱਪ ਅਪਣੇ ਕੋਲ ਰੱਖਣੀ ਹੋਵੇਗੀ ਜਾਂ https://cova.punjab.gov.in/registration ਪੋਰਟਲ 'ਤੇ ਲਾਗਇਨ ਕਰ ਕੇ ਯਾਤਰਾ ਦੌਰਾਨ ਅਪਣੇ ਨਾਲ ਮੌਜੂਦ ਸਾਰੇ ਪਰਵਾਰਕ ਮੈਂਬਰਾਂ ਸਮੇਤ ਖ਼ੁਦ ਦੀ ਈ-ਰਜਿਸਟ੍ਰੇਸ਼ਨ ਕਰਨੀ ਹੋਵੇਗੀ ਅਤੇ ਉਪਰੋਕਤ ਪੈਰਾ (3.1) ਵਿਚ ਦਿੱਤੀ ਪ੍ਰਕਿਰਿਆ ਦੀ ਪਾਲਣਾ ਕਰਨੀ ਹੋਵੇਗੀ।
Corona virus
ਜੇ ਪੰਜਾਬ ਆਉਣ ਵਾਲਾ ਕੋਈ ਯਾਤਰੀ ਉਪਰੋਕਤ ਦੱਸੇ ਕਦਮਾਂ ਦਾ ਪਾਲਣ ਨਹੀਂ ਕਰਦਾ ਤਾਂ ਪੰਜਾਬ ਵਿਚ ਦਾਖ਼ਲ ਹੋਣ ਸਮੇਂ ਉਸ ਨੂੰ ਬਾਰਡਰ, ਰੇਲ, ਏਅਰਪੋਰਟ ਚੈਕ ਪੋਸਟ ਵਿਖੇ ਪੰਜਾਬ ਸਰਕਾਰ ਦੀ ਟੀਮ ਨਾਲ ਸਹਿਯੋਗ ਕਰਨ ਲਈ ਕਿਹਾ ਜਾਵੇਗਾ ਜਿਸ ਵਲੋਂ ਡਾਟਾ ਲੈਣ ਦੀ ਪ੍ਰਕਿਰਿਆ ਮੌਕੇ 'ਤੇ ਹੀ ਕੀਤੀ ਜਾਵੇਗੀ। ਕਿਉਂਕਿ ਉਕਤ ਪ੍ਰਕਿਰਿਆ ਵਿਚ ਜ਼ਿਆਦਾ ਸਮਾਂ ਲੱਗ ਸਕਦਾ ਹੈ ਇਸ ਲਈ ਪੰਜਾਬ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਪੈਰ੍ਹਾਂ 3.0 ਤੋਂ 3.2 ਤਕ ਦਿਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।
Punjab Police
ਅਕਸਰ ਆਉਣ-ਜਾਣ ਵਾਲੇ ਯਾਤਰੀਆਂ ਨੂੰ ਛੱਡ ਕੇ ਪੰਜਾਬ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ ਸੂਬੇ ਵਿੱਚ ਦਾਖ਼ਲ ਹੋਣ ਤੋਂ ਬਾਅਦ 14 ਦਿਨਾਂ ਦੇ ਸਵੈ-ਇਕਾਂਤਵਾਸ ਵਿਚ ਰਹਿਣਾ ਹੋਵੇਗਾ ਅਤੇ ਇਸ ਸਮੇਂ ਦੌਰਾਨ ਉਨ੍ਹਾਂ ਨੂੰ ਅਪਣੀ ਸਿਹਤ ਦੀ ਸਥਿਤੀ ਬਾਰੇ ਕੋਵਾ ਐਪ 'ਤੇ ਰੋਜ਼ਾਨਾ ਅਪਡੇਟ ਕਰਨਾ ਹੋਵੇਗਾ ਜਾਂ 112 'ਤੇ ਰੋਜ਼ਾਨਾ ਕਾਲ ਕਰਨੀ ਹੋਵੇਗੀ।
Corona virus
ਜੇ ਉਹ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਵਿਚ ਕੋਵਿਡ -19 ਲੱਛਣ ਪੈਦਾ ਹੋ ਰਹੇ ਹਨ ਤਾਂ ਉਨ੍ਹਾਂ ਨੂੰ ਤੁਰਤ 104 'ਤੇ ਕਾਲ ਕਰਨੀ ਹੋਵੇਗੀ। ਅੰਤਰਰਾਸ਼ਟਰੀ ਯਾਤਰੀਆਂ ਨੂੰ ਪਹਿਲੇ 7 ਦਿਨ ਸੰਸਥਾਗਤ ਇਕਾਂਤਵਾਸ ਅਤੇ ਅਗਲੇ 7 ਦਿਨ ਘਰੇਲੂ ਇਕਾਂਤਵਾਸ ਵਿਚ ਰਹਿਣਾ ਹੋਵੇਗਾ। ਇਨ੍ਹਾਂ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਾ ਕੋਈ ਵੀ ਵਿਅਕਤੀ ਦੰਡਾਤਮਕ ਕਾਰਵਾਈ ਲਈ ਜ਼ਿੰਮੇਵਾਰ ਹੋਵੇਗਾ।