
ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਬੰਧਾਂ ਸਦਕਾ ਹੀ ਇਸ ਸਾਲ 15325 ਮੈਗਾਵਾਟ ਬਿਜਲੀ ਦੇ ਰਿਕਾਰਡ ਸਭ ਤੋਂ ਵੱਧ ਮੰਗ ਨੂੰ ਵੀ ਪੂਰਾ ਕੀਤਾ ਗਿਆ।
ਚੰਡੀਗੜ੍ਹ , 5 ਜੁਲਾਈ 2023: ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਆਮ ਲੋਕਾਂ ਤੋਂ ਇਲਾਵਾ ਹਰ ਖੇਤਰ ਚ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਲਈ ਵਚਨਬੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬਠਿੰਡਾ ਵਿਖੇ ਕੀਤੇ ਗਏ ਆਪਣੇ ਅਚਨਚੇਤੀ ਦੌਰੇ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਵੈਸਟ ਜੋਨ ਦਫ਼ਤਰ, ਐਸਸੀ ਓ.ਐਮ., ਐਸਸੀ ਇੰਨਫੋਰਸਮੈਂਟ, ਟੈਕਨੀਕਲ ਆਡਿਟ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਦਫ਼ਤਰ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਮੌਕੇ ਤੇ ਹਾਜ਼ਰ ਪਾਏ ਗਏ। ਉਨ੍ਹਾਂ ਦਫ਼ਤਰੀ ਕੰਮਾਂ ਨੂੰ ਸੁਚੱਜੇ ਤੇ ਬਾਖੂਬੀ ਢੰਗ ਨਾਲ ਨਿਭਾਉਣ ਤੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸ਼ਲਾਘਾ ਕੀਤੀ ਅਤੇ ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਅੱਗੇ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ।
ਇਸ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਵੈਸਟ ਜੋਨ ਬਠਿੰਡਾ ਦੇ ਅਧਿਕਾਰੀਆਂ ਨਾਲ ਬਠਿੰਡਾ ਸਰਕਲ, ਵੈਸਟ ਜੋਨ ਦੀਆਂ ਮੋਟਰਾਂ ਦੀ ਸਪਲਾਈ ਸਬੰਧੀ ਸਮੀਖਿਆ ਮੀਟਿੰਗ ਕੀਤੀ। ਬੈਠਕ ਦੀ ਪ੍ਰਧਾਨਗੀ ਕਰਦਿਆਂ ਹਰਭਜਨ ਸਿੰਘ ਨੇ ਬਿਜਲੀ ਸਬੰਧੀ ਚੱਲ ਰਹੇ ਵਿਕਾਸ ਕਾਰਜਾਂ ਤੋਂ ਇਲਾਵਾ ਭਵਿੱਖ 'ਚ ਹੋਣ ਵਾਲੇ ਸਾਰੇ ਕਾਰਜਾਂ ਸਬੰਧੀ ਬਾਰੀਕੀ ਨਾਲ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਸੂਬੇ ਦੇ ਆਮ ਲੋਕਾਂ ਤੇ ਖਾਸ ਕਰਕੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਕਨੀਕੀ ਸਮੱਸਿਆ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਪਹਿਲਾਂ ਹੀ ਬਿਜਲੀ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਬੰਧਾਂ ਸਦਕਾ ਹੀ ਇਸ ਸਾਲ 15325 ਮੈਗਾਵਾਟ ਬਿਜਲੀ ਦੇ ਰਿਕਾਰਡ ਸਭ ਤੋਂ ਵੱਧ ਮੰਗ ਨੂੰ ਵੀ ਪੂਰਾ ਕੀਤਾ ਗਿਆ।
ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਸਥਾਨਕ ਜ਼ਿਲ੍ਹਾ ਪਬੰਧਕੀ ਕੰਪਲੈਕਸ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹਾ ਪਬੰਧਕੀ ਕੰਪਲੈਕਸ ਵਿਖੇ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਨੂੰ ਪ੍ਰਣਾਮ ਕੀਤਾ। ਇਸ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦਫ਼ਤਰ ਦਾ ਦੌਰਾ ਕੀਤਾ। ਉਨ੍ਹਾਂ ਅਧਿਕਾਰੀਆਂ ਪਾਸੋਂ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਕਿਹਾ ਕਿ ਚੱਲ ਰਹੇ ਵਿਕਾਸ ਕਾਰਜਾਂ ਚ ਤੇਜ਼ੀ ਲਿਆਉਂਦਿਆਂ ਕੰਮਾਂ ਨੂੰ ਜਲਦ ਨੇਪੜੇ ਚਾੜਿਆ ਜਾਵੇ। ਇਸ ਦੌਰਾਨ ਉਨ੍ਹਾਂ ਦਫ਼ਤਰੀ ਰਿਕਾਰਡ ਦੀ ਚੈਕਿੰਗ ਵੀ ਕੀਤੀ। ਇਸ ਮੌਕੇ ਉਨ੍ਹਾਂ ਦਫ਼ਤਰ ਜ਼ਿਲ੍ਹਾ ਯੋਜਨਾ ਕਮੇਟੀ ਵਿਖੇ ਵੀ ਦੌਰਾ ਕੀਤਾ।