
ਡਾ. ਬਲਜੀਤ ਕੌਰ ਵਲੋਂ ਵੱਖ-ਵੱਖ ਪੈਨਸ਼ਨ ਸਕੀਮਾਂ ਦਾ ਲਾਭ ਯੋਗ ਪਾਤਰਾਂ ਨੂੰ ਮਿਲਣਾ ਯਕੀਨੀ ਬਣਾਉਣ ਲਈ ਕੈਂਪ ਲਗਾਉਣ ਦੇ ਹੁਕਮ
ਚੰਡੀਗੜ੍ਹ, 4 ਅਗੱਸਤ (ਸੱਤੀ): ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।
ਇਸੇ ਉਦੇਸ਼ ਤਹਿਤ ਡਾ. ਬਲਜੀਤ ਕੌਰ, ਕੈਬਨਿਟ ਮੰਤਰੀ ਸਮਾਜਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਅੱਜ ਇਥੇ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿਤੇ ਗਏ ਕਿ ਵੱਖ-ਵੱਖ ਪੈਨਸ਼ਨ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਮਿਲਣਾ ਯਕੀਨੀ ਬਣਾਉਣ ਲਈ 17 ਅਗੱਸਤ, 2022 ਨੂੰ ਪਿੰਡ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣ। ਇਸ ਨਾਲ ਹੀ ਉਨ੍ਹਾਂ ਆਂਗਨਵਾੜੀ ਸਰਵਿਸ ਸਕੀਮ ਅਧੀਨ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਵਿਭਾਗ ਵਲੋਂ ਕੀਤੀ ਜਾ ਰਹੀ ਕਾਰਵਾਈ ਵਿਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿਤੇ।
ਅੱਜ ਇਥੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਮੁਲਾਂਕਣ ਕਰਦਿਆਂ ਡਾ. ਬਲਜੀਤ ਕੌਰ ਵਲੋਂ ਪੈਨਸ਼ਨ ਸਕੀਮਾਂ ਦਾ ਰੀਵਿਊ ਕਰਦਿਆਂ ਪੈਨਸ਼ਨ ਸਕੀਮਾਂ ਦੇ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਅਦਾਇਗੀ ਵਿਚ ਹੋਰ ਪਾਰਦਰਸ਼ਤਾ ਲਿਆਉਣ ਲਈ ਸੰਗਰੂਰ ਅਤੇ ਮਾਨਸਾ ਦੀ ਤਰਜ਼ ’ਤੇ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿਚ ਪੀ.ਐਫ਼.ਐਮ.ਐਸ. ਸਿਸਟਮ ਰਾਹੀਂ ਅਦਾਇਗੀ ਨੂੰ ਜਲਦੀ ਲਾਗੂ ਕਰਨ ਦੇ ਹੁਕਮ ਦਿਤੇ ਗਏ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਸਮਾਜਕ ਸੁਰੱਖਿਆ ਪੈਨਸ਼ਨ ਧਾਰਕਾਂ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਦਾ ਨਾਮ ਅਦਾਇਗੀ ਦੀ ਲਿਸਟ ਤੋਂ ਡੀਲੀਟ ਕਰਨ ਲਈ ਸਿਹਤ ਵਿਭਾਗ ਅਤੇ ਪ੍ਰਸ਼ਾਸਨਿਕ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ।