ਪੰਜਾਬ ਸਰਕਾਰ ਨੂੰ ਸ਼ਿਕਾਇਤ ਭੇਜ ਕੇ ਮੰਗੀ ਰਿਪੋਰਟ
ਅੰਮ੍ਰਿਤਸਰ - ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਕੁੱਝ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਕੀਤੀ ਸੀ ਤੇ ਸ਼ਿਕਾਇਤ ਵਿਚ ਕਿਹਾ ਸੀ ਕਿ ਕਮੇਟੀ ਨੇ 70 ਲੱਖ ਦੀ ਕੋਠੀ 2.70 ਕਰੋੜ 'ਚ ਖਰੀਦੀ ਹੈ। ਇਸ ਮਾਮਲੇ ਵਿਚ ਅੱਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦਾ ਬਿਆਨ ਸਾਹਮਣੇ ਆਇਆ ਹੈ।
ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਉਹਨਾਂ ਨੂੰ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਖਿਲਾਫ਼ ਮਹਿੰਗੀ ਕੋਠੀ ਖਰੀਦਣ ਦੀ ਸ਼ਿਕਾਇਤ ਮਿਲੀ ਹੈ, ਇਹ ਕੋਠੀ ਆਨੰਦਪੁਰ ਸਾਹਿਬ ਵਿਚ ਖਰੀਦੀ ਗਈ ਹੈ। ਇਕਬਾਲ ਸਿੰਘ ਲਾਲਪੁਰਾ ਨੇ ਇਸ ਦੀ ਰਿਪੋਰਟ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਹੈ ਤੇ ਸਰਕਾਰ ਨੂੰ 3 ਦਿਨਾਂ ਵਿਚ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ। ਉਹਨਾਂ ਕਿਹਾ ਕਿ ਇਸ ਤੋਂ ਬਾਅਦ ਕਮਿਸ਼ਨ ਖੁਦ ਕਾਰਵਾਈ ਕਰੇਗਾ।