ਮੁਲਜ਼ਮ ਨੇ ਟਿਊਬਵੈੱਲ ਕੁਨੈਕਸ਼ਨ ਦਿਵਾਉਣ ਬਦਲੇ ਮੰਗੇ ਸਨ 80 ਹਜ਼ਾਰ ਰੁਪਏ
Bathinda News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮੌੜ, ਜ਼ਿਲ੍ਹਾ ਬਠਿੰਡਾ ਵਿਖੇ ਪੀ.ਐਸ.ਪੀ.ਸੀ.ਐਲ. ਦਫ਼ਤਰ ਦੇ ਇੱਕ ਨਿੱਜੀ ਠੇਕੇਦਾਰ ਅੰਮ੍ਰਿਤ ਪਾਲ ਉਰਫ਼ ਕੱਦੂ ਨੂੰ ਪੀ.ਐਸ.ਪੀ.ਸੀ.ਐਲ. ਗਰਿੱਡ, ਮੌੜ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੁੱਤੀਵਾਲ ਖੁਰਦ ਦੀ ਵਸਨੀਕ ਨਿੱਕੀ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸ ਦੀ ਵਾਹੀਯੋਗ ਜ਼ਮੀਨ ਦਾ ਟਿਊਬਵੈੱਲ ਕੁਨੈਕਸ਼ਨ ਦਿਵਾਉਣ ਬਦਲੇ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਭਰੋਸਾ ਦਿੱਤਾ ਕਿ ਠੇਕੇਦਾਰ ਹੋਣ ਨਾਤੇ ਪੀ.ਐਸ.ਪੀ.ਸੀ.ਐਲ. ਦਫ਼ਤਰ ਮੌੜ ਵਿਖੇ ਤਾਇਨਾਤ ਅਧਿਕਾਰੀਆਂ ਨਾਲ ਉਸਦੇ ਚੰਗੇ ਸਬੰਧ ਹਨ। ਉਸਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਨੇ ਪੇਸ਼ਗੀ ਵਜੋਂ 30,000 ਰੁਪਏ ਅਤੇ ਬਾਕੀ ਪੈਸੇ ਬਿਜਲੀ ਕੁਨੈਕਸ਼ਨ ਲੱਗਣ ਤੋਂ ਬਾਅਦ ਦੇਣ ਲਈ ਕਿਹਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਠੇਕੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਤਫ਼ਤੀਸ਼ ਦੌਰਾਨ ਪੀ.ਐਸ.ਪੀ.ਸੀ.ਐਲ. ਦਫ਼ਤਰ ਮੌੜ ਨਾਲ ਸਬੰਧਤ ਹੋਰਨਾਂ ਕਰਮਚਾਰੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।