ਦੋਵੇਂ ਆਗੂਆਂ ਨੇ ਪੰਥਕ ਏਕਤਾ ਅਤੇ ਪੰਜਾਬ ਦੇ ਅਹਿਮ ਮੁੱਦਿਆ ’ਤੇ ਕੀਤੀ ਚਰਚਾ
ਫਤਿਹਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਫਤਿਹਗੜ੍ਹ ਸਾਹਿਬ ਸਥਿਤ ਨਿਵਾਸ ਵਿਖੇ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ ਪਹੁੰਚੇ । ਦੋਵਾਂ ਦਿੱਗਜ ਆਗੂਆਂ ਦਰਮਿਆਨ ਇਹ ਮੁਲਾਕਾਤ ਮੌਜੂਦਾ ਰਾਜਨੀਤਿਕ ਅਤੇ ਪੰਥਕ ਸਥਿਤੀ ਦੇ ਮੱਦੇਨਜ਼ਰ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ । ਇਸ ਦੌਰਾਨ ਦੋਵਾਂ ਨੇ ਪੰਥਕ ਏਕਤਾ ਅਤੇ ਪੰਜਾਬ ਦੇ ਮੌਜੂਦਾ ਅਹਿਮ ਮੁੱਦਿਆਂ 'ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਸੁੱਚਾ ਸਿੰਘ ਛੋਟੇਪੁਰ ਦੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚਣ 'ਤੇ ਬਹੁਤ ਖ਼ੁਸ਼ ਹਨ।
ਦੂਜੇ ਪਾਸੇ, ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ ਨੇ ਵੀ ਸਿਮਰਨਜੀਤ ਸਿੰਘ ਮਾਨ ਨਾਲ ਹੋਈ ਇਸ ਮੁਲਾਕਾਤ 'ਤੇ ਖ਼ੁਸ਼ੀ ਜ਼ਾਹਰ ਕੀਤੀ । ਉਨ੍ਹਾਂ ਸਿਮਰਨਜੀਤ ਸਿੰਘ ਮਾਨ ਦੇ ਲੰਮੇ ਸੰਘਰਸ਼ ਅਤੇ ਦਿੱਤੀਆਂ ਗਈਆਂ ਕੁਰਬਾਨੀਆਂ ਦੀ ਸ਼ਲਾਘਾ ਕੀਤੀ । ਛੋਟੇਪੁਰ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਏਕਤਾ ਹੈ । ਹਰ ਸਿੱਖ, ਮਾਈ-ਭਾਈ ਅਤੇ ਗੁਰੂ ਨਾਨਕ ਨਾਮ ਲੇਵਾ ਦੀ ਇਹੋ ਖ਼ਵਾਹਿਸ਼ ਹੈ ਕਿ ਪੰਜਾਬ ਅਤੇ ਕੌਮ ਦੀ ਮੌਜੂਦਾ ਬਿਖੜੀ ਹਾਲਤ ਨੂੰ ਸੁਧਾਰਨ ਲਈ ਸਾਰਿਆਂ ਨੂੰ ਇੱਕ ਮੰਚ 'ਤੇ ਇਕੱਠੇ ਹੋਣਾ ਚਾਹੀਦਾ ਹੈ।
