
ਮਾਮਲੇ ਵਿਚ ਦੋ ਅਣਪਛਾਤੇ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਫਰੀਦਕੋਟ: ਜ਼ਿਲ੍ਹੇ ਦੇ ਪਿੰਡ ਦੀਪ ਸਿੰਘ ਵਾਲਾ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਾਫਲੇ ਨੂੰ ਰੋਕਣ ਦੇ ਮਾਮਲੇ 'ਚ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਣੇ ਕੁੱਲ 6 ਵਿਅਕਤੀਆਂ ਵਿਰੁਧ ਮਾਮਲਾ ਦਰਜ ਕਰ ਲਿਆ ਹੈ। ਇਹ ਮਾਮਲਾ 2 ਜੂਨ ਦਾ ਹੈ, ਇਸ ਦੌਰਾਨ ਅਕਾਲੀ ਵਰਕਰਾਂ ਅਤੇ ਕੁੱਝ ਨੌਜਵਾਨਾਂ ਵਿਚਾਲੇ ਝੜਪ ਹੋਈ ਸੀ। ਮਾਮਲੇ ਵਿਚ ਦੋ ਅਣਪਛਾਤੇ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਪੁਲਿਸ ਨੂੰ ਦਿਤੇ ਬਿਆਨਾਂ 'ਚ ਮੰਗਲ ਸਿੰਘ ਵਾਸੀ ਪਿੰਡ ਦੀਪ ਸਿੰਘ ਵਾਲਾ ਨੇ ਦਸਿਆ ਕਿ ਘਟਨਾ ਤੋਂ ਬਾਅਦ ਉਸ ਨੂੰ ਫਰੀਦਕੇਟ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਵਿਰੋਧ ਦੌਰਾਨ ਉਸ ਦੀ ਕੁੱਟਮਾਰ ਕੀਤੀ ਗਈ। ਇਹ ਦੋਸ਼ ਗੁਰਕਮਲ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਯੂਥ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ, ਅਮਨਿੰਦਰ ਸਿੰਘ ਸਾਬਕਾ ਸਰਪੰਚ ਬੀਕਾ ਰੋਮਾਣਾ ਅਤੇ ਦੋ ਅਣਪਛਾਤੇ ਵਿਅਕਤੀਆਂ ਨੇ ਲਾਏ ਹਨ।
ਥਾਣਾ ਸਾਦਿਕ ਦੇ ਐਸ.ਐਚ.ਓ. ਮੁਖਤਿਆਰ ਸਿੰਘ ਨੇ ਦਸਿਆ ਕਿ ਮਾਮਲੇ ਵਿਚ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਸੀਸੀਟੀਵੀ ਰਾਹੀਂ ਅਣਪਛਾਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਯੂਥ ਦੇ ਜ਼ਿਲ੍ਹਾ ਪ੍ਰਧਾਨ ਗੁਰਕਮਲ ਸਿੰਘ ਨੇ ਦਸਿਆ ਕਿ ਪੁਲਿਸ ਸਰਕਾਰ ਦੇ ਦਬਾਅ ਹੇਠ ਉਨ੍ਹਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਲੇ ਉਨ੍ਹਾਂ ਦੇ ਮੁਖੀ ਦੇ ਕਾਫ਼ਲੇ ਵਿਚ ਦਖ਼ਲ ਦੇ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਸਾਡੇ ਵਿਰੁਧ ਕੇਸ ਦਰਜ ਕਰ ਲਿਆ ਗਿਆ।