
ਪੀਟੀਆਈ ਦੀ ਮੈਰਿਟ ਸੂਚੀ ਜਲਦੀ ਤੋਂ ਜਲਦੀ ਜਾਰੀ ਕਰਨ ਦੀ ਸਰਕਾਰ ਨੂੰ ਕੀਤੀ ਅਪੀਲ
ਚੰਡੀਗੜ੍ਹ : ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬੇਰੁਜ਼ਗਾਰ 646 ਪੀਟੀਆਈ ਅਧਿਆਪਕ ਯੂਨੀਅਨ ਦੀਆਂ ਦੋ ਬੇਰੁਜ਼ਗਾਰ ਅਧਿਆਪਕਾਵਾਂ ਸਿੱਪੀ ਸ਼ਰਮਾ ਅਤੇ ਰਵਨੀਤ ਕੌਰ ਬਠਿੰਡਾ ਅੱਜ ਫਿਰ ਮੁਹਾਲੀ ਸਥਿਤ ਪਾਣੀ ਵਾਲੀ ਟੈਂਕੀ 'ਤੇ ਚੜ੍ਹਨ ਲਈ ਮਜਬੂਰ ਹੋਈਆਂ ਹਨ। ਇਸ ਬਾਰੇ ਗੱਲ ਕਰਦਿਆਂ ਸਿੱਪੀ ਸ਼ਰਮਾ ਨੇ ਕਿਹਾ ਕਿ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਉਹ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਵੇਲੇ ਵੀ ਅਸੀਂ ਸੰਘਰਸ਼ ਕਰਨ ਲਈ ਮਜਬੂਰ ਸੀ ਅਤੇ ਉਦੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਮੈਨੂੰ ਭੈਣ ਕਹਿ ਕੇ, ਪਾਣੀ ਵਾਲੀ ਟੈਂਕੀ ਤੋਂ ਸੰਘਰਸ਼ ਨੂੰ ਖਤਮ ਕਰਨ ਲਈ ਕਿਹਾ ਸੀ ਪਰ ਸੱਤਾ ਵਿਚ ਆਉਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸਾਡੀ ਗੱਲ ਨਹੀਂ ਸੁਣ ਰਹੀ।
ਟੈਂਕੀ 'ਤੇ ਡਟੀ ਰਵਨੀਤ ਕੌਰ ਬਠਿੰਡਾ ਨੇ ਦੱਸਿਆ ਕਿ 646 ਪੀਟੀਆਈ ਅਧਿਆਪਕਾਂ ਦੀ ਭਰਤੀ ਲਈ 9 ਮਈ 2011 ਨੂੰ ਤੱਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਰਕਾਰ ਨੇ ਇਸ਼ਤਿਹਾਰ ਜਾਰੀ ਕੀਤਾ ਸੀ। 2012 ਵਿੱਚ ਦੁਬਾਰਾ ਬਾਦਲ ਸਰਕਾਰ ਬਣ ਗਈ ਪਰ ਇਹ ਭਰਤੀ ਕਿਸੇ ਤਣ-ਪੱਤਣ ਨਹੀਂ ਲਗਾਈ ਗਈ।
ਉਨ੍ਹਾਂ ਕਿਹਾ ਕਿ ਸਾਲ 2017 ’ਚ ਬਣੀ ਕਾਂਗਰਸ ਸਰਕਾਰ ਵੀ ਲਾਰਿਆਂ ’ਚ 5 ਸਾਲ ਲੰਘਾ ਗਈ ਅਤੇ ਹੁਣ ‘ਆਪ’ ਸਰਕਾਰ ਵੀ ਇਸ ਭਰਤੀ ਨੂੰ ਲੈ ਕੇ ਗੰਭੀਰ ਨਹੀਂ ਹੈ, ਜਿਸ ਕਰ ਕੇ ਮਾਮਲਾ ਹੁਣ ਤੱਕ ਲਟਕਿਆ ਹੋਇਆ ਹੈ। ਬੇਰੁਜ਼ਗਾਰ ਅਧਿਆਪਕਾਂ ਨੇ ਭਗਵੰਤ ਮਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਮੰਗਾਂ ਜਲਦੀ ਤੋਂ ਜਲਦੀ ਪੂਰੀਆਂ ਕੀਤੀਆਂ ਜਾਣ ਅਤੇ ਪੀਟੀਆਈ ਦੀ ਮੈਰਿਟ ਸੂਚੀ ਜਲਦੀ ਤੋਂ ਜਲਦੀ ਜਾਰੀ ਕੀਤੀ ਜਾਵੇ।