
ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਬੀਤੇ ਕੱਲ੍ਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ
ਚੰਡੀਗੜ੍ਹ - ਪੰਜਾਬ ਨੂੰ ਅਪਣਾ ਨਵਾਂ ਏਜੀ ਮਿਲ ਗਿਆ। ਗੁਰਮਿੰਦਰ ਗੈਰੀ ਨੂੰ ਪੰਜਾਬ ਕੈਬਨਿਟ ਨੇ ਨਵੇਂ ਏਜੀ ਵਜੋਂ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਬੀਤੇ ਕੱਲ੍ਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਘਈ ਦੇ ਅਸਤੀਫ਼ੇ ਦੀ ਚਰਚਾ ਲੰਬੇ ਸਮੇਂ ਤੋਂ ਚੱਲ ਰਹੀ ਸੀ ਪਰ ਇਸ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਪੰਜਾਬ ਸਰਕਾਰ ਨੂੰ ਹਾਈਕੋਰਟ ਵਿਚ 13,000 ਪੰਚਾਇਤਾਂ ਨੂੰ ਭੰਗ ਕਰਨ ਦਾ ਫ਼ੈਸਲਾ ਵਾਪਸ ਲੈਣਾ ਪਿਆ।
ਇਸ ਦੇ ਨਾਲ ਹੀ ਦੱਸ ਦਈਏ ਕਿ ਮੁੱਖ ਮੰਤਰੀ ਮੀਟਿੰਗ ਵਿਚ ਹੋਈ ਚਰਚਾ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਨੇ ਦੱਸਿਆ ਕਿ ਮੀਟਿੰਗ ਵਿਚ ਐੱਸਵਾਈਐੱਲ ਨੂੰ ਲੈ ਕੇ ਵੀ ਚਰਚਾ ਹੋਈ ਤੇ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਵੱਲੋਂ ਕਿਸੇ ਵੀ ਕੀਮਤ 'ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਦੱਸਿਆ ਕਿ ਉਹਨਾਂ ਵਲੋਂ ਜਲਦ ਹੀ ਮਾਨਸੂਨ ਸੈਸ਼ਨ ਵੀ ਬੁਲਾਇਆ ਜਾ ਸਕਦਾ ਹੈ ਜਿਸ ਵਿਚ ਕਈ ਅਙਿਮ ਫ਼ੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਮੀਟਿੰਗ ਵਿਚ ਕਈ ਹੋਰ ਲੋਕ ਪੱਖੀ ਫੈਸਲਿਆਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।