ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਆਪਕ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਦਾ ਸਨਮਾਨ
Published : Oct 5, 2025, 3:37 pm IST
Updated : Oct 5, 2025, 7:38 pm IST
SHARE ARTICLE
Chief Minister Bhagwant Singh Mann honors teachers for outstanding performance on Teachers' Day
Chief Minister Bhagwant Singh Mann honors teachers for outstanding performance on Teachers' Day

ਅਧਿਆਪਕਾਂ ਨੂੰ ਕੌਮ ਦੇ ਨਿਰਮਾਤਾ ਦੱਸਿਆ, ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਸਭ ਤੋਂ ਵੱਧ ਯੋਗਦਾਨ ਅਧਿਆਪਕਾਂ ਦਾ

ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਗੌਰਵਮਈ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਵਿਸ਼ਵ ਅਧਿਆਪਕ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ ਹੁੰਦੇ ਹਨ ਅਤੇ ਉਨ੍ਹਾਂ ਨੂੰ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂੰ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 55 ਸਾਲਾਂ ਬਾਅਦ ਸੂਬਾ ਸਰਕਾਰ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ ਦੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਹੈ।

ਅਧਿਆਪਕ ਦਿਵਸ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਨ ਕੋਈ ਪੇਸ਼ਾ ਨਹੀਂ ਹੈ ਸਗੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰਨ ਦਾ ਮਿਸ਼ਨ ਹੈ। ਉਨ੍ਹਾਂ ਕਿਹਾ ਕਿ ਇਕ ਅਧਿਆਪਕ ਦਾ ਪੁੱਤਰ ਹੋਣ ਦੇ ਨਾਤੇ ਉਹ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਕਿ ਅਧਿਆਪਕ, ਵਿਦਿਆਰਥੀਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਸਖ਼ਤ ਮਿਹਨਤ ਕਰਦੇ ਹਨ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਹੜ੍ਹਾਂ ਵਿੱਚ 3200 ਸਰਕਾਰੀ ਸਕੂਲ ਤਬਾਹ ਹੋ ਗਏ ਹਨ, 19 ਕਾਲਜ ਬਰਬਾਦ ਹੋ ਗਏ ਹਨ, 8500 ਕਿਲੋਮੀਟਰ ਅਤੇ 2500 ਪੁਲ ਵੀ ਤਬਾਹ ਹੋ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਵਿੱਚ ਪੰਜ ਲੱਖ ਏਕੜ ਫਸਲ ਤਬਾਹ ਹੋ ਗਈ ਸੀ ਪਰ ਪੰਜਾਬੀਆਂ ਨੇ ਇਸ ਕੁਦਰਤੀ ਆਫ਼ਤ ਨਾਲ ਪੈਦਾ ਹੋਏ ਸੰਕਟ ਵਿੱਚੋਂ ਨਿਕਲਣ ਲਈ ਬੇਮਿਸਾਲੀ ਬਹਾਦਰੀ ਦਿਖਾਈ ਹੈ। ਭਗਵੰਤ ਸਿੰਘ ਮਾਨ ਨੇ ਕੁਦਰਤੀ ਆਫ਼ਤ ਦੌਰਾਨ ਚੰਗਾ ਕੰਮ ਕਰਨ ਵਾਲੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਉਦਾਹਰਨਾਂ ਵਿਸ਼ਵ ਇਤਿਹਾਸ ਵਿੱਚ ਬਹੁਤ ਘੱਟ ਮਿਲਦੀਆਂ ਹਨ।

ਪੁਰਸਕਾਰ ਪ੍ਰਾਪਤ ਕਰਨ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਅਧਿਆਪਕਾਂ ਦਾ ਸਨਮਾਨ ਕਰਕੇ ਅਸੀਂ ਰਾਸ਼ਟਰ ਨਿਰਮਾਤਾ ਵਜੋਂ ਉਨ੍ਹਾਂ ਦੀ ਭੂਮਿਕਾ ਨੂੰ ਸਵੀਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਸਮਿਆਂ ਵਿੱਚ, ਗੁਰੂ ਸ਼ਬਦ ਇਕ ਅਧਿਆਪਕ ਲਈ ਵਰਤਿਆ ਜਾਂਦਾ ਸੀ ਕਿਉਂਕਿ ਇਹ ਦੋ ਸੰਸਕ੍ਰਿਤ ਸ਼ਬਦਾਂ "ਗੁ" (ਹਨੇਰਾ) ਅਤੇ "ਰੂ" (ਹਟਾਉਣ ਵਾਲਾ) ਤੋਂ ਆਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਦਾ ਅਰਥ ਹੈ ਹਨੇਰੇ ਨੂੰ ਦੂਰ ਕਰਨ ਵਾਲਾ। ਦੂਜੇ ਸ਼ਬਦਾਂ ਵਿੱਚ ਇਕ ਅਧਿਆਪਕ ਦਾ ਫਰਜ਼ ਆਪਣੇ ਵਿਦਿਆਰਥੀਆਂ ਦੇ ਮਨਾਂ ਨੂੰ ਗਿਆਨ ਦੀ ਰੌਸ਼ਨੀ ਨਾਲ ਰੁਸ਼ਨਾਉਣਾ ਹੁੰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਕ ਅਧਿਆਪਕ,  ਵਿਦਿਆਰਥੀ ਦੇ ਦਿਮਾਗ ਨੂੰ ਡਾਕਟਰ, ਇੰਜੀਨੀਅਰ ਅਤੇ ਕਲਾਕਾਰ ਲਈ ਉਸੇ ਤਰ੍ਹਾਂ ਢਾਲਦਾ ਹੈ, ਜਿਵੇਂ ਇਕ ਮੂਰਤੀਕਾਰ ਆਪਣੀਆਂ ਕਲਾਕ੍ਰਿਤਾਂ ਨੂੰ ਆਕਾਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸੂਬਾ ਸਰਕਾਰ ਵੱਖ-ਵੱਖ ਸ਼੍ਰੇਣੀਆਂ ਅਧੀਨ 71 ਅਧਿਆਪਕਾਂ ਨੂੰ ਬੱਚਿਆਂ ਦੇ ਭਵਿੱਖ ਨੂੰ ਰੌਸ਼ਨ ਬਣਾਉਣ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਰਾਜ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਅਧਿਆਪਕ ਹਨ।

ਮੁੱਖ ਮੰਤਰੀ ਨੇ ਕਿਹਾ ਕਿ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਨੇ ਸਿੰਗਾਪੁਰ ਵਿੱਚ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਕੀਤੀ ਹੈ, 152 ਮੁੱਖ ਅਧਿਆਪਕਾਂ ਨੇ ਆਈ.ਆਈ.ਐਮ. ਅਹਿਮਦਾਬਾਦ ਵਿੱਚ ਐਡਵਾਂਸਡ ਕੋਚਿੰਗ ਪ੍ਰਾਪਤ ਕੀਤੀ ਹੈ ਅਤੇ 144 ਪ੍ਰਾਇਮਰੀ ਅਧਿਆਪਕਾਂ ਨੇ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਵਿੱਚ ਵਿਸ਼ੇਸ਼ ਸਿਖਲਾਈ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਅਗਲਾ ਬੈਚ ਨਵੰਬਰ ਮਹੀਨੇ ਵਿੱਚ ਸਿਖਲਾਈ ਲਈ ਫਿਨਲੈਂਡ ਜਾਵੇਗਾ, ਇਸ ਨਾਲ ਅਧਿਆਪਕਾਂ ਦੀ ਮੁਹਾਰਤ ਨੂੰ ਹੋਰ ਨਿਖਾਰਨ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਨੂੰ ਆਪਣੇ ਮੁੱਢਲੇ ਫਰਜ਼ਾਂ 'ਤੇ ਧਿਆਨ ਕੇਂਦਰਿਤ ਕਰਨ ਦੇ ਯੋਗ ਬਣਾਉਣ ਲਈ 1920 ਕੈਂਪਸ ਮੈਨੇਜਰ ਨਿਯੁਕਤ ਕੀਤੇ ਗਏ ਹਨ ਅਤੇ ਪੰਜਾਬ ਦੇ ਬੱਚਿਆਂ ਨੂੰ ਉੱਚੀ ਉਡਾਨ ਭਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਸਹਾਇਤਾ ਕਰਨ ਲਈ  ਸਾਲ 2022 ਵਿੱਚ "ਸਿੱਖਿਆ ਕ੍ਰਾਂਤੀ" ਸ਼ੁਰੂ ਕੀਤੀ ਗਈ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਕਦਮ ਚੁੱਕੇ ਹਨ, ਜਿਨ੍ਹਾਂ ਦੀ ਚਰਚਾ ਹੁਣ ਦੇਸ਼ ਭਰ ਵਿੱਚ ਹੋ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ, ਜਿਨ੍ਹਾਂ 'ਤੇ ਅਸੀਂ ਹੁਣ ਤੱਕ 231.74 ਕਰੋੜ ਰੁਪਏ ਖਰਚ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਗ਼ਰੀਬ ਬੱਚਿਆਂ ਦੇ ਸੁਨਹਿਰੇ ਭਵਿੱਖ ਵੱਲ ਸ਼ਾਨਦਾਰ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਖਾਸ ਕਰਕੇ ਕੁੜੀਆਂ ਲਈ ਮੁਫ਼ਤ ਸਕੂਲ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ ਤਾਂ ਜੋ ਕੋਈ ਵੀ ਕੁੜੀ ਸਿੱਖਿਆ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਦੇ ਜੀਵਨ ਨੂੰ ਰੌਸ਼ਨ ਕਰਕੇ ਆਧੁਨਿਕ ਯੁੱਗ ਦੇ ਮੰਦਰਾਂ ਵਜੋਂ ਸੇਵਾ ਕਰ ਰਹੇ ਹਨ ਅਤੇ ਹੁਣ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਵੀ ਇਨ੍ਹਾਂ ਸਕੂਲ ਆਫ਼ ਐਮੀਨੈਂਸ ਵਿੱਚ ਦਾਖਲਾ ਲੈ ਰਹੇ ਹਨ, ਜੋ ਉਨ੍ਹਾਂ ਦੀ ਸਫਲਤਾ ਦਾ ਸਬੂਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਰਮਡ ਪ੍ਰੈਪਰੇਟਰੀ ਫੋਰਸਿਜ਼, ਨੀਟ, ਜੇ.ਈ.ਈ., ਸੀ.ਐਲ.ਏ.ਟੀ. ਐਨ.ਆਈ.ਐਫ.ਟੀ. ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਲਈ ਯੋਗਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ 44 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਪਾਸ ਕੀਤਾ ਹੈ ਅਤੇ 848 ਵਿਦਿਆਰਥੀਆਂ ਨੇ ਨੀਟ ਲਈ ਯੋਗਤਾ ਪ੍ਰਾਪਤ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਕ ਹੋਰ ਵਿਲੱਖਣ ਪਹਿਲਕਦਮੀ ਕਰਦੇ ਹੋਏ ਸਕੂਲ ਮੈਂਟਰਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਸਿਵਲ ਅਧਿਕਾਰੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਲਾਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮਾਪੇ-ਅਧਿਆਪਕ ਮੀਟਿੰਗਾਂ (ਪੀ.ਟੀ.ਐਮ.) ਵੀ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ਨੂੰ ਮਾਪਿਆਂ ਵੱਲੋਂ ਬਹੁਤ ਵਧੀਆ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 19,200 ਸਰਕਾਰੀ ਸਕੂਲ ਹਨ ਅਤੇ ਕੁੱਲ 25 ਲੱਖ ਮਾਪਿਆਂ ਨੇ ਪੀ.ਟੀ.ਐਮ. ਵਿੱਚ ਹਿੱਸਾ ਲਿਆ ਹੈ। ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਹੋਰ ਵੀ ਮੌਜੂਦ ਸਨ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement