
ਜੱਥੇ ਦੇ ਆਗੂਆਂ ਨੂੰ ਸਿਰੋਪਾਉ ਤੇ ਫੁੱਲਾਂ ਦੇ ਸਿਹਰੇ ਪਾ ਕੇ ਸਨਮਾਨ ਕੀਤਾ
ਅੰਮ੍ਰਿਤਸਰ : ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਸੰਗਤ ਦਾ ਜੋਸ਼ ਵੇਖਣ ਵਾਲਾ ਹੈ। ਦੇਸ਼–ਵਿਦੇਸ਼ ਤੋਂ ਸਿੱਖ ਸ਼ਰਧਾਲੂ ਲਗਾਤਾਰ ਪਾਕਿਸਤਾਨ ਦੇ ਸ਼ਹਿਰ ਸ੍ਰੀ ਨਨਕਾਣਾ ਸਾਹਿਬ ਪੁੱਜ ਰਹੇ ਹਨ। ਸ਼੍ਰੋਮਣੀ ਕਮੇਟੀ ਵਲੋਂ 1303 ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਪਾਕਿਸਤਾਨ ਲਈ ਰਵਾਨਾ ਹੋਇਆ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ, ਬਾਬਾ ਚਰਨਜੀਤ ਸਿੰਘ ਜੱਸੋਵਾਲ ਤੇ ਬੀਬੀ ਰਵਿੰਦਰ ਕੌਰ ਅਜਰਾਣਾ ਕਰ ਰਹੇ ਹਨ। ਇਸ ਤੋਂ ਇਲਾਵਾ ਜੱਥੇ ’ਚ ਜਨਰਲ ਪ੍ਰਬੰਧਕ ਵਜੋਂ ਗੁਰਿੰਦਰਪਾਲ ਸਿੰਘ ਠਰੂ ਤੇ ਕਰਨਜੀਤ ਸਿੰਘ ਸ਼ਾਮਲ ਹਨ।
1303 Sikh pilgrims leave for Pakistan
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜੱਥਾ ਰਵਾਨਾ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਇਸ ਵਾਰ ਦਾ ਜੱਥਾ ਇਸ ਕਰ ਕੇ ਖ਼ਾਸ ਹੈ ਕਿਉਂਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਜਾ ਰਿਹਾ ਹੈ। ਉਨ੍ਹਾਂ ਜੱਥੇ ਦੇ ਆਗੂਆਂ ਨੂੰ ਸਿਰੋਪਾਉ ਤੇ ਫੁੱਲਾਂ ਦੇ ਸਿਹਰੇ ਪਾ ਕੇ ਸਨਮਾਨ ਦਿੱਤਾ। ਡਾ. ਰੂਪ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ 550 ਸਾਲਾ ਪ੍ਰਕਾਸ਼ ਪੁਰਬ ਸਿੱਖ ਜਗਤ ਲਈ ਅਹਿਮ ਦਿਹਾੜਾ ਹੈ।
1303 Sikh pilgrims leave 1303 Sikh pilgrims leave for Pakistan
ਇਸ ਖ਼ਾਸ ਮੌਕੇ ਭਾਰਤ ਅੰਦਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਦੇ ਨਾਲ-ਨਾਲ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਵੀ ਵਿਸ਼ੇਸ਼ ਸਮਾਗਮ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ 1303 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਜੱਥੇ 'ਚੋਂ 342 ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰਨਾ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਮੱਦੇਨਜ਼ਰ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਜਾਂਦੇ। ਇਹ ਜੱਥਾ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਹੀ ਦਰਸ਼ਨ ਕਰੇਗਾ।