
2400 ਕਿਸਾਨਾਂ ਦੇ ਮਾਲ ਰਿਕਾਰਡ ’ਚ ਹੋਈ ਰੈੱਡ ਐਂਟਰੀ
ਚੰਡੀਗੜ੍ਹ: ਪੰਜਾਬ ਵਿਚ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਲਗਾਤਾਰ ਸਰਕਾਰ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਵਿਚ ਸਰਕਾਰ ਵੱਲੋਂ ਹੁਣ ਤੱਕ ਕਿਸਾਨਾਂ ਨੂੰ ਕੁੱਲ 96 ਲੱਖ ਰੁਪਏ ਜੁਰਮਾਨਾ ਲਗਾਇਆ ਗਿਆ ਹੈ, ਜਿਸ ’ਚੋਂ ਵਸੂਲੀ ਸਿਰਫ਼ 37,500 ਰੁਪਏ ਦੀ ਕੀਤੀ ਗਈ ਹੈ।
ਇਸ ਤੋਂ ਇਲਾਵਾ ਹੁਣ ਤੱਕ 2400 ਕਿਸਾਨਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀ ਕੀਤੀ ਗਈ ਹੈ। ਪੰਜਾਬ ਵਿਚ ਹੁਣ ਤੱਕ 26,583 ਥਾਵਾਂ ’ਤੇ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਚ ਹੁਣ ਤੱਕ 4.33 ਲੱਖ ਹੈਕਟੇਅਰ ਰਕਬੇ ਵਿਚ ਪਰਾਲੀ ਨੂੰ ਅੱਗ ਲਗਾਈ ਜਾ ਚੁੱਕੀ ਹੈ ਜਦਕਿ ਪਿਛਲੇ ਸਾਲ ਇਸੇ ਮਿਆਦ ਦੌਰਾਨ 4.77 ਲੱਖ ਹੈਕਟੇਅਰ ਰਕਬੇ ’ਚ ਪਰਾਲੀ ਸਾੜੀ ਗਈ ਸੀ। ਸਰਕਾਰ ਮੁਤਾਬਕ ਅੱਗ ਲਾਏ ਜਾਣ ਦੀਆਂ ਘਟਨਾਵਾਂ ਦਾ ਅੰਕੜਾ ਵਧਿਆ ਹੈ ਪਰ ਰਕਬੇ ਵਿਚ ਕਟੌਤੀ ਹੋਈ ਹੈ।
ਬੀਤੇ ਦਿਨ ਪੰਜਾਬ ਵਿਚ 2437 ਥਾਵਾਂ ’ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਹਨਾਂ ’ਚੋਂ ਸਭ ਤੋ ਪਹਿਲੇ ਨੰਬਰ ’ਤੇ ਜ਼ਿਲ੍ਹਾ ਸੰਗਰੂਰ ਹੈ ਜਿੱਥੇ 471 ਥਾਵਾਂ ’ਤੇ ਪਰਾਲੀ ਸਾੜੀ ਗਈ ਜਦਕਿ ਬਰਨਾਲਾ ਵਿਚ 267, ਬਠਿੰਡਾ ਵਿਚ 258, ਮੋਗਾ ਵਿਚ 204 ਅਤੇ ਫ਼ਿਰੋਜ਼ਪੁਰ ਵਿਚ 242 ਥਾਵਾਂ ’ਤੇ ਪਰਾਲੀ ਸਾੜਨ ਦੇ ਮਾਮਲੇ ਦਰਜ ਹੋਏ।