ਕਾਂਗਰਸ ਪਾਰਟੀ ਜਾਤ, ਨਸਲ, ਰੰਗ ਜਾਂ ਭਾਈਚਾਰੇ ਦੇ ਨਾਮ 'ਤੇ ਕਿਸੇ ਨਾਲ ਵੀ ਕੋਈ ਵਿਤਕਰਾ ਨਹੀਂ ਕਰਦੀ ਹੈ-ਰਾਜਾ ਵੜਿੰਗ
ਚੰਡੀਗੜ੍ਹ: ਪੰਜਾਬ ਦੇ ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਆਮ ਆਦਮੀ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਸਮੇਤ ਵਿਰੋਧੀ ਪਾਰਟੀਆਂ ਦੀ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਟਿੱਪਣੀਆਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਨੂੰ ਲੈ ਕੇ ਨਿੰਦਾ ਕੀਤੀ।
ਇੱਥੇ ਜਾਰੀ ਇੱਕ ਸਾਂਝੇ ਬਿਆਨ ਵਿੱਚ, ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁੱਖ ਸਰਕਾਰੀਆ, ਗੁਰਕੀਰਤ ਸਿੰਘ ਕੋਟਲੀ, ਸੁਰਿੰਦਰ ਡਾਵਰ, ਬਲਵਿੰਦਰ ਸਿੰਘ ਧਾਲੀਵਾਲ, ਕੁਲਦੀਪ ਸਿੰਘ ਵੈਦ, ਪਵਨ ਆਦੀਆ, ਲਖਬੀਰ ਸਿੰਘ ਪਾਇਲ ਅਤੇ ਜੱਸੀ ਖੰਗੂੜਾ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਵੜਿੰਗ ਨੇ ਕਾਂਗਰਸ ਦੇ ਸਮਾਵੇਸ਼ੀ ਸੱਭਿਆਚਾਰ ਨੂੰ ਸਮਝਾਉਣ ਦੀ ਕੋਸ਼ਿਸ਼ ਕਰਦਿਆਂ ਸਕਾਰਾਤਮਕ ਸੰਦਰਭ ਵਿੱਚ ਇੱਕ ਚੰਗੀ ਭਾਵਨਾ ਨਾਲ ਟਿੱਪਣੀ ਕੀਤੀ ਸੀ, ਜਿਹੜੀ ਲੋਕਾਂ ਵਿੱਚ ਕੋਈ ਭੇਦਭਾਵ ਨਹੀਂ ਕਰਦੀ ਹੈ।
ਉਨ੍ਹਾਂ ਕਿਹਾ ਕਿ ਵੜਿੰਗ ਦਾ ਕਹਿਣ ਦਾ ਮਤਲਬ ਇਹ ਸੀ ਕਿ ਕਾਂਗਰਸ ਪਾਰਟੀ ਜਾਤ, ਨਸਲ, ਰੰਗ ਜਾਂ ਭਾਈਚਾਰੇ ਦੇ ਨਾਮ 'ਤੇ ਕਿਸੇ ਨਾਲ ਵੀ ਕੋਈ ਵਿਤਕਰਾ ਨਹੀਂ ਕਰਦੀ ਹੈ।
ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੂੰ ਵੜਿੰਗ ਦੀਆਂ ਟਿੱਪਣੀਆਂ ਤੋਂ ਦੁੱਖ ਹੋਇਆ ਹੈ, ਜਿਨ੍ਹਾਂ ਨੇ ਸੱਚਮੁੱਚ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਵੱਲੋਂ ਬਿਨਾਂ ਸ਼ਰਤ ਮੁਆਫ਼ੀ ਮੰਗਣ ਤੋਂ ਬਾਅਦ ਮਾਮਲਾ ਖਤਮ ਕਰ ਦੇਣਾ ਚਾਹੀਦਾ ਹੈ।
ਇਸ ਦੌਰਾਨ ਕਾਂਗਰਸੀ ਆਗੂਆਂ ਨੇ ਹਰ ਜਾਤੀ ਅਤੇ ਭਾਈਚਾਰੇ ਨੂੰ ਬਣਦੀ ਨੁਮਾਇੰਦਗੀ ਪ੍ਰਦਾਨ ਕਰਨ ਸਬੰਧੀ ਪਾਰਟੀ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ, ਜਿਵੇਂ ਕਿ ਇਹ ਹਮੇਸ਼ਾ ਕਰਦੀ ਆਈ ਹੈ।
ਉਨ੍ਹਾਂ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਉਲਟ, ਕਾਂਗਰਸ ਕਿਸੇ ਨਾਲ ਵੀ ਵਿਤਕਰਾ ਨਹੀਂ ਕਰਦੀ ਅਤੇ ਖੁਲਾਸਾ ਕੀਤਾ ਕਿ ਕਾਂਗਰਸ ਨੇ ਨਾ ਸਿਰਫ਼ ਪਹਿਲਾ ਤੇ ਹੁਣ ਤੱਕ ਆਖਰੀ ਸਿੱਖ ਕੇਂਦਰੀ ਗ੍ਰਹਿ ਮੰਤਰੀ ਬਣਾਇਆ ਹੈ, ਸਗੋਂ ਦੇਸ਼ ਨੂੰ ਪਹਿਲਾ ਸਿੱਖ ਰਾਸ਼ਟਰਪਤੀ ਅਤੇ ਪਹਿਲਾ ਸਿੱਖ ਪ੍ਰਧਾਨ ਮੰਤਰੀ ਵੀ ਦਿੱਤਾ ਹੈ, ਜਿਨ੍ਹਾਂ ਨੇ ਸ਼ਾਨਦਾਰ ਢੰਗ ਨਾਲ ਦੇਸ਼ ਦੀ ਕੀਤੀ ਹੈ।
ਉੱਥੇ ਹੀ, ਵਿਰੋਧੀ ਪਾਰਟੀਆਂ 'ਤੇ ਵਰ੍ਹਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਜਿੱਥੇ ਅਕਾਲੀ ਦਲ ਅਤੇ ਭਾਜਪਾ ਹਮੇਸ਼ਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸ਼ੋਸ਼ਣ ਕਰਦੇ ਰਹੇ ਹਨ, ਉੱਥੇ 'ਆਪ' ਵੀ ਪੰਜਾਬੀਆਂ ਨਾਲ ਵਿਤਕਰਾ ਕਰਨ ਵਿੱਚ ਘੱਟ ਨਹੀਂ ਰਹੀ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਅਜਿਹੀਆਂ ਪਾਰਟੀਆਂ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ।
