
ਮੁੱਖ ਮੰਤਰੀ ਵਲੋਂ ਮਿਲਟਰੀ ਲਿਟਰੇਚਰ ਫ਼ੈਸਟੀਵਲ ਦਾ ਦਾਇਰਾ ਜ਼ਿਲ੍ਹਾ ਤੇ ਯੂਨੀਵਰਸਿਟੀ ਪੱਧਰ ਤਕ ਵਧਾਉਣ ਦਾ ਐਲਾਨ
ਕਿਹਾ, ਨੌਜਵਾਨਾਂ ਨੂੰ ਹਥਿਆਰਬੰਦ ਬਲਾਂ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨਾ ਸਮੇਂ ਦੀ ਲੋੜ
ਚੰਡੀਗੜ੍ਹ, 4 ਦਸੰਬਰ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿਚ ਜ਼ਿਲ੍ਹਾ ਅਤੇ ਯੂਨੀਵਰਸਿਟੀ ਪੱਧਰ 'ਤੇ ਮਿਲਟਰੀ ਲਿਟਰੇਚਰ ਫ਼ੈਸਟੀਵਲ (ਐਮਐਲਐਫ਼) ਦੀ ਮੇਜ਼ਬਾਨੀ ਕਰ ਕੇ ਇਸ ਦੇ ਦਾਇਰੇ ਦਾ ਵਿਸਤਾਰ ਕਰਨ ਦਾ ਐਲਾਨ ਕੀਤਾ ਹੈ |
ਇਥੇ ਮਿਲਟਰੀ ਲਿਟਰੇਚਰ ਫ਼ੈਸਟੀਵਲ ਦੇ ਸਨਮਾਨ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਹਰ ਸਾਲ ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧ ਲਈ ਪ੍ਰਬੰਧਕ ਕਮੇਟੀ ਨੂੰ ਵਧਾਈ ਦਿਤੀ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਸੂਬਾ ਸਰਕਾਰ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਦੀ ਅਮੀਰ ਵਿਰਾਸਤ ਤੋਂ ਜਾਣੂੰ ਕਰਵਾਉਣ ਅਤੇ ਉਨ੍ਹਾਂ ਵਿਚ ਫ਼ੌਜ ਵਿਚ ਭਰਤੀ ਹੋਣ ਦੀ ਭਾਵਨਾ ਪੈਦਾ ਕਰਨ ਲਈ ਜ਼ਿਲ੍ਹਾ ਅਤੇ ਯੂਨੀਵਰਸਿਟੀ ਪੱਧਰ 'ਤੇ ਇਹ ਮੇਲਾ ਕਰਵਾਏਗੀ | ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਵਿਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ ਹੈ ਜਿਸ ਨਾਲ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਵਿਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ ਜਾ ਸਕੇ |
ਪਾਕਿਸਤਾਨ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਥੇ ਲੋਕਤੰਤਰ ਕਦੇ ਵੀ ਕਾਇਮ ਨਹੀਂ ਰਿਹਾ ਕਿਉਂਕਿ ਫ਼ੌਜ ਨੇ ਇਸ ਗੁਆਂਢੀ ਮੁਲਕ ਵਿਚ ਕਈ ਵਾਰ ਚੁਣੀਆਂ ਹੋਈਆਂ ਸਰਕਾਰਾਂ ਨੂੰ ਭੰਗ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਦੇ ਉਲਟ ਭਾਰਤ ਵਿਚ ਹਥਿਆਰਬੰਦ ਬਲਾਂ ਦੀ
ਸਰਗਰਮ ਭੂਮਿਕਾ ਕਾਰਨ ਲੋਕਤੰਤਰ ਇਕ ਸਫ਼ਲ ਵਰਤਾਰਾ ਰਿਹਾ ਹੈ | ਭਗਵੰਤ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਅੱਜ ਉਨ੍ਹਾਂ ਵਰਗਾ ਆਮ ਆਦਮੀ ਸੂਬੇ ਦਾ ਮੁੱਖ ਮੰਤਰੀ ਬਣਿਆ ਹੈ | ਮੁੱਖ ਮੰਤਰੀ ਨੇ ਭਾਰਤੀ ਫ਼ੌਜ ਦੇ ਸਮਰਪਣ, ਵਚਨਬੱਧਤਾ ਅਤੇ ਦੇਸ਼ ਭਗਤੀ ਦੀ ਵੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਦੀ ਬਹਾਦਰੀ ਦੀ ਦੁਨੀਆਂ ਭਰ ਵਿਚ ਕੋਈ ਵੀ ਮਿਸਾਲ ਨਹੀਂ ਮਿਲਦੀ | ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਹਥਿਆਰਬੰਦ ਸੈਨਾਵਾਂ ਨੇ ਅਪਣੇ ਹੌਂਸਲੇ ਤੇ ਬਹਾਦਰੀ ਨਾਲ ਕਈ ਪ੍ਰੇਰਨਾਦਾਇਕ ਇਬਾਰਤਾਂ ਲਿਖੀਆਂ ਹਨ |
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦੇਸ਼ ਦੀ ਸੇਵਾ ਵਿਚ ਪਾਏ ਬੇਮਿਸਾਲ ਯੋਗਦਾਨ ਲਈ ਹਰ ਦੇਸ਼ ਵਾਸੀ ਭਾਰਤੀ ਹਥਿਆਰਬੰਦ ਬਲਾਂ ਦਾ ਰਿਣੀ ਹੈ | ਉਨ੍ਹਾਂ ਕਿਹਾ ਕਿ ਜਦੋਂ ਸਾਡੇ ਵਿਚੋਂ ਹਰ ਕੋਈ ਅਪਣੇ ਪ੍ਰਵਾਰਾਂ ਨਾਲ ਆਰਾਮ ਦੀ ਨੀਂਦ ਸੌਂ ਰਿਹਾ ਹੁੰਦਾ ਹੈ, ਉਦੋਂ ਹਥਿਆਰਬੰਦ ਬਲ ਕੜਾਕੇ ਦੀ ਠੰਢ ਅਤੇ ਗਰਮੀ ਦੇ ਮੌਸਮ ਵਿਚ ਸਾਡੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹੁੰਦੇ ਹਨ | ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਅਤੇ ਅਮਨ-ਕਾਨੂੰਨ ਦੀ ਰਾਖੀ ਲਈ ਅਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਨਿਮਰ ਸ਼ਰਧਾਂਜਲੀ ਵਜੋਂ ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਪ੍ਰਵਾਰਾਂ ਨੂੰ ਦਿਤੇ ਜਾਣ ਵਾਲੇ ਮਾਣਭੱਤੇ ਨੂੰ ਵਧਾ ਇਕ ਕਰੋੜ ਰੁਪਏ ਕੀਤਾ ਹੈ |
ਮੁੱਖ ਮੰਤਰੀ ਨੇ ਸਾਬਕਾ ਸੈਨਿਕਾਂ ਅਤੇ ਹਥਿਆਰਬੰਦ ਬਲਾਂ ਨਾਲ ਅਪਣੇ ਮਜ਼ਬੂਤ ਰਿਸ਼ਤਿਆਂ ਨੂੰ ਵੀ ਯਾਦ ਕੀਤਾ | ਉਨ੍ਹਾਂ ਦਸਿਆ ਕਿ ਉਨ੍ਹਾਂ ਦੇ ਮਾਮਾ ਜੀ ਭਾਰਤੀ ਫ਼ੌਜ ਵਿਚ ਨੌਕਰੀ ਕਰ ਚੁੱਕੇ ਹਨ | ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਐਸ.ਏ.ਐਸ.ਨਗਰ (ਮੁਹਾਲੀ) ਵਿਚ ਉਨ੍ਹਾਂ ਦੇ ਗੁਆਂਢੀ ਪੁਰਸਕਾਰ ਜੇਤੂ ਸਾਬਕਾ ਫ਼ੌਜੀ ਅਫ਼ਸਰ ਸਨ | ਇਸ ਮੌਕੇ ਮੁੱਖ ਮੰਤਰੀ ਨੇ ਕਈ ਪੁਸਤਕਾਂ ਵੀ ਰਿਲੀਜ਼ ਕੀਤੀਆਂ ਅਤੇ ਮੇਲੇ ਵਿਚ ਭਾਗ ਲੈਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਦੀ ਸਨਮਾਨ ਕੀਤਾ |