ਮੁੱਖ ਮੰਤਰੀ ਦੇ ਰੋਡ ਸ਼ੋਅ ਨੂੰ ਮਿਲਿਆ ਭਾਰੀ ਹੁੰਗਾਰਾ
ਚੰਡੀਗੜ੍ਹ: ਜਾਪਾਨ ਦੌਰੇ ਦੇ ਚੌਥੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰੋਡ ਸ਼ੋਅ ਨੂੰ ਸ਼ੁੱਕਰਵਾਰ ਨੂੰ ਓਸਾਕਾ ਵਿਖੇ ਭਰਵਾਂ ਹੁੰਗਾਰਾ ਮਿਲਿਆ ਅਤੇ ਪ੍ਰਮੁੱਖ ਜਾਪਾਨੀ ਕੰਪਨੀਆਂ ਨੇ ਰੋਡ ਸ਼ੋਅ ਵਿੱਚ ਸ਼ਿਰਕਤ ਕੀਤੀ ਤੇ ਸੂਬੇ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ।
ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵੱਡੀਆਂ ਉਦਯੋਗਿਕ ਕੰਪਨੀਆਂ ਦੀ ਭਾਈਵਾਲੀ ਭਾਰਤ-ਜਾਪਾਨ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਮਜ਼ਬੂਤ ਸਮਰਥਨ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ, ਏਕੀਕ੍ਰਿਤ ਸਿੰਗਲ-ਵਿੰਡੋ ਪ੍ਰਣਾਲੀ ਅਤੇ ਨਿਵੇਸ਼ ਲਈ ਤਿਆਰ ਮੌਕਿਆਂ ਵਿੱਚ ਵਿਸ਼ਵਵਿਆਪੀ ਨਿਵੇਸ਼ਕਾਂ ਦੀ ਵਧ ਰਹੀ ਦਿਲਚਸਪੀ ਨੂੰ ਵੀ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਸਾਡੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰਨਾ ਅਤੇ ਨਿਵੇਸ਼ਕਾਂ ਲਈ ਇੱਕ ਸਥਿਰ ਅਤੇ ਭਰੋਸੇਮੰਦ ਵਾਤਾਵਰਨ ਪੈਦਾ ਕਰਨਾ ਹੈ।
ਪੰਜਾਬ ਦੇ ਜਾਪਾਨੀ ਉਦਯੋਗ ਨਾਲ ਸਬੰਧਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਬੰਧ ਪਹਿਲਾਂ ਹੀ ਬਹੁਤ ਮਜ਼ਬੂਤ ਹਨ ਅਤੇ ਨਿਰੰਤਰ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਜਾਪਾਨ ਦੀਆਂ ਕਈ ਮਸ਼ਹੂਰ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਦਾ ਭਰੋਸਾ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਦੁਨੀਆ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਰਿਆ ਹੈ। ਉਨ੍ਹਾਂ ਨੇ ਪੰਜਾਬ ਦੀ ਰਣਨੀਤਕ ਸਥਿਤੀ, ਪ੍ਰਮੁੱਖ ਬੰਦਰਗਾਹਾਂ ਨਾਲ ਨਿਰਵਿਘਨ ਸੰਪਰਕ, ਮਜ਼ਬੂਤ ਉਦਯੋਗਿਕ ਕਲੱਸਟਰ, ਨਿਰਵਿਘਨ ਬਿਜਲੀ ਸਪਲਾਈ, ਹੁਨਰਮੰਦ ਕਾਰਜਬਲ ਅਤੇ ਪ੍ਰਗਤੀਸ਼ੀਲ ਨੀਤੀਗਤ ਵਾਤਾਵਰਨ ਦੀ ਨਿਸ਼ਾਨਦੇਹੀ ਕੀਤੀ।
ਮੁੱਖ ਮੰਤਰੀ ਨੇ ਸੂਬੇ ਦੇ ਸ਼ਾਸਨ ਅਤੇ ਰੈਗੂਲੇਟਰੀ ਸੁਧਾਰਾਂ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਫਾਸਟਟਰੈਕ ਪੰਜਾਬ ਸਿੰਗਲ-ਵਿੰਡੋ ਸਿਸਟਮ ਸ਼ਾਮਲ ਹੈ, ਜੋ 173 ਤੋਂ ਵੱਧ ਜੀ2-ਬੀ ਸੇਵਾਵਾਂ, ਆਟੋ-ਡੀਮਡ ਪ੍ਰਵਾਨਗੀਆਂ, ਪੈਨ-ਅਧਾਰਤ ਕਾਰੋਬਾਰੀ ਪਛਾਣਕਰਤਾ ਅਤੇ ਪੰਜਾਬ ਰਾਈਟ- ਟੂ- ਬਿਜ਼ਨਸ ਐਕਟ ਵਿੱਚ ਸੋਧਾਂ ਦੀ ਪੇਸ਼ਕਸ਼ ਕਰਦਾ ਹੈ, ਜੋ ਸਮਾਂਬੱਧ ਸਿਧਾਂਤਕ ਪ੍ਰਵਾਨਗੀਆਂ ਨੂੰ ਸਮਰੱਥ ਬਣਾਉਂਦਾ ਹੈ। ਉਨ੍ਹਾਂ ਨੇ ਪੰਜਾਬ ਦੇ ਉਦਯੋਗਿਕ ਬੁਨਿਆਦੀ ਢਾਂਚੇ ’ਤੇ ਵੀ ਚਾਨਣਾ ਪਾਇਆ ਅਤੇ ਕਿਹਾ ਕਿ 1.4 ਲੱਖ ਕਰੋੜ ਰੁਪਏ ਤੋਂ ਵੱਧ ਦੇ ਜ਼ਮੀਨੀ ਨਿਵੇਸ਼ ਪਹਿਲਾਂ ਹੀ ਇਨਵੈਸਟ ਪੰਜਾਬ ਰਾਹੀਂ ਸੁਰੱਖਿਅਤ ਬਣਾਏ ਜਾ ਚੁੱਕੇ ਹਨ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਸੰਕਲਪ ਸਰਲ ਅਤੇ ਸਪੱਸ਼ਟ ਹੈ ਕਿ ਪੰਜਾਬ ਨੂੰ ਨੀਤੀ ਵਿੱਚ ਸਥਿਰਤਾ, ਫੈਸਲੇ ਲੈਣ ਵਿੱਚ ਗਤੀ ਅਤੇ ਨਿਵੇਸ਼ਕਾਂ ਦੇ ਸਮੇਂ ਅਤੇ ਭਰੋਸੇ ਨੂੰ ਕਾਇਮ ਰੱਖਣ ਵਾਲੀ ਸ਼ਾਸਨ ਪ੍ਰਣਾਲੀ ਦੀ ਪੇਸ਼ਕਸ਼ ਕਰਕੇ ਵਿਸ਼ਵਵਿਆਪੀ ਉਦਯੋਗ ਲਈ ਪਸੰਦੀਦਾ ਸਥਾਨ ਬਣਾਇਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਦ੍ਰਿਸ਼ਟੀਕੋਣ ਭਾਈਵਾਲੀ ਅਤੇ ਉਦਯੋਗਾਂ ਨਾਲ ਮਿਲ ਕੇ ਕੰਮ ਕਰਨ, ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਮਝ ਕੇ ਇਹ ਯਕੀਨੀ ਬਣਾਉਣ ’ਤੇ ਅਧਾਰਤ ਹੈ ਕਿ ਸਰਕਾਰ ਵਿਕਾਸ ਦੇ ਪ੍ਰੇਰਕ ਵਜੋਂ ਕੰਮ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਆਪਣੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ, ਆਪਣੀ ਉਦਯੋਗਿਕ ਸਮਰੱਥਾ ਦਾ ਵਿਸਥਾਰ ਕੀਤਾ ਹੈ ਅਤੇ ਨਿਵੇਸ਼ ਲਈ ਨਵੇਂ ਰਸਤੇ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਉਦਯੋਗ ਵਿਚਕਾਰ ਭਾਈਵਾਲੀ ਸਫਲਤਾ ਦੀ ਕੁੰਜੀ ਹੈ ਅਤੇ ਸੂਬਾ ਸਰਕਾਰ ਦਾ ਦ੍ਰਿੜ੍ਹ ਵਿਸ਼ਵਾਸ ਹੈ ਕਿ ਉਦਯੋਗਿਕ ਵਿਕਾਸ ਸਿਰਫ਼ ਉਦੋਂ ਹੀ ਕੀਤਾ ਜਾ ਸਕਦਾ ਹੈ, ਜਦੋਂ ਅਸੀਂ ਬਰਾਬਰ ਭਾਈਵਾਲਾਂ ਵਜੋਂ ਕੰਮ ਕਰਦੇ ਹਾਂ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਧਾਂਤ, 2022 ਵਿੱਚ ਪੇਸ਼ ਕੀਤੀ ਗਈ ਸੂਬੇ ਦੀ ਨਵੀਂ ਉਦਯੋਗਿਕ ਨੀਤੀ ਦਾ ਮਾਰਗਦਰਸ਼ਕ ਹੈ, ਜੋ ਉਦਯੋਗ ਜਗਤ ਦੇ ਆਗੂਆਂ ਅਤੇ ਭਾਈਵਾਲਾਂ ਨਾਲ ਡੂੰਘੀ ਵਿਚਾਰ-ਚਰਚਾ ਪਿੱਛੋਂ ਬਣਾਈ ਗਈ ਸੀ ਤਾਂ ਜੋ ਉਨ੍ਹਾਂ ਦੀਆਂ ਜ਼ਰੂਰਤਾਂ ਅਤੇ ਇੱਛਾਵਾਂ ਦੀ ਪੂਰਤੀ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਖੇਤਰ-ਵਿਸ਼ੇਸ਼ ਨੀਤੀਆਂ ਬਣਾਉਣ ਲਈ ਉਦਯੋਗ ਦੇ ਮੁਖੀਆਂ ਦੀ ਪ੍ਰਧਾਨਗੀ ਹੇਠ 24 ਸੈਕਟਰਲ ਕਮੇਟੀਆਂ ਬਣਾਈਆਂ ਹਨ।
ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਸਾਡੀ ਸਫਲਤਾ ਦੀਆਂ ਕਹਾਣੀਆਂ ਅਤੇ ਦੀਰਘ-ਕਾਲੀ ਦ੍ਰਿਸ਼ਟੀਕੋਣ ਨੂੰ ਸਾਂਝਾ ਕਰਕੇ ਉੱਤਰੀ ਭਾਰਤ ਵਿੱਚ ਪੰਜਾਬ ਲਈ ਨਵੇਂ ਰਾਹ ਖੋਲ੍ਹਣ ਵਿੱਚ ਮਦਦ ਕਰਦੀਆਂ ਹਨ ਕਿਉਂ ਜੋ ਅਸੀਂ ਸੰਭਾਵੀ ਨਿਵੇਸ਼ਕਾਂ ਅਤੇ ਭਾਈਵਾਲਾਂ ਨੂੰ 2035 ਤੱਕ ਪੰਜਾਬ ਦੀ ਵਿਕਾਸ ਕਹਾਣੀ ਦਾ ਹਿੱਸਾ ਬਣਨ ਲਈ ਸੱਦਾ ਦਿੰਦੇ ਹਾਂ। ਉਨ੍ਹਾਂ ਨੇ ਅੱਜ ਓਸਾਕਾ ਵਿੱਚ ਉੱਚ-ਪੱਧਰੀ ਮੀਟਿੰਗਾਂ ਦੀ ਇੱਕ ਲੜੀ ਵੀ ਕੀਤੀ, ਜਿਸ ਵਿੱਚ ਏਅਰ ਵਾਟਰ ਇੰਕ. ਨਾਲ ਉਦਯੋਗਿਕ ਗੈਸਾਂ ਅਤੇ ਇੰਜੀਨੀਅਰਿੰਗ ਉਪਾਵਾਂ ਵਿੱਚ ਨਵੇਂ ਮੌਕਿਆਂ ’ਤੇ ਵਿਚਾਰ-ਵਟਾਂਦਰਾ ਵੀ ਸ਼ਾਮਲ ਹੈ।
ਮੁੱਖ ਮੰਤਰੀ ਨੇ ਵਪਾਰ, ਤਕਨਾਲੋਜੀ ਅਤੇ ਐਸ.ਐਮ.ਈ. ਸਹਿਯੋਗ ਦੀ ਪੜਚੋਲ ਕਰਨ ਲਈ ਓਸਾਕਾ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ (ਓ.ਸੀ.ਸੀ.ਆਈ) ਨਾਲ ਵੀ ਅਧਿਕਾਰਤ ਗੱਲਬਾਤ ਕੀਤੀ। ਉਨ੍ਹਾਂ ਨੇ ਟੋਕੁਸ਼ੀਮਾ ਆਕਸ਼ਨ ਮਾਰਕੀਟ ਅਤੇ ਗਲੋਬਲ ਵੈਂਚਰ ਕੰਪਨੀ, ਲਿਮਟਿਡ ਨਾਲ ਐਗਰੀ-ਮਾਰਕੀਟ ਆਧੁਨਿਕੀਕਰਨ ਅਤੇ ਸਪਲਾਈ-ਚੇਨ ਭਾਈਵਾਲੀ ਬਾਰੇ ਮੀਟਿੰਗ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਕਿ ਓਸਾਕਾ ਬਿਜ਼ਨਸ ਰੋਡ ਸ਼ੋਅ ਅਤੇ ਰਿਸੈਪਸ਼ਨ ਵਿੱਚ ਸੀਨੀਅਰ ਜਾਪਾਨੀ ਪਤਵੰਤਿਆਂ ਦੀ ਮੌਜੂਦਗੀ ਦੇਖਣ ਨੂੰ ਮਿਲੀ. ਜਿਨ੍ਹਾਂ ਵਿੱਚ ਡਾਇਰੈਕਟਰ ਜਨਰਲ, ਜੇ.ਈ.ਟੀ.ਆਰ.ਓ. ਡਿਪਟੀ ਡਾਇਰੈਕਟਰ ਜਨਰਲ, ਵਣਜ, ਉਦਯੋਗ ਅਤੇ ਕਿਰਤ ਵਿਭਾਗ, ਓਸਾਕਾ ਪ੍ਰੀਫੈਕਚਰਲ ਗਵਰਨਮੈਂਟ ਅਤੇ ਡਾਇਰੈਕਟਰ ਜਨਰਲ, ਅੰਤਰਰਾਸ਼ਟਰੀ ਮਾਮਲੇ ਵਿਭਾਗ, ਐਮ.ਈ.ਟੀ.ਆਈ. ਕਨਸਾਈ ਅਤੇ ਹੋਰ ਸ਼ਾਮਲ ਸਨ।
ਮੁੱਖ ਮੰਤਰੀ ਨੇ ਨਿਵੇਸ਼ਕਾਂ ਨੂੰ 13 ਤੋਂ 15 ਮਾਰਚ, 2026 ਨੂੰ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੋਹਾਲੀ ਵਿਖੇ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਹਿੱਸਾ ਲੈਣ ਦਾ ਸੱਦਾ ਵੀ ਦਿੱਤਾ ਤਾਂ ਜੋ ਨਿਵੇਸ਼ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੰਮੇਲਨ ਪੰਜਾਬ ਦੀ ਤਰੱਕੀ ਨੂੰ ਪ੍ਰਦਰਸ਼ਿਤ ਕਰੇਗਾ, ਮੋਹਰੀ ਉਦਯੋਗਿਕ ਖਿਡਾਰੀਆਂ ਨੂੰ ਸਿੱਕ ਪਲੇਟਫ਼ਾਰਮ ਮੁਹੱਈਆ ਕਰੇਗਾ ਅਤੇ ਭਾਈਵਾਲੀ ਤੇ ਸਹਿਯੋਗ ਲਈ ਨਵੇਂ ਮੌਕੇ ਪੇਸ਼ ਕਰੇਗਾ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਜਾਪਾਨੀ ਨਿਵੇਸ਼ਕ ਇਸ ਸੰਮੇਲਨ ਵਿੱਚ ਵੱਡੇ ਪੱਧਰ ’ਤੇ ਸ਼ਾਮਲ ਹੋਣਗੇ ਅਤੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨਗੇ।
