
ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸਨਿਚਰਵਾਰ ਨੂੰ ਕਾਂਗਰਸ ਦੇ ਸੰਸਦ ਮੈਂਬਰ ਸੁਨੀਲ ਜਾਖੜ......
ਚੰਡੀਗੜ੍ਹ (ਨੀਲ) : ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸਨਿਚਰਵਾਰ ਨੂੰ ਕਾਂਗਰਸ ਦੇ ਸੰਸਦ ਮੈਂਬਰ ਸੁਨੀਲ ਜਾਖੜ, ਗੁਰਜੀਤ ਸਿੰਘ ਔਜਲਾ, ਚੌਧਰੀ ਸੰਤੋਖ ਸਿੰਘ ਅਤੇ ਰਵਨੀਤ ਬਿੱਟੂ ਦੁਆਰਾ ਆਲੂਆਂ ਦੇ ਮਾਮਲੇ 'ਤੇ ਰਾਜਨੀਤੀ ਤੋਂ ਪ੍ਰੇਰਿਤ ਪ੍ਰਦਰਸ਼ਨ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਵਿਚਲੀ ਅਕਾਲੀ-ਭਾਜਪਾ ਸਰਕਾਰ ਅਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਸੂਬੇ ਦੇ ਆਲੂ, ਕਿੰਨੂ ਅਤੇ ਹੋਰ ਫ਼ਸਲਾਂ ਦੇ ਕਾਸ਼ਤਕਾਰਾਂ ਪ੍ਰਤੀ ਮਤਰੇਆ ਵਿਵਹਾਰ ਲਈ ਬਰਾਬਰ ਜ਼ਿੰਮੇਵਾਰ ਹਨ।
ਉਨ੍ਹਾਂ ਕਿਹਾ ਕਿ ਨਾ ਤਾਂ ਕੇਂਦਰ ਦੀ ਮੋਦੀ ਸਰਕਾਰ ਅਤੇ ਨਾ ਹੀ ਸੂਬੇ ਦੀ ਕੈਪਟਨ ਸਰਕਾਰ ਨੇ ਕਣਕ ਅਤੇ ਝੋਨੇ ਦੇ ਫ਼ਸਲੀ ਚੱਕਰ ਨੂੰ ਛੱਡ ਕੇ ਹੋਰ ਫ਼ਸਲਾਂ ਉਗਾਉਣ ਵਾਲੇ ਕਿਸਾਨਾਂ ਲਈ ਕੋਈ ਨੀਤੀ ਤਿਆਰ ਕੀਤੀ ਹੈ। ਇਸੇ ਕਾਰਨ ਹੀ ਇਨ੍ਹਾਂ ਫ਼ਸਲਾਂ ਦੇ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਲਾਗਤ ਤੋਂ ਵੀ ਘੱਟ ਮੁੱਲ 'ਤੇ ਫ਼ਸਲਾਂ ਵੇਚਣੀਆਂ ਪੈ ਰਹੀਆਂ ਹਨ। ਇਨ੍ਹਾਂ ਸੰਸਦ ਮੈਂਬਰਾਂ ਨੂੰ ਸਵਾਲ ਕਰਦਿਆਂ ਸੰਧਵਾਂ ਨੇ ਪੁੱਛਿਆ ਕਿ ਸੂਬੇ ਦੀ ਕਾਂਗਰਸ ਸਰਕਾਰ ਨੂੰ ਇਨ੍ਹਾਂ ਕਿਸਾਨਾਂ ਦੀ ਬਾਂਹ ਫੜਨ ਤੋਂ ਕੌਣ ਰੋਕ ਰਿਹਾ ਹੈ।
ਕੈਪਟਨ ਸਰਕਾਰ 'ਤੇ ਇਲਜ਼ਾਮ ਲਾਉਂਦਿਆਂ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਕਿਸਾਨਾਂ ਦੀ ਹਾਲਤ ਦਿਨ ਪ੍ਰਤੀ ਦਿਨ ਨਿਘਰਦੀ ਜਾ ਰਹੀ ਹੈ, ਜਿਸ ਕਾਰਨ ਕਿਸਾਨ ਆਤਮ ਹਤਿਆ ਦੀਆਂ ਘਟਨਾਵਾਂ ਵਿਚ ਪਹਿਲਾਂ ਨਾਲੋਂ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਕੋਲੋਂ ਘੱਟ ਮੁੱਲ 'ਤੇ ਫ਼ਸਲ ਖ਼ਰੀਦ ਕੇ ਵਿਚੋਲੀਏ ਬਾਜ਼ਾਰ ਵਿਚ ਵਾਧੂ ਮੁਨਾਫ਼ਾ ਕਮਾ ਰਹੇ ਹਨ ਪਰੰਤੂ ਸਰਕਾਰ ਇਸ ਵਲ ਕੋਈ ਧਿਆਨ ਨਹੀਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਭਰ ਵਿਚ ਆਲੂ ਭੇਜਦੇ ਹਨ ਪਰੰਤੂ ਸਰਕਾਰ ਦੀ ਅਣਗਹਿਲੀ ਕਾਰਨ ਉਨ੍ਹਾਂ ਦਾ ਬਣਦਾ ਮੁੱਲ ਨਹੀਂ ਮਿਲ ਰਿਹਾ ਹੈ।
ਸੰਧਵਾਂ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਇਸ ਸਮੇਂ ਕੇਂਦਰ ਵਿਚ ਫੂਡ ਪ੍ਰੋਸੈਸਿੰਗ ਦੇ ਮੰਤਰੀ ਹਨ ਪਰੰਤੂ ਉਹ ਸੂਬੇ ਵਿਚ ਇਸ ਸਬੰਧੀ ਕੋਈ ਵੀ ਪ੍ਰਾਜੈਕਟ ਲਿਆਉਣ ਵਿਚ ਨਾਕਾਮਯਾਬ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ-ਬੀਜੇਪੀ ਨੇ ਹਮੇਸ਼ਾ ਪੰਜਾਬ ਦੇ ਕਿਸਾਨਾਂ ਅਤੇ ਹੋਰ ਵਰਗਾਂ ਨਾਲ ਧੱਕਾ ਕੀਤਾ ਹੈ। ਅਬੋਹਰ ਅਤੇ ਹੁਸ਼ਿਆਰਪੁਰ ਵਿਚਲੇ ਫੂਡ ਪ੍ਰੋਸੈਸਿੰਗ ਯੂਨਿਟਾਂ ਦੀ ਮੰਦਹਾਲੀ ਬਾਰੇ ਬੋਲਦਿਆਂ
ਸੰਧਵਾਂ ਨੇ ਕਿਹਾ ਕਿ ਜੇਕਰ ਸਰਕਾਰ ਚਾਹੁੰਦੀ ਤਾਂ ਮਾਰਕਫੈੱਡ ਵਰਗੀਆਂ ਸਰਕਾਰੀ ਏਜੰਸੀਆਂ ਰਾਹੀਂ ਕਿਸਾਨਾਂ ਕੋਲੋਂ ਆਲੂ, ਕਿੰਨੂ, ਮੱਕੀ, ਸੂਰਜਮੁਖੀ ਆਦਿ ਫ਼ਸਲਾਂ ਖ਼ਰੀਦ ਕੇ ਉਨ੍ਹਾਂ ਦੇ ਉਤਪਾਦ ਬਣਾ ਕੇ ਕਿਸਾਨਾਂ ਦੀ ਸਹਾਇਤਾ ਕਰ ਸਕਦੀ ਸੀ ਪਰੰਤੂ ਪ੍ਰਾਈਵੇਟ ਕੰਪਨੀਆਂ ਨੂੰ ਲਾਹਾ ਦੇਣ ਦੇ ਲਈ ਉਹ ਅਜਿਹਾ ਕਰਨ ਤੋਂ ਪਾਸਾ ਵਟਦੇ ਰਹੇ ਹਨ।