ਵੱਡੀ ਗਿਣਤੀ ’ਚ ਮੌਜੂਦ ਸੰਗਤਾਂ ਵੱਲੋਂ ਸ਼ਹੀਦਾਂ ਨੂੰ ਕੀਤਾ ਗਿਆ ਨਮਨ
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ ਅਤੇ ਭਾਈ ਬੇਅੰਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ, ਸਤਿਕਾਰ ਅਤੇ ਪੰਥਕ ਭਾਵਨਾ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਅਤੇ ਪੰਥਕ ਆਗੂ ਹਾਜ਼ਰ ਹੋਏ ਅਤੇ ਸ਼ਹੀਦਾਂ ਦੀ ਯਾਦ ਨੂੰ ਨਮਨ ਕਰਦਿਆਂ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ।
ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਉਪਰੰਤ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਕੀਰਤਨ ਰਾਹੀਂ ਸ਼ਹੀਦਾਂ ਦੇ ਪੰਥ ਪ੍ਰਤੀ ਸਮਰਪਣ, ਦ੍ਰਿੜਤਾ ਅਤੇ ਬਲੀਦਾਨ ਨੂੰ ਉਜਾਗਰ ਕੀਤਾ ਗਿਆ। ਇਸ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੱਤਰ ਪ੍ਰਤਾਪ ਸਿੰਘ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਾਈ ਭਗਵੰਤ ਸਿੰਘ ਧੰਗੇੜਾ, ਭਾਈ ਭਗਵੰਤ ਸਿੰਘ ਸਿਆਲਕਾ ਸਮੇਤ ਹੋਰ ਅਧਿਕਾਰੀ ਹਾਜ਼ਰ ਰਹੇ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ (ਮਾਨ) ਵੱਲੋਂ ਸਿਮਰਨਜੀਤ ਸਿੰਘ ਮਾਨ ਦਲ ਖਾਲਸਾ ਦੇ ਆਗੂਆਂ ਅਤੇ ਹੋਰ ਪੰਥਕ ਸ਼ਖਸ਼ੀਅਤਾਂ ਨੇ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਸਿਮਰਨਜੀਤ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਣੀਆਂ ਬਹੁਤ ਜ਼ਰੂਰੀ ਹਨ ਅਤੇ ਚੋਣਾਂ ਹੋਣ ਨਾਲ ਹੀ ਪੰਥਕ ਤੇ ਗੁਰਦੁਆਰਾ ਪ੍ਰਬੰਧ ਨਾਲ ਜੁੜੇ ਮਸਲਿਆਂ ਦਾ ਹੱਲ ਸੰਭਵ ਹੈ । ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਾਨੂੰ ਸੱਚ ਅਤੇ ਇਨਸਾਫ਼ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ। ਅੰਤ ਵਿੱਚ ਭਾਈ ਸਤਵੰਤ ਸਿੰਘ ਅਤੇ ਭਾਈ ਬੇਅੰਤ ਸਿੰਘ ਜੀ ਦੇ ਪਰਿਵਾਰਾਂ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
