
ਭਾਰਤੀ ਫ਼ੌਜ ਦੇ ਸਾਬਕਾ ਮੁਖੀ ਜਨਰਲ ਜੇ.ਜੇ. ਸਿੰਘ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿਚ ਸ਼ਾਮਿਲ ਹੋ ਗਏ...
ਅੰਮ੍ਰਿਤਸਰ : ਭਾਰਤੀ ਫ਼ੌਜ ਦੇ ਸਾਬਕਾ ਮੁਖੀ ਜਨਰਲ ਜੇ.ਜੇ. ਸਿੰਘ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿਚ ਸ਼ਾਮਿਲ ਹੋ ਗਏ ਹਨ। ਇਹ ਰਸਮ ਰਣਜੀਤ ਸਿੰਘ ਬ੍ਰਹਮਪੁਰਾ, ਮੈਂਬਰ ਪਾਰਲੀਮੈਂਟ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਗ੍ਰਹਿ ਵਿਖੇ ਕੀਤੀ ਗਈ। ਇਸ ਮੌਕੇ ਸਾਬਕਾ ਮੈਂਬਰ ਪਾਰਲਮੈਂਟ ਡਾ. ਰਤਨ ਸਿੰਘ ਅਜਨਾਲਾ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਅਮਰਪਾਲ ਸਿੰਘ ਬੋਨੀ ਅਜਨਾਲਾ ਤੇ ਮਨਮੋਹਨ ਸਿੰਘ ਸਠਿਆਲਾ ਵੀ ਹਾਜ਼ਰ ਸਨ।
Retd. Gen. J.J. Singh
ਇਸ ਦੌਰਾਨ ਬ੍ਰਹਮਪੁਰਾ ਨੇ ਪਾਰਟੀ ਵਿਚ ਜਨਰਲ ਜੇ.ਜੇ ਸਿੰਘ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਆਉਣ ਵਾਲੀਆਂ ਲੋਕਸਭਾ ਚੋਣਾਂ ਵਿਚ ਜਨਰਲ ਨੂੰ ਵੀ ਮੈਦਾਨ ਵਿਚ ਉਤਾਰਿਆ ਜਾਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਜਲਦੀ ਹੀ ਪਾਰਟੀ ਲੋਕਸਭਾ ਹਲਕਿਆਂ ਦੇ ਲਈ ਅਪਣੀ ਉਮੀਦਵਾਰਾਂ ਦਾ ਐਲਾਨ ਕਰੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਚੋਣਾਂ 'ਚ ਉਹ ਅਤੇ ਡਾ. ਰਤਨ ਸਿੰਘ ਅਜਨਾਲਾ ਨਹੀਂ ਲੜਨਗੇ। ਆਉਣ ਵਾਲੇ ਸਮੇਂ ਵਿਚ ਹੋਰ ਵੀ ਬਹੁਤ ਵੱਡੇ ਆਗੂ ਇਸ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ।
Taksali Akali
ਜਨਰਲ ਜੇ.ਜੇ. ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੇ ਜਦੋਂ ਉਨ੍ਹਾਂ ਨੂੰ ਪਟਿਆਲਾ ਤੋਂ ਚੋਣ ਲੜਾਈ ਤਾਂ ਉਨ੍ਹਾਂ ਨੂੰ ਉੱਥੇ ਧੋਖੇ ਨਾਲ ਹਰਾਇਆ ਗਿਆ ਸੀ। ਉਹ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਸਨ ਪਰ ਪਾਰਟੀ ਵਲੋਂ ਹੀ ਉਨ੍ਹਾਂ ਨੂੰ ਧੋਖੇ ਨਾਲ ਹਰਾ ਦੇਣਾ ਇਕ ਬਹੁਤ ਵੱਡੀ ਸਾਜ਼ਿਸ਼ ਸੀ। ਇਸ ਦੌਰਾਨ ਜੇ.ਜੇ. ਸਿੰਘ ਨੇ ਮੰਨਿਆ ਕਿ ਜੂਨ 1984 ਵਿਚ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ 'ਤੇ ਹੋਏ ਫ਼ੌਜੀ ਹਮਲੇ ਦੌਰਾਨ ਬਹੁਤ ਸਾਰਾ ਰਿਕਾਰਡ ਭਾਰਤੀ ਫ਼ੌਜ ਤੋਂ ਲੈ ਕੇ ਭਾਰਤ ਸਰਕਾਰ ਨੂੰ ਦਿਤਾ ਗਿਆ ਸੀ। ਜਿਸ ਦਾ ਰਿਕਾਰਡ ਅੱਜ ਵੀ ਦਸਤਾਵੇਜ਼ ਵਜੋਂ ਮੌਜੂਦ ਹੈ।