
ਐਸ.ਸੀ. ਨੌਜਵਾਨਾਂ ਦਾ ਆਰਥਕ ਪੱਧਰ ਉਪਰ ਚੁੱਕਣ ਲਈ 695.20 ਲੱਖ ਦੇ ਕਰਜ਼ੇ ਮੁਹਈਆ ਕਰਵਾਏ: ਧਰਮਸੋਤ
ਚੰਡੀਗੜ੍ਹ, 5 ਫ਼ਰਵਰੀ (ਭੁਲੱਰ): ਪੰਜਾਬ ਦੇ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ 695.20 ਲੱਖ ਦੇ ਕਰਜ਼ੇ ਵੰਡੇ ਜਾ ਚੁੱਕੇ ਹਨ। ਇਹ ਕਰਜ਼ੇ 494 ਨੌਜਵਾਨਾਂ ਨੂੰ ਘੱਟ ਵਿਆਜ਼ ਦਰਾਂ ’ਤੇ ਮੁਹਈਆ ਕਰਵਾਏ ਗਏ ਹਨ।
ਪੰਜਾਬ ਦੇ ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਜਾਣਕਾਰੀ ਦਿੰਦਿਆਂ ਦਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਸਾਲ 2020-2021 ਦੌਰਾਨ 1400 ਗ਼ਰੀਬ ਅਤੇ ਯੋਗ ਨੌਜਵਾਨਾਂ ਨੂੰ 2250 ਲੱਖ ਰੁਪਏ ਦੇ ਕਰਜ਼ੇ ਵੰਡਣ ਦਾ ਟੀਚਾ ਮਿਥਿਆ ਗਿਆ ਸੀ। ਹੁਣ ਤਕ 494 ਨੌਜਵਾਨਾਂ ਨੂੰ 695.20 ਲੱਖ ਦੇ ਕਰਜ਼ਾ ਘੱਟ ਵਿਆਜ਼ ਦਰਾਂ ’ਤੇ ਮੁਹਈਆ ਕਰਵਾਇਆ ਜਾ ਚੁੱਕਾ ਹੈ, ਅਤੇ ਹੋਰਨਾਂ ਨੌਜਵਾਨਾਂ ਨੂੰ ਕਰਜ਼ ਮੁਹਈਆ ਕਰਵਾਉਣ ਦੀ ਪ੍ਰਕਿਰਿਆ ਜਾਰੀ ਹੈ।
ਮੰਤਰੀ ਨੇ ਦਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਪਿਛਲੇ ਲਗਭੱਗ 4 ਸਾਲਾਂ ਦੇ ਸਮੇਂ ਦੌਰਾਨ ਸੂਬੇ ਦੇ 6404 ਗ਼ਰੀਬ ਐਸ.ਸੀ. ਨੌਜਵਾਨਾਂ ਨੂੰ 5842.89 ਲੱਖ ਰੁਪਏ ਦੇ ਕਰਜ਼ੇ ਮੁਹਈਆ ਕਰਵਾਏ ਜਾ ਚੁੱਕੇ ਹਨ। ਜਿਨ੍ਹਾਂ ਨੂੰ ਪ੍ਰਾਪਤ ਕਰ ਕੇ ਉਹ ਅਪਣਾ ਸਵੈ-ਰੁਜ਼ਗਾਰ ਸ਼ੁਰੂ ਕਰ ਚੁੱਕੇ ਹਨ ਅਤੇ ਅਪਣਾ ਜੀਵਨ ਨਿਰਬਾਹ ਕਰ ਰਹੇ ਹਨ। ਉਨ੍ਹਾਂ ਦਸਿਆ ਕਿ ਮੌਜੂਦਾ ਸਰਕਾਰ ਨੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕਰਜ਼ਾ ਕੇਸਾਂ ਦੇ ਛੇਤੀ ਨਿਪਟਾਰੇ ਲਈ 1 ਲੱਖ ਤਕ ਦੇ ਕਰਜ਼ੇ ਨੂੰ ਪ੍ਰਵਾਨ ਕਰਨ ਦਾ ਅਧਿਕਾਰ ਜ਼ਿਲ੍ਹਾ ਪੱਧਰ ’ਤੇ ਜ਼ਿਲ੍ਹਾ ਮੈਨੇਜਰਾਂ ਨੂੰ ਦਿਤਾ ਗਿਆ ਹੈ। ਉਨ੍ਹਾਂ ਦਸਿਆ ਕਿ ਕਰਜ਼ਾ ਪ੍ਰਕਿਰਿਆ ਨੂੰ ਹੋਰ ਸੁਖਾਲਾ ਕਰਨ ਲਈ ਜ਼ਿਲ੍ਹਾ ਪਧਰੀ ਸਕਰੀਨਿੰਗ ਕਮੇਟੀ ਵਿੱਚ ਵੀ ਸੋਧ ਕੀਤੀ ਗਈ ਹੈ।