
ਸ੍ਰੀ ਚਮਕੌਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ’ਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ 10 ਸਾਲਾਂ ਦੇ ਕੁਸ਼ਾਸਨ ਦੌਰਾਨ...
ਸ੍ਰੀ ਚਮਕੌਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ’ਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ 10 ਸਾਲਾਂ ਦੇ ਕੁਸ਼ਾਸਨ ਦੌਰਾਨ ਗੁਰੂ ਘਰਾਂ ਦੀ ਸੰਭਾਲ ਤੱਕ ਨਹੀਂ ਕੀਤੀ। ਇਸ ਮੌਕੇ ਉਨ੍ਹਾਂ ਨੇ ਸ੍ਰੀ ਚਮਕੌਰ ਸਾਹਿਬ ਨੂੰ ਮਿਊਂਸਪਲ ਕਮੇਟੀ ਦਾ ਦਰਜਾ ਦੇਣ ਦੀ ਸਿਧਾਂਤਕ ਪ੍ਰਵਾਨਗੀ ਦਿੰਦਿਆਂ ਇਲਾਕੇ ਲਈ ਕਈ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲਜ਼ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਰੱਖਿਆ। ਇਹ ਇੰਸਟੀਚਿਊਟ ਇੰਦਰ ਕੁਮਾਰ ਗੁਜਰਾਲ ਟੈਕਨੀਕਲ ਯੂਨੀਵਰਸਿਟੀ ਦਾ ਕਾਂਸਟੀਟੂਐਂਟ ਕਾਲਜ ਹੈ।
ਇਹ ਪ੍ਰਾਜੈਕਟ ਪਵਿੱਤਰ ਸ਼ਹਿਰ ਸ੍ਰੀ ਚਮਕੌਰ ਸਾਹਿਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਸਰਕਾਰ ਦੀ ਉਲੀਕੀ ਹੋਈ ਯੋਜਨਾ ਦਾ ਹਿੱਸਾ ਹੈ। ਮੁੱਖ ਮੰਤਰੀ ਨੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਦੇ ਨਾਂ ’ਤੇ ਸ਼ਹਿਰ ਵਿੱਚ ਦੋ ਗੇਟ ਉਸਾਰਨ ਦਾ ਵੀ ਐਲਾਨ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਦੀ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦਗਾਰ ਅਤੇ ਫ਼ਤਿਹਗੜ੍ਹ ਸਾਹਿਬ ਵਿੱਚ ਚਾਰ ਗੇਟ ਬਣਾਏ ਜਾਣ ਨੂੰ ਚੇਤੇ ਕਰਦਿਆਂ ਆਖਿਆ ਕਿ ਅਕਾਲੀਆਂ ਨੇ ਆਪਣੇ ਇਕ ਦਹਾਕੇ ਦੇ ਮਾੜੇ ਸ਼ਾਸਨ ਕਾਲ ਦੌਰਾਨ ਸਮਾਜ ਦੇ ਕਿਸੇ ਵੀ ਤਬਕੇ ਲਈ ਕੱਖ ਨਹੀਂ ਕੀਤਾ।
Captain Amarinder Singh announcing development projects-1ਉਨਾਂ ਕਿਹਾ ਕਿ ਅਕਾਲੀਆਂ ਨੇ ਤਾਂ ਸੂਬੇ ਦੇ ਅਰਥਚਾਰੇ ਦਾ ਵੀ ਭੱਠਾ ਬਿਠਾ ਕੇ ਰੱਖ ਦਿੱਤਾ। ਮੁੱਖ ਮੰਤਰੀ ਨੇ 15.11 ਕਰੋੜ ਦੀ ਲਾਗਤ ਵਾਲੇ ਦੋ ਹੋਰ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ, ਜਿਨ੍ਹਾਂ 'ਚ 11.50 ਕਰੋੜ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਅਤੇ ਬਾਹਰੀ ਦਿੱਖ ਸੰਵਾਰਨ ਦਾ ਪ੍ਰਾਜੈਕਟ ਅਤੇ 3.61 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਨੂੰ ਮਜ਼ਬੂਤ ਬਣਾਉਣ ਅਤੇ ਅਪਗ੍ਰੇਡ ਕਰਨ ਦਾ ਪ੍ਰਾਜੈਕਟ ਸ਼ਾਮਲ ਹੈ। ਮੁੱਖ ਮੰਤਰੀ, ਜੋ ਇਸ ਤੋਂ ਪਹਿਲਾਂ ਸ੍ਰੀ ਚਮਕੌਰ ਸਾਹਿਬ ਵਿਖੇ ਨਤਮਸਤਕ ਹੋਏ, ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਸੜਕਾਂ ਅਤੇ ਪਾਰਕਿੰਗ ਦੀ ਘਾਟ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ।
Captain Amarinder Singh announcing development projects-2ਇਸ ਮੌਕੇ ਉਨ੍ਹਾਂ ਨੇ ਗਲਿਆਰਾ ਸਕੀਮ ਲਈ ਪਹਿਲਾਂ ਹੀ ਪ੍ਰਵਾਨਿਤ ਕੀਤੇ 11 ਕਰੋੜ ਰੁਪਏ ਤੋਂ ਇਲਾਵਾ ਚਾਰ ਕਰੋੜ ਰੁਪਏ ਹੋਰ ਦੇਣ ਦਾ ਐਲਾਨ ਕੀਤਾ। ਹੋਰਾਂ ਪ੍ਰਾਜੈਕਟਾਂ ਦੀ ਵਿਸਥਾਰਤ ਜਾਣਕਾਰੀ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ‘ਸਵਦੇਸ਼ ਦਰਸ਼ਨ ਸਕੀਮ’ ਹੇਠ 11.50 ਕਰੋੜ ਰੁਪਏ ਦੀ ਲਾਗਤ ਨਾਲ ਇੱਥੋਂ ਦਾ ਸੁੰਦਰੀਕਰਨ ਕੀਤਾ ਜਾਵੇਗਾ। ਇਸ ਵਿੱਚ ਮੋਰਿੰਡਾ-ਬੇਲਾ ਸੜਕ ਅਤੇ ਸੰਦੌਨ ਸੜਕ ਨੂੰ ਜੋੜਦੇ ਚੌਂਕ ਦਾ ਸੁੰਦਰੀਕਰਨ ਵੀ ਸ਼ਾਮਲ ਹੈ।
ਇਸ ਤੋਂ ਇਲਾਵਾ 5 ਕਰੋੜ ਦੀ ਲਾਗਤ ਨਾਲ ਮੁਢਲੀਆਂ ਸਹੂਲਤਾਂ ਨਾਲ ਪਾਰਕਿੰਗ, 5 ਕਰੋੜ ਰੁਪਏ ਦੀ ਲਾਗਤ ਨਾਲ ਗੁਰਦੁਆਰਾ ਸ੍ਰੀ ਕਤਲਗੜ ਸਾਹਿਬ ਦੇ ਸਾਹਮਣੇ ਮਾਰਕੀਟ ਅਤੇ ਖੇਤਰ ਦੇ ਵਿਕਾਸ ਅਤੇ 1.20 ਕਰੋੜ ਰੁਪਏ ਦੀ ਲਾਗਤ ਨਾਲ ਗੁਰਦੁਆਰਾ ਸ੍ਰੀ ਗੜੀ ਸਾਹਿਬ ਵਿਖੇ ਪਾਰਕਿੰਗ ਅਤੇ ਇਸ ਸਥਾਨ ਦਾ ਵਿਕਾਸ ਕਰਨ ਸ਼ਾਮਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ 14 ਕਰੋੜ ਰੁਪਏ ਦੀ ਲਾਗਤ ਨਾਲ ਥੀਮ ਪਾਰਕ ਮੁਕੰਮਲ ਕਰੇਗੀ। ਉਨਾਂ ਕਿਹਾ ਕਿ ਇਹ ਪਾਰਕ ਉਨਾਂ ਵੱਲੋਂ ਹੀ ਸਾਲ 2006 ਵਿੱਚ ਸ਼ੁਰੂ ਕੀਤਾ ਗਿਆ ਸੀ ਪਰ ਅਕਾਲੀ ਸਰਕਾਰ ਨੇ ਇਸ ਨੂੰ ਬੰਦ ਕਰਵਾ ਦਿੱਤਾ ਸੀ।
Captain Amarinder Singh announcing development projects-3ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ’ਤੇ ਚਾਣਨਾ ਪਾਇਆ। ਉਨ੍ਹਾਂ ਕਿਹਾ ਕਿ ਆਪਣੀ ਪਿਛਲੀ ਸਰਕਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਇੱਥੋਂ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਹੈ ਅਤੇ ਇਸ ਨੂੰ ਸਬ-ਡਵੀਜ਼ਨ ਬਣਾਇਆ ਸੀ। ਉਨਾਂ ਨੇ ਮੁੱਖ ਮੰਤਰੀ ਨੂੰ ਇਸ ਖੇਤਰ ਵਿੱਚ ਤੁਪਕਾ ਸਿੰਚਾਈ ਪ੍ਰਾਜੈਕਟ ਸ਼ੁਰੂ ਕਰਨ ਲਈ ਅਪੀਲ ਕੀਤੀ।
Captain Amarinder Singh announcing development projects-4ਇਸ ਮੌਕੇ ਪੀ.ਡਬਲਯੂ.ਡੀ ਮੰਤਰੀ ਵਿਜੇ ਇੰਦਰ ਸਿੰਗਲਾ, ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਦੇ ਮੀਡੀਆ ਰਵੀਨ ਠੁਕਰਾਲ, ਵਿਧਾਇਕ ਦਰਸ਼ਨ ਲਾਲ ਮੰਗੂਪੂਰ ਅਤੇ ਗੁਰਪ੍ਰੀਤ ਸਿੰਘ ਜੀ.ਪੀ., ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਡੀ.ਕੇ. ਤਿਵਾੜੀ, ਪ੍ਰਮੁੱਖ ਸਕੱਤਰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਕਾਸ ਪ੍ਰਤਾਪ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਅਤੇ ਡਿਪਟੀ ਕਮਿਸ਼ਨਰ ਸੁਮਿਤ ਜਰੰਗਲ ਹਾਜ਼ਰ ਸਨ।