
ਪੰਜਾਬ ਵਿਧਾਨ ਸਭਾ ਵਲੋਂ ਤਿੰਨੇ ਕੇਂਦਰੀ ਖੇਤੀ ਕਾਨੂੰਨ ਵਾਪਸ ਲੈਣ ਲਈ ਮੁੜ ਮਤਾ ਪਾਸ
ਮੁੱਖ ਮੰਤਰੀ ਵਲੋਂ ਪੇਸ਼ ਕੀਤੇ ਮਤੇ ਵਿਚ ਕਿਸਾਨਾਂ ਤੇ ਦਿੱਲੀ 'ਚ ਦਰਜ ਸਾਰੇ ਕੇਸ ਵਾਪਸ ਲੈਣ ਦੀ ਮੰਗ
ਚੰਡੀਗੜ੍ਹ, 5 ਮਾਰਚ (ਗੁਰਉਪਦੇਸ਼ ਭੁੱਲਰ) : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਪਾਰਟੀਆਂ ਦੇ ਭਾਰੀ ਹੰਗਾਮੇ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਤੇ 'ਆਪ' ਮੈਂਬਰਾਂ ਦੀ ਹਾਜ਼ਰੀ ਵਿਚ ਕੇਂਦਰ ਵਲੋਂ ਪਾਸ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁਧ ਅੱਜ ਇਕ ਵਾਰ ਮੁੜ ਮਤਾ ਪਾਸ ਕਰ ਦਿਤਾ ਗਿਆ ਹੈ | ਸਦਨ 'ਚ ਮੌਜੂਦ ਮੈਬਰਾਂ ਨੇ ਇਹ ਮਤਾ ਸਰਬਸੰਮਤੀ ਨਾਲ ਪਾਸ ਕੀਤਾ, ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੇਸ਼ ਕੀਤਾ ਗਿਆ ਸੀ | ਸਦਨ 'ਚ ਕਾਂਗਰਸ ਮੈਬਰਾਂ ਤੋਂ ਇਲਾਵਾ 'ਆਪ' ਦੇ ਪੰਜ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਕੰਵਰ ਸੰਧੂ, ਜਗਦੇਵ ਕਮਾਲੂ, ਪਿਰਮਲ ਸਿੰਘ ਖ਼ਾਲਸਾ ਤੇ
ਨਾਜ਼ਰ ਸਿੰਘ ਮਾਨਸ਼ਾਹੀਆਂ ਮੌਜੂਦ ਸਨ | ਇਨ੍ਹਾਂ ਵਲੋਂ ਮਤੇ ਦਾ ਸਮਰਥਨ ਕੀਤਾ ਗਿਆ ਹੈ | ਇਸ ਤੋਂ ਇਲਾਵਾ ਇਸ ਮੌਕੇ ਲੋਕ ਇਨਸਾਫ਼ ਪਾਰਟੀ ਦੇ ਦੋਵੇਂ ਵਿਧਾਇਕ ਬੈਂਸ ਭਰਾ ਸਿਮਰਜੀਤ ਸਿੰਘ ਬੈਂਸ ਤੇ ਬimageਲਵਿੰਦਰ ਸਿੰਘ ਬੈਂਸ ਵੀ ਮੌਜੂਦ ਸਨ, ਜਿਨ੍ਹਾਂ ਨੇ ਮਤੇ ਦੀ ਹਮਾਇਤ ਕੀਤੀ | ਪਾਸ ਕੀਤੇ ਮਤੇ 'ਚ ਕੇਂਦਰ ਸਰਕਾਰ ਤੋਂ ਤਿੰਨੇ ਖੇਤੀ ਕਾਨੂੰਨ ਬਿਨਾਂ ਸ਼ਰਤ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ | ਦਿੱਲੀ 'ਚ ਦਰਜ ਕਿਸਾਨਾਂ 'ਤੇ ਕੇਸ ਵਾਪਸ ਲੈਣ ਤੋਂ ਇਲਾਵਾ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਦੀ ਮੰਗ ਦਾ ਵੀ ਸਮਰਥਨ ਕੀਤਾ ਗਿਆ | ਇਨ੍ਹਾਂ ਕਾਨੂੰਨਾਂ ਨੂੰ ਗ਼ੈਰ ਸੰਵਿਧਾਨਕ ਤੇ ਰਾਜਾਂ ਦਾ ਵਿਸ਼ਾ ਦਸਿਆ ਗਿਆ | ਕੇਂਦਰ ਸਰਕਾਰ ਦੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਪ੍ਰਤੀ ਰਵੱਈਏ ਦੀ ਵੀ ਨਿੰਦਾ ਕੀਤੀ ਗਈ |