
ਇਸ਼ਤਿਹਾਰ ਤੋਂ ਬਾਅਦ ਨਿਯਮਾਂ 'ਚ ਬਦਲਾਅ ਦਾ ਹੈ ਮਾਮਲਾ
High Court News: ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ 'ਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ 'ਤੇ ਭਰਤੀ 'ਤੇ ਲਗਾਈ ਰੋਕ 4 ਅਪ੍ਰੈਲ ਤਕ ਵਧਾ ਦਿਤੀ ਹੈ। ਪੰਜਾਬ ਸਰਕਾਰ ਨੇ 12 ਅਕਤੂਬਰ, 2023 ਨੂੰ ਇਹ ਭਰੋਸਾ ਦਿਤਾ ਸੀ ਕਿ ਉਹ ਪਟੀਸ਼ਨ ਪੈਂਡਿੰਗ ਹੋਣ 'ਤੇ ਭਰਤੀ ਨੂੰ ਅੱਗੇ ਨਹੀਂ ਵਧਾਏਗੀ, ਪਰ ਸਰਕਾਰ ਨੇ ਹੁਣ ਅਰਜ਼ੀ ਦਾਇਰ ਕਰਕੇ ਇਹ ਅੰਡਰਟੇਕਿੰਗ (ਭਰੋਸਾ) ਵਾਪਸ ਲੈ ਲਈ ਹੈ।
ਪਟੀਸ਼ਨ ਦਾਇਰ ਕਰਦਿਆਂ ਪਰਵਿੰਦਰ ਸਿੰਘ ਅਤੇ ਹੋਰਨਾਂ ਨੇ ਐਡਵੋਕੇਟ ਵਿਕਾਸ ਚਤਰਥ ਰਾਹੀਂ ਹਾਈ ਕੋਰਟ ਨੂੰ ਦਸਿਆ ਕਿ ਪੰਜਾਬ ਸਰਕਾਰ ਨੇ 12 ਅਕਤੂਬਰ 2022 ਨੂੰ ਈਟੀਟੀ ਦੀਆਂ 5994 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਸੀ। ਪਟੀਸ਼ਨਕਰਤਾਵਾਂ ਨੇ ਇਸ ਲਈ ਅਰਜ਼ੀ ਵੀ ਦਿਤੀ ਸੀ ਕਿਉਂਕਿ ਉਨ੍ਹਾਂ ਨੇ ਇਸ਼ਤਿਹਾਰ ਵਿਚ ਯੋਗਤਾ ਦੇ ਮਾਪਦੰਡ ਪੂਰੇ ਕੀਤੇ ਸਨ। 28 ਅਕਤੂਬਰ 2022 ਨੂੰ ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸਰਵਿਸ ਰੂਲਜ਼ ਨੂੰ ਨੋਟੀਫਾਈ ਕੀਤਾ ਸੀ।
ਇਸ ਤਹਿਤ ਗਰੁੱਪ ਸੀ ਦੀਆਂ ਸਾਰੀਆਂ ਸਰਕਾਰੀ ਨੌਕਰੀਆਂ ਲਈ ਪੰਜਾਬੀ ਦੀ ਵਾਧੂ ਪ੍ਰੀਖਿਆ ਲਾਜ਼ਮੀ ਕਰ ਦਿਤੀ ਗਈ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਰਾਖਵੇਂ ਵਰਗ ਨੂੰ ਕੋਈ ਢਿੱਲ ਨਹੀਂ ਦਿਤੀ ਗਈ। ਇਸ ਤੋਂ ਬਾਅਦ 1 ਦਸੰਬਰ 2022 ਨੂੰ ਇਕ ਨੋਟੀਫਾਈ ਪੱਤਰ ਜਾਰੀ ਕੀਤਾ ਗਿਆ ਸੀ, ਜਿਸ ਤਹਿਤ ਈਟੀਟੀ ਦੀਆਂ 5994 ਅਸਾਮੀਆਂ ਭਰਨ ਲਈ 12 ਅਕਤੂਬਰ ਨੂੰ ਜਾਰੀ ਇਸ਼ਤਿਹਾਰ 'ਤੇ ਵੀ ਇਸ ਨੂੰ ਲਾਗੂ ਕੀਤਾ ਗਿਆ ਸੀ। ਪਟੀਸ਼ਨਰ ਨੇ ਕਿਹਾ ਕਿ ਇਸ ਨੋਟੀਫਿਕੇਸ਼ਨ ਨੂੰ ਕਿਸੇ ਵੀ ਪਹਿਲਾਂ ਜਾਰੀ ਕੀਤੀ ਗਈ ਭਰਤੀ 'ਤੇ ਲਾਗੂ ਕਰਨਾ ਪੂਰੀ ਤਰ੍ਹਾਂ ਗਲਤ ਹੈ। ਅਜਿਹੀ ਸਥਿਤੀ ਵਿਚ ਇਸ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੇ ਹੁਕਮ ਦਿਤੇ ਜਾਣ ਅਤੇ ਭਰਤੀ ਪ੍ਰਕਿਰਿਆ ਨੂੰ ਵੀ ਰੋਕਿਆ ਜਾਵੇ।
ਹਾਈ ਕੋਰਟ ਨੇ ਕਿਹਾ ਕਿ ਇਸ ਪਟੀਸ਼ਨ 'ਚ ਭਰਤੀ ਨੂੰ ਚੁਣੌਤੀ ਦੇਣ ਦਾ ਸੱਭ ਤੋਂ ਮਹੱਤਵਪੂਰਨ ਆਧਾਰ ਇਸ਼ਤਿਹਾਰ ਜਾਰੀ ਹੋਣ ਤੋਂ ਬਾਅਦ ਭਰਤੀ ਪ੍ਰਕਿਰਿਆ 'ਚ ਬਦਲਾਅ ਹੈ। ਇਸ ਸੋਧ ਕਾਰਨ ਕੁੱਝ ਲੋਕ ਜੋ ਪਹਿਲਾਂ ਯੋਗ ਸਨ, ਬਾਅਦ ਵਿਚ ਅਯੋਗ ਹੋ ਗਏ ਅਤੇ ਅਜਿਹੇ ਲੋਕ ਵੀ ਹਨ ਜੋ ਯੋਗ ਹੋਣ ਦੇ ਬਾਵਜੂਦ ਅਪਲਾਈ ਨਹੀਂ ਕਰ ਸਕੇ। ਫਿਲਹਾਲ ਇਹ ਭਰਤੀ ਅੰਤਿਮ ਪੜਾਅ 'ਤੇ ਹੈ ਅਤੇ ਚੁਣੇ ਗਏ ਬਿਨੈਕਾਰਾਂ ਦੀ ਨਿਯੁਕਤੀ ਹੋਣੀ ਬਾਕੀ ਹੈ।
(For more Punjabi news apart from Ban on recruitment of 5994 ETT teachers in Punjab will continue till April 4, stay tuned to Rozana Spokesman)