
ਕੈਪਟਨ ਦੀ ਕਾਂਗਰਸ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਕਰਜ਼ਾ ਮੁਆਫ਼ੀ ਸਕੀਮ ਤਹਿਤ ਅਜ 6 ਜ਼ਿਲ੍ਹਿਆਂ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਲਈ...
ਗੁਰਦਾਸਪੁਰ : ਕੈਪਟਨ ਦੀ ਕਾਂਗਰਸ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਕਰਜ਼ਾ ਮੁਆਫ਼ੀ ਸਕੀਮ ਤਹਿਤ ਅਜ 6 ਜ਼ਿਲ੍ਹਿਆਂ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਲਈ ਗੁਰਦਾਸਪੁਰ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕਰੀਬ 26998 ਕਿਸਾਨਾਂ ਸਿਰ ਚੜ੍ਹਿਆ 156 ਕਰੋੜ 12 ਲੱਖ ਰੁਪਏ ਦਾ ਕਰਜ਼ਾ ਮੁਆਫ਼ ਕੀਤਾ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਜ਼ਿਲਿਆਂ ਦੇ 6-6 ਕਿਸਾਨਾਂ ਨੂੰ ਆਪਣੇ ਹੱਥੀਂ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡਣ ਦੇ ਨਾਲ-ਨਾਲ ਗੁਰਦਾਸਪੁਰ ਜ਼ਿਲ੍ਹੇ ਲਈ ਕਈ ਐਲਾਨ ਕੀਤੇ ਅਤੇ ਨਾਲ ਹੀ ਅਪਣੀ ਸਰਕਾਰ ਦੀਆਂ ਇਕ ਸਾਲ ਦੀਆਂ ਪ੍ਰਾਪਤੀਆਂ ਗਿਣਾਉਂਦੇ ਹੋਏ ਪਿਛਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਏ।
CM amrinder singh
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਰਥਿਕ ਮੰਦਹਾਲੀ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੇ ਨਾ ਸਿਰਫ਼ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਤੋਰਿਆ ਹੈ, ਸਗੋਂ ਪਹਿਲੇ ਸਾਲ ਦੌਰਾਨ ਹੀ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦੇ ਪੂਰੇ ਕਰਨ ਦੀ ਸ਼ੁਰੂਆਤ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਤਕ 3 ਫੇਜ਼ਾਂ ਵਿਚ ਪੰਜਾਬ ਦੇ 16 ਜ਼ਿਲ੍ਹਿਆਂ ਨਾਲ ਸਬੰਧਤ ਕਰੀਬ 1 ਲੱਖ 2 ਹਜ਼ਾਰ ਕਿਸਾਨਾਂ ਦਾ 457 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਜਾ ਚੁਕਾ ਹੈ ਅਤੇ ਇਸ ਸਾਲ ਦੇ ਅਖੀਰ ਤਕ ਸਹਿਕਾਰੀ ਬੈਂਕਾਂ ਦਾ ਕਰਜ਼ਾ ਮੁਆਫ਼ ਕਰਨ ਦੇ ਬਾਅਦ ਕਮਰਸ਼ੀਅਲ ਬੈਂਕਾਂ ਕੋਲੋਂ ਕਰਜ਼ਾ ਲੈਣ ਵਾਲੇ ਕਿਸਾਨਾਂ ਨੂੰ ਰਾਹਤ ਦੇਣ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ।
CM amrinder singh
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਬੇਜ਼ਮੀਨੇ ਮਜ਼ਦੂਰਾਂ ਨੂੰ 50 ਹਜ਼ਾਰ ਰੁਪਏ ਤਕ ਦੀ ਮਾਲੀ ਸਹਾਇਤਾ ਦਿਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿਚ ਪੰਜਾਬ ਸਰਕਾਰ ਹੀ ਅਜਿਹੀ ਸਰਕਾਰ ਹੈ, ਜੋ ਕਿਸਾਨਾਂ ਦਾ 2-2 ਲੱਖ ਰੁਪਏ ਤਕ ਦਾ ਕਰਜ਼ਾ ਮੁਆਫ਼ ਕਰ ਰਹੀ ਹੈ, ਜਦੋਂਕਿ ਉੱਤਰ ਪ੍ਰਦੇਸ਼ ਦੀ ਸਰਕਾਰ ਵਲੋਂ ਸਿਰਫ਼ 1 ਲੱਖ ਅਤੇ ਰਾਜਸਥਾਨ, ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਦੀਆਂ ਸਰਕਾਰਾਂ ਵਲੋਂ ਸਿਰਫ਼ 50 ਹਜ਼ਾਰ ਰੁਪਏ ਤਕ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਉਨ੍ਹਾਂ ਗੁਰਦਾਸਪੁਰ ਅੰਦਰ ਇਕ ਨਵਾਂ ਮੈਡੀਕਲ ਕਾਲਜ ਬਣਾਉਣ ਅਤੇ ਬਟਾਲਾ 'ਚ ਨਵੀਂ ਖੰਡ ਮਿੱਲ ਦਾ ਐਲਾਨ ਕਰਨ ਤੋਂ ਇਲਾਵਾ ਪਨਿਆੜ ਮਿੱਲ ਨੂੰ ਅਪਗ੍ਰੇਡ ਕਰਨ ਸਬੰਧੀ ਵੀ ਐਲਾਨ ਕੀਤਾ।