
ਅਕਾਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਵਾਈ ਅਤੇ ਕੈਪਟਨ ਨੇ ਗੁਟਕਾ ਸਾਹਿਬ ਹੱਥ ਵਿਚ ਫੜ ਕੇ ਝੂਠੀ ਸਹੁੰ ਖਾਧੀ, ਦੋਵੇਂ ਬਰਾਬਰ ਦੇ ਦੋਸ਼ੀ- ਆਪ
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਬਰਬਾਦ ਕਰਨ ਲਈ ਕਾਂਗਰਸ ਅਤੇ ਅਕਾਲੀ ਦਲ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਦੋਵੇਂ ਧਿਰਾਂ ਨੇ ਸੱਤਾ ਰਹਿੰਦੇ ਹੋਏ ਹਮੇਸ਼ਾ ਸੂਬੇ ਦੇ ਲੋਕਾਂ ਨੂੰ ਧੋਖਾ ਦਿੱਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੋ ਅੱਜ ਪੰਜਾਬ ਦੀ ਹਾਲਤ ਹੋਈ ਹੈ ਉਹ ਸਿਰਫ ਇਨ੍ਹਾਂ ਦੋਵਾਂ ਪਾਰਟੀਆਂ ਦੀਆਂ ਲੋਕ ਵਿਰੋਧੀ ਨੀਤੀਆਂ ਕਰਕੇ ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਬਾਹ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਦੋਵੇਂ ਹੀ ਬਰਾਬਰ ਦੇ ਜ਼ਿੰਮੇਵਾਰ ਹਨ।
Capt Amarinder Singh
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਚੋਣਾਂ ਸਮੇਂ ਸ੍ਰੀ ਗੁਟਕਾ ਸਾਹਿਬ ਹੱਥ ਵਿੱਚ ਫੜ੍ਹ ਕੇ ਅਨੇਕਾਂ ਵਾਅਦੇ ਕੀਤੇ ਸਨ, ਪਰ ਸੱਤਾ ਦੇ ਨਸ਼ੇ ਵਿੱਚ ਸਭ ਭੁੱਲ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਨੂੰ ਪੰਜਾਬ ਦੇ ਲੋਕਾਂ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਕੋਲੋਂ ਸਿਰਫ ਪਿਛਲੇ ਚਾਰ ਸਾਲ ਹੀ ਨਹੀਂ ਪਿਛਲੇ 25 ਸਾਲਾਂ ਦਾ ਹਿਸਾਬ ਮੰਗਦੇ ਹਨ।
Kultar Singh Sandhwan
ਉਨ੍ਹਾਂ ਕਿਹਾ ਕਿ ਅਕਾਲੀਆਂ ਵੱਲੋਂ ਕੀਤੀਆਂ ਗਈਆਂ ਵੱਡੀਆਂ ਗਲਤੀਆਂ ਕਰਕੇ ਅੱਜ ਪੰਜਾਬ ਬਰਬਾਦੀ ਦੇ ਕਿਨਾਰੇ ਆ ਖੜ੍ਹਾ ਹੈ। ਉਨ੍ਹਾਂ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਕੀਤੀਆਂ ਜਾ ਰਹੀਆਂ ਰੈਲੀਆਂ ਨੂੰ ਲੈ ਕੇ ਕਿਹਾ ਕਿ ਅਕਾਲੀਆਂ ਨੂੰ ਆਪਣੇ ਕੀਤੇ ਕੁਕਰਮਾਂ ਲਈ ਸਿਆਸੀ ਰੈਲੀਆਂ ਕਰਨ ਦੀ ਥਾਂ ਪਸ਼ਚਾਤਾਪ ਰੈਲੀਆਂ ਕਰਨੀਆਂ ਚਾਹੀਦੀਆਂ ਹਨ, ਜਿਨ੍ਹਾਂ ਨੇ ਪਿਛਲੇ ਸਮੇਂ ਦੌਰਾਨ ਲੋਕਾਂ ਲਈ ਕੁਝ ਨਹੀਂ ਕੀਤਾ।
Parkash Singh Badal And Sukhbir Badal
ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਅਤੇ ਕੈਪਟਨ ਨੇ ਗੁਟਕਾ ਸਾਹਿਬ ਹੱਥ ਵਿਚ ਫੜ ਕੇ ਝੂਠੀ ਸਹੁੰ ਖਾਧੀ ਦੋਵੇਂ ਬਰਾਬਰ ਦੇ ਦੋਸ਼ੀ ਹਨ, ਜਿਨ੍ਹਾਂ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ। ਉਨ੍ਹਾਂ ਕਿਹਾ ਕਿ ਅੱਜ ਆਜ਼ਾਦੀ ਦੇ 74 ਸਾਲ ਬੀਤ ਜਾਣ ਬਾਅਦ ਵੀ ਪੰਜਾਬ ਦੇ ਲੋਕ ਆਮ ਸੁਵਿਧਾਵਾਂ ਤੋਂ ਵੀ ਵਾਂਝੇ ਹਨ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ਸੱਤਾ ਵਿਚ ਰਹਿੰਦੇ ਹੋਏ ਰਾਜ ਕਰਨ ਵਾਲੀਆਂ ਪਾਰਟੀਆਂ ਨੇ ਹਮੇਸ਼ਾਂ ਆਪਣੀਆਂ ਜੇਬਾਂ ਭਰਨ ਲਈ ਕੰਮ ਕੀਤਾ ਹੈ, ਜਦੋਂ ਕਿ ਆਮ ਲੋਕਾਂ ਅਤੇ ਪੰਜਾਬ ਦੇ ਸਾਰੇ ਸਰੋਤਾਂ ਨੂੰ ਲੁੱਟਿਆ ਹੈ।