
ਪਟਿਆਲਾ ਜੇਲ੍ਹ ਦੇ ਸੁਪਰਡੈਂਟ ਸੁੱਚਾ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਉਹ ਆਪਣੀ ਡਿਊਟੀ ਸਹੀ ਢੰਗ ਨਾਲ ਨਿਭਾਅ ਰਹੇ ਹਨ, ਮਜੀਠੀਆ ਨੂੰ ਕੋਈ ਖ਼ਤਰਾ ਨਹੀਂ ਹੈ।
ਚੰਡੀਗੜ੍ਹ: ਬਹੁਕਰੋੜੀ ਡਰੱਗ ਮਾਮਲੇ ਵਿਚ ਪਟਿਆਲਾ ਜੇਲ੍ਹ ਵਿਚ ਬੰਦ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਕੇਸ ਦੀ ਮੋਹਾਲੀ ਅਦਾਲਤ ਵਿਚ ਸੁਣਵਾਈ ਹੋਈ। ਇਸ ਦੌਰਾਨ ਮਜੀਠੀਆ ਦੇ ਵਕੀਲਾਂ ਨੇ ਅਦਾਲਤ ਨੂੰ ਕਿਹਾ ਕਿ ਮਜੀਠੀਆ ਦੀ ਬੈਰਕ ਬਦਲੀ ਜਾਵੇ। ਉਹ ਉੱਥੇ ਸੁਰੱਖਿਅਤ ਨਹੀਂ ਹੈ। ਉਸ ਦੀ ਜਾਨ ਨੂੰ ਖਤਰਾ ਹੈ।
ਦੂਜੇ ਪਾਸੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਸੁੱਚਾ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਉਹ ਆਪਣੀ ਡਿਊਟੀ ਸਹੀ ਢੰਗ ਨਾਲ ਨਿਭਾਅ ਰਹੇ ਹਨ, ਮਜੀਠੀਆ ਨੂੰ ਕੋਈ ਖ਼ਤਰਾ ਨਹੀਂ ਹੈ। ਮਜੀਠੀਆ ਵਲੋਂ ਲਾਗਏ ਇਲਜ਼ਾਮ ਬੇ-ਬੁਨਿਆਦ ਹਨ। ਸੁਣਵਾਈ ਦੌਰਾਨ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗੁਨੀਵ ਕੌਰ ਮਜੀਠੀਆ ਵੀ ਮੋਹਾਲੀ ਅਦਾਲਤ ਵਿਚ ਪਹੁੰਚੇ। ਅਦਾਲਤ ਵਿਚ ਦੋਵਾਂ ਧਿਰਾਂ ਵਿਚ ਲੰਬੀ ਬਹਿਸ ਹੋਈ। ਇਸ ਤੋਂ ਬਾਅਦ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ।
ਇਸ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਐਚਐਸ ਧਨੋਆ, ਅਰਸ਼ਦੀਪ ਸਿੰਘ ਅਤੇ ਡੀਐਸ ਸੋਬਤੀ ਨੇ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਉਹ ਪਟਿਆਲਾ ਜੇਲ੍ਹ ਵਿਚ ਸੁਰੱਖਿਅਤ ਨਹੀਂ ਹਨ। ਉਹਨਾਂ ਨੇ ਮਜੀਠੀਆ ਨੂੰ ਪੁਰਾਣੀ ਬੈਰਕ ਵਿਚ ਸ਼ਿਫ਼ਟ ਕਰਨ ਦੀ ਮੰਗ ਕੀਤੀ ਗਈ ਸੀ।