
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਰੋਜ਼ਾਨਾ ਹੋ ਰਹੀਆਂ ਹੱਤਿਆਵਾਂ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ।
ਚੰਡੀਗੜ੍ਹ: ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਕਲੱਬ ਦੇ ਪ੍ਰਧਾਨ ਧਰਮਿੰਦਰ ਸਿੰਘ ਦੇ ਕਤਲ ਮਾਮਲੇ 'ਤੇ ਸਿਆਸਤ ਤੇਜ਼ ਹੋ ਗਈ ਹੈ। ਵਿਰੋਧੀ ਪਾਰਟੀਆਂ ਵਲੋਂ ਕਾਨੂੰਨ ਵਿਵਸਥਾ ਨੂੰ ਲੈ ਕੇ ਲਗਾਤਾਰ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਜਾ ਰਹੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਰੋਜ਼ਾਨਾ ਹੋ ਰਹੀਆਂ ਹੱਤਿਆਵਾਂ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਉਧਰ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦਾਅਵਾ ਕੀਤਾ ਹੈ ਕਿ 21 ਦਿਨਾਂ ਵਿਚ ਪੰਜਾਬ ਵਿਚ ਕੁੱਲ 19 ਕਤਲ ਹੋ ਚੁੱਕੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ, “ਪੰਜਾਬ ਵਿਚ ਹਿੰਸਾ ਦੀਆਂ ਘਟਨਾਵਾਂ ’ਚ ਵਾਧਾ ਚਿੰਤਾਜਨਕ ਹੈ। ਜੇਕਰ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਰਵਾਈ ਕਰਨ ਦੀ ਖੁੱਲ੍ਹ ਦਿੱਤੀ ਜਾਵੇ ਤਾਂ ਪੰਜਾਬ ਪੁਲਿਸ ਇਹਨਾਂ ਸਥਿਤੀਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਕਿਸੇ ਨੂੰ ਵੀ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ”।
21 ਦਿਨਾਂ 'ਚ 19 ਕਤਲ: ਮਨਜਿੰਦਰ ਸਿਰਸਾ
ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਕਿਹਾ ਕਿ ਪੰਜਾਬ ਵਿਚ 21 ਦਿਨਾਂ ਵਿਚ 19 ਕਤਲ ਹੋ ਚੁੱਕੇ ਹਨ। ਅੱਜ ਪਟਿਆਲਾ ਵਿਚ 2 ਵਿਅਕਤੀਆਂ ਦਾ ਕਤਲ ਕਰ ਦਿੱਤਾ ਗਿਆ। ਭਗਵੰਤ ਮਾਨ ਜੀ, ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਵੱਲ ਧਿਆਨ ਦਿਓ।
ਕਾਨੂੰਨ ਵਿਵਸਥਾ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਵੀ ਚੁੱਕੇ ਸਵਾਲ
ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਸਵਾਲ ਚੁੱਕੇ ਹਨ। ਉਹਨਾਂ ਲਿਖਿਆ, “ਪੰਜਾਬ ਵਿਚ ਅਮਨ-ਕਾਨੂੰਨ ਦਾ ਨਾਮੋ-ਨਿਸ਼ਾਨ ਨਹੀਂ ਹੈ, ਪੂਰੀ ਤਰ੍ਹਾਂ ਅਰਾਜਕਤਾ ਅਤੇ ਜੰਗਲ ਰਾਜ ਹੈ! ਵਿਰੋਧੀ ਧਿਰ 'ਚ ਹੁੰਦਿਆਂ ਭਗਵੰਤ ਮਾਨ ਤੇ ਰਾਘਵ ਚੱਢਾ ਦੇ ਇਹੀ ਬਿਆਨ ਸਨ! ਕੀ ਹਰ ਰੋਜ਼ ਵੱਡੇ ਪੱਧਰ 'ਤੇ ਹੋ ਰਹੀਆਂ ਹੱਤਿਆਵਾਂ ਬਾਰੇ ਉਹ ਕੁਝ ਕਹਿਣਗੇ?”
ਪਿਛਲੇ ਕੁਝ ਦਿਨਾਂ ਵਿਚ ਹੀ ਹੋਇਆ 18 ਨੌਜਵਾਨਾਂ ਦਾ ਕਤਲ- ਪਰਗਟ ਸਿੰਘ
ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਰੋਜ਼ਾਨਾ 2 ਤੋਂ 3 ਕਤਲ ਹੋ ਰਹੇ ਹਨ। ਗੈਂਗਸਟਰ ਸ਼ਰੇਆਮ ਘੁੰਮ ਰਹੇ ਹਨ। ਬਿਨ੍ਹਾਂ ਸੋਚੇ ਸਮਝੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਪਿਛਲੇ ਕੁਝ ਦਿਨਾਂ ਵਿਚ ਹੀ 18 ਨੌਜਵਾਨਾਂ ਦਾ ਕਤਲ ਹੋਇਆ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਹਮਣੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਫਸੋਸ ਦੀ ਗੱਲ ਹੈ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ ਅਤੇ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਹਿਮਾਚਲ ਦੀਆਂ ਠੰਢੀਆਂ ਵਾਦੀਆਂ ਦਾ ਆਨੰਦ ਮਾਣ ਰਹੇ ਹਨ।
MP ਪ੍ਰਨੀਤ ਕੌਰ ਨੇ ਜਤਾਈ ਚਿੰਤਾ
ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਟਵੀਟ ਕਰਦਿਆਂ ਲਿਖਿਆ, “ਪਿਛਲੇ 24 ਘੰਟਿਆਂ ਦੌਰਾਨ ਪਟਿਆਲਾ ਦੇ 2 ਵਿਅਕਤੀਆਂ ਦੇ ਕਤਲ ਬਾਰੇ ਜਾਣ ਕੇ ਬਹੁਤ ਦੁਖੀ ਅਤੇ ਚਿੰਤਤ ਹਾਂ। ਪੰਜਾਬ ਦੀ ਸ਼ਾਂਤੀ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਬਹੁਤ ਮਹੱਤਵਪੂਰਨ ਹੈ ਅਤੇ ਮੈਂ ਪੰਜਾਬ ਸਰਕਾਰ ਨੂੰ ਇਹਨਾਂ ਘਟਨਾਵਾਂ ਦੀ ਵੱਧ ਰਹੀ ਗਿਣਤੀ ਵੱਲ ਧਿਆਨ ਦੇਣ ਅਤੇ ਇਹਨਾਂ ਨੂੰ ਖਤਮ ਕਰਨ ਲਈ ਠੋਸ ਕਦਮ ਚੁੱਕਣ ਦੀ ਅਪੀਲ ਕਰਦੀ ਹਾਂ”।