
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਦਲਿਤਾਂ ਨੂੰ ਲੈ ਕੇ ਦਿੱਤੇ ਬਿਆਨ ਤੋਂ ਬਾਅਦ ਪਾਰਟੀ ਅੰਦਰ ਵਿਵਾਦ ਸ਼ੁਰੂ ਹੋ ਗਿਆ ਹੈ।
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਦਿੱਤੇ ਇਕ ਬਿਆਨ ਨੂੰ ਲੈ ਕੇ ਪਾਰਟੀ ਅੰਦਰ ਵਿਵਾਦ ਸ਼ੁਰੂ ਹੋ ਗਿਆ ਹੈ। ਕਾਂਗਰਸ ਸਰਕਾਰ 'ਚ ਸਾਬਕਾ ਮੰਤਰੀ ਰਾਜਕੁਮਾਰ ਵੇਰਕਾ ਨੇ ਸੁਨੀਲ ਜਾਖੜ ਨੂੰ ਬਾਬਾ ਅੰਬੇਡਕਰ ਸਾਹਿਬ ਦੀ ਕੌਮ ਤੋਂ ਮੁਆਫੀ ਮੰਗਣ ਲਈ ਕਿਹਾ ਹੈ। ਇੰਨਾ ਹੀ ਨਹੀਂ ਉਹਨਾਂ ਨੇ ਕਾਂਗਰਸ ਹਾਈਕਮਾਂਡ ਤੋਂ ਸੁਨੀਲ ਜਾਖੜ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਦਰਅਸਲ ਰਾਜ ਕੁਮਾਰ ਵੇਰਕਾ ਦਾ ਕਹਿਣਾ ਹੈ ਕਿ ਸੁਨੀਲ ਜਾਖੜ ਨੇ ਦਲਿਤਾਂ ਖਿਲਾਫ ਅਪਸ਼ਬਦ ਬੋਲੇ ਸਨ ਅਤੇ ਉਹਨਾਂ ਨੂੰ ਹੇਠਾਂ ਤੋਂ ਚੁੱਕ ਕੇ ਸਿਰ 'ਤੇ ਨਾ ਬਿਠਾਉਣ ਦੀ ਗੱਲ ਕਹੀ ਸੀ। ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਨੇ ਇਸ ਬਿਆਨ ਨੂੰ ਛੋਟੀ ਮਾਨਸਿਕਤਾ ਦੱਸਿਆ ਹੈ। ਵੇਰਕਾ ਨੇ ਕਿਹਾ ਕਿ ਜਾਖੜ ਦੀ ਇਨਸਾਨੀਅਤ ਮਰ ਚੁੱਕੀ ਹੈ। ਜਾਖੜ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ।
ਰਾਜਕੁਮਾਰ ਵੇਰਕਾ ਨੇ ਕਿਹਾ ਕਿ ਜਾਖੜ ਨੂੰ ਜਲਦ ਹੀ ਦਲਿਤ ਭਾਈਚਾਰੇ ਅਤੇ ਬਾਬਾ ਭੀਮ ਰਾਓ ਅੰਬੇਡਕਰ ਦੀ ਕੌਮ ਤੋਂ ਮੁਆਫੀ ਮੰਗਣੀ ਪਵੇਗੀ। ਨਹੀਂ ਤਾਂ ਦਲਿਤ ਭਾਈਚਾਰਾ ਕਾਂਗਰਸ ਹਾਈਕਮਾਂਡ ਨੂੰ ਜਾਖੜ ਨੂੰ ਪਾਰਟੀ ਤੋਂ ਬਾਹਰ ਕਰਨ ਲਈ ਮਜਬੂਰ ਕਰ ਦੇਵੇਗਾ। ਜੇਕਰ ਜਾਖੜ ਖੁਦ ਮੁਆਫੀ ਨਹੀਂ ਮੰਗਦੇ ਅਤੇ ਹਾਈਕਮਾਂਡ ਨੇ ਵੀ ਕੋਈ ਕਾਰਵਾਈ ਨਹੀਂ ਕੀਤੀ ਤਾਂ ਦਲਿਤ ਭਾਈਚਾਰਾ ਜਲਦ ਹੀ ਮੀਟਿੰਗ ਕਰਕੇ ਜਾਖੜ ਖਿਲਾਫ ਜਿਹਾਦ ਛੇੜੇਗਾ।