
ਕੈਪਟਨ ਅਮਰਿੰਦਰ ਸਿੰਘ ਵਲੋਂ ਭਾਰਤ ਦੇ ਰੈੱਡ ਜ਼ੋਨ ਤੋਂ ਆਉਣ ਵਾਲਿਆਂ ਲਈ ਸੰਸਥਾਗਤ ਏਕਾਂਤਵਾਸ ਦੇ ਹੁਕਮ
ਚੰਡੀਗੜ੍ਹ, 5 ਮਈ (ਸਪੋਕਸਮੈਨ ਸਮਾਚਾਰ ਸੇਵਾ): ਵਿਦੇਸ਼ਾਂ ਤੋਂ ਐਨ.ਆਰ.ਆਈਜ਼ ਅਤੇ ਮੁਲਕ ਦੇ ਦੂਜੇ ਸੂਬਿਆਂ ਵਿਚ ਫਸੇ ਲੋਕਾਂ ਦੀ ਵੱਡੀ ਪੱਧਰ 'ਤੇ ਆਮਦ ਨਾਲ ਨਜਿੱਠਣ ਲਈ ਸੂਬੇ ਦੀਆਂ ਤਿਆਰੀਆਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਰੋਨਾਵਾਇਰਸ ਦੇ ਰੋਗ ਦੇ ਫੈਲਾਅ ਨੂੰ ਰੋਕਣ ਲਈ ਕਈ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਸਖ਼ਤ ਹਦਾਇਤ ਕੀਤੀ ਕਿ ਪੰਜਾਬ ਪਰਤਣ ਵਾਲੇ ਹਰੇਕ ਵਿਅਕਤੀ ਦੀ ਲਾਜ਼ਮੀ ਤੌਰ 'ਤੇ ਜਾਂਚ ਕੀਤੀ ਜਾਵੇ ਅਤੇ ਭਾਰਤ ਦੇ ਵੱਧ ਜ਼ੋਖਮ ਵਾਲੇ ਖੇਤਰਾਂ (ਰੈੱਡ ਜ਼ੋਨ) ਤੋਂ ਵਾਪਸ ਆਉਣ ਵਾਲਿਆਂ ਲਈ ਸੰਸਥਾਗਤ ਏਕਾਂਤਵਾਸ ਅਤੇ ਐਨ.ਆਰ.ਆਈਜ਼ ਲਈ ਹੋਟਲਾਂ/ ਘਰਾਂ ਵਿਚ ਏਕਾਂਤਵਾਸ ਨੂੰ ਯਕੀਨੀ ਬਣਾਇਆ ਜਾਵੇ।
ਵਧੇਰੇ ਦਬਾਅ ਨਾਲ ਨਿਪਟਣ ਲਈ ਸੂਬਾ ਸਰਕਾਰ ਨੇ ਸੂਬੇ ਦੀਆਂ ਯੂਨੀਵਰਸਿਟੀਆਂ ਤੇ ਲੈਬਾਰਟਰੀਆਂ ਨੂੰ ਵੀ ਸ਼ਾਮਲ ਕਰਨ ਦਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਨੇ ਛੇ ਸੰਸਥਾਵਾਂ ਲਈ ਖਰਚੇ ਚਲਾਉਣ ਅਤੇ ਸਾਜ਼ੋ-ਸਾਮਾਨ ਲਈ 12 ਕਰੋੜ ਰੁਪਏ ਦੀ ਰਾਸ਼ੀ ਨੂੰ ਫੌਰੀ ਪ੍ਰਵਾਨਗੀ ਦੇ ਦਿਤੀ ਹੈ। ਇਨ੍ਹਾਂ ਸੰਸਥਾਵਾਂ ਵਿੱਚ ਰੀਜਨਲ ਡਿਜੀਜ਼ ਡਾਇਗਨੌਸਟਿਕ ਲੈਬ, ਨਾਰਥ ਜ਼ੋਨ ਜਲੰਧਰ, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਯੂਨੀਵਰਸਿਟੀ, ਲੁਧਿਆਣਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਪੰਜਾਬ ਬਾਇਓਟੈੱਕ ਇੰਕੂਬੇਟਰ ਮੋਹਾਲੀ ਅਤੇ ਪੰਜਾਬ ਫੌਰੈਂਸਿਕ ਲੈਬ, ਮੋਹਾਲੀ ਸ਼ਾਮਲ ਹਨ।
ਸੂਬਾ ਸਰਕਾਰ ਨੇ ਕੇਂਦਰ ਸਰਕਾਰ ਦੀਆਂ ਟੈਸਟਿੰਗ ਸਹੂਲਤਾਂ ਦੇ ਬਚਾਅ ਲਈ ਵੀ ਅੱਗੇ ਆਉਣ ਦਾ ਫ਼ੈਸਲਾ ਕੀਤਾ ਹੈ ਜੋ ਆਈ.ਸੀ.ਐਮ.ਆਰ. ਪਾਸੋਂ ਕਿੱਟਾਂ ਨਾ ਮਿਲਣ ਕਰਕੇ ਅਪਣੀ ਸਮਰਥਾ ਵਧਾਉਣ ਤੋਂ ਅਸਮਰੱਥ ਸਨ। ਮੁੱਖ ਮੰਤਰੀ ਨੇ ਇਨ੍ਹਾਂ ਸਿਹਤ ਕੇਂਦਰਾਂ ਨੂੰ ਖੁੱਲ੍ਹੀ ਮਾਰਕੀਟ ਵਿਚੋਂ ਟੈਸਟਿੰਗ ਦੀ ਵਰਤੋਂ ਵਾਸਤੇ ਕਿੱਟਾਂ ਖਰੀਦਣ ਦੇ ਨਿਰਦੇਸ਼ ਦਿੱਤੇ ਜਿਸ ਦਾ ਖਰਚਾ ਸੂਬਾ ਸਰਕਾਰ ਚੁੱਕੇਗੀ। ਇਹ ਜ਼ਿਕਰਯੋਗ ਹੈ ਕਿ ਸੂਬਾ ਇਕ ਦਿਨ ਵਿਚ 2800 ਵਿਅਕਤੀਆਂ ਦੇ ਟੈਸਟ ਕਰ ਰਿਹਾ ਹੈ ਜੋ ਪਿਛਲੇ ਹਫ਼ਤੇ ਪ੍ਰਤੀ ਦਿਨ 1500 ਨਾਲੋਂ ਕਿਤੇ ਵੱਧ ਹੈ।