ਪੰਜਾਬ ਨੂੰ ਅਪਰੈਲ ਮਹੀਨੇ 'ਚ 88 ਫੀਸਦ ਮਾਲੀ ਨੁਕਸਾਨ ਹੋਇਆ, ਸੀਐਮ ਨੇ ਸੋਨੀਆ ਗਾਂਧੀ ਨੂੰ ਦੱਸਿਆ
Published : May 6, 2020, 5:56 pm IST
Updated : May 6, 2020, 5:56 pm IST
SHARE ARTICLE
Photo
Photo

ਸੋਨੀਆ ਗਾਂਧੀ ਵੱਲੋਂ ਕਣਕ ਦੀ ਨਿਰਵਿਘਨ ਖਰੀਦ ਲਈ ਪੰਜਾਬ ਦੇ ਕਿਸਾਨਾਂ ਨੂੰ ਵਧਾਈ, ਹੁਣ ਤੱਕ 100 ਲੱਖ ਮੀਟਰਕ ਟਨ ਕਣਕ ਮੰਡੀਆਂ ਵਿਚ ਪਹੁੰਚੀ

ਚੰਡੀਗੜ੍ਹ: ਪੰਜਾਬ ਨੂੰ ਅਪਰੈਲ ਮਹੀਨੇ ਦੌਰਾਨ 88 ਫੀਸਦ ਤੱਕ ਹੋਏ ਮਾਲੀ ਘਾਟੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਨੂੰ ਇਸ ਦੌਰਾਨ ਵੱਖ-ਵੱਖ ਟੈਕਸ ਮਾਲੀਏ ਤੋਂ ਕੋਈ ਆਮਦਨ ਨਹੀਂ ਹੋਈ ਅਤੇ ਪੰਜਾਬ ਅੰਦਰ ਮੌਜੂਦਾ ਸਮੇਂ ਕੁੱਲ ਉਦਯੋਗਿਕ ਯੂਨਿਟਾਂ ਦਾ ਲਗਭਗ 1.5 ਹਿੱਸਾ ਹੀ ਕਾਰਜਸ਼ੀਲ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਪਾਸੋਂ ਸਹਾਇਤਾ ਦੀ ਅਣਹੋਂਦ ਕਾਰਨ ਪੰਜਾਬ ਮੁਸ਼ਕਲ ਵਿੱਤੀ ਹਾਲਾਤਾਂ ਦਾ ਸਾਹਮਣਾ ਕਰ ਰਿਹਾ ਹੈ।

Capt. Amrinder Singh Capt. Amrinder Singh

ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ ਡਾ. ਮਨਮੋਹਨ ਸਿੰਘ ਅਤੇ  ਰਾਹੁਲ ਗਾਂਧੀ ਸਮੇਤ ਕਾਂਗਰਸ ਦੀ ਅਗਵਾਈ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਹੋਈ ਵੀਡੀਓ ਕਾਨਫਰੰਸ ਵਿਚ ਸ਼ਿਰਕਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵੱਲੋਂ ਕੋਵਿਡ ਦੀ ਰੋਕਥਾਮ ਲਈ ਅਪਣਾਈ ਜਾ ਰਹੀ ਨੀਤੀ ਅਤੇ ਸੂਬੇ ਦੇ ਵਿੱਤੀ ਢਾਂਚੇ ਦੀ ਮੁੜ ਉਸਾਰੀ ਲਈ ਉਠਾਏ ਜਾ ਰਹੇ ਕਦਮਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ।

PhotoPhoto

ਮੀਟਿੰਗ ਦੌਰਾਨ ਸੋਨੀਆਂ ਗਾਂਧੀ ਨੇ ਮੁੱਖ ਮੰਤਰੀ ਨੂੰ ਉਹਨਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫਸਲਾਂ ਦੀ ਖਰੀਦ ਦੇ ਸੁਖਾਂਵੇ ਸੀਜ਼ਨ ਲਈ ਵਧਾਈ ਦੇਣ ਵਾਸਤੇ ਆਖਿਆ। ਮੁੱਖ ਮੰਤਰੀ ਨੇ ਦੱਸਿਆ ਕਿ ਮੰਡੀਆਂ ਵਿਚ ਹੁਣ ਤੱਕ 100 ਲੱਖ ਮੀਟਰਿਕ ਟਨ ਕਣਕ ਦੀ ਆਮਦ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਖਰੀਦ ਦੀ ਪ੍ਰਕਿਰਿਆ ਮਈ ਮਹੀਨੇ ਦੇ ਅੱਧ ਤੱਕ ਮੁਕੰਮਲ ਹੋਣ ਦੀ ਉਮੀਦ ਹੈ।

PhotoPhoto

ਮੁੱਖ ਮੰਤਰੀ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਦੌਰਾਨ 3360 ਕਰੋੜ ਦਾ ਮਾਲੀਆ  ਇਕੱਤਰ ਹੋਣ ਦੀ ਉਮੀਦ ਦੇ ਉਲਟ ਕੇਵਲ 396 ਕਰੋੜ ਦੀ ਹੀ ਆਮਦਨ ਹੋਈ ਹੈ ਅਤੇ ਬਿਜਲੀ ਦੀ ਖਪਤ 30 ਫੀਸਦ ਤੱਕ ਘਟਣ ਸਦਕਾ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਨੂੰ ਬਿਜਲੀ ਦਰਾਂ ਵਿਚ ਰੋਜ਼ਾਨਾ 30 ਕਰੋੜ ਦਾ ਘਾਟਾ ਹੋ ਰਿਹਾ ਹੈ। ਉਹਨਾਂ ਅੱਗੋਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਜੀ.ਐਸ.ਟੀ ਦੇ 4365.37 ਕਰੋੜ ਦੇ ਬਕਾਏ ਦੀ ਵੀ ਅਦਾਇਗੀ ਵੀ ਹਾਲੇ ਤੱਕ ਨਹੀਂ ਕੀਤੀ ਗਈ।

Captain Amarinder singhCaptain Amarinder singh

ਸੂਬੇ ਨੂੰ ਵਿੱਤੀ ਅਤੇ ਉਦਯੋਗਿਕ ਪੱਖੋਂ ਮੁੜ ਪੈਰਾਂ ਸਿਰ ਕਰਨ ਲਈ ਸ੍ਰੀ ਮੌਨਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਮਾਹਿਰ ਸਮੂਹ ਦੀ ਮੁਢਲੀ ਰਿਪੋਰਟ ਆਉਦੇ ਤਿੰਨ ਮਹੀਨਿਆਂ ਵਿੱਚ ਮਿਲਣ ਦੀ ਸੰਭਾਵਨਾ ਹੈ ਜਿਸ ਤੋਂ ਬਾਅਦ ਇਕ ਮਹੀਨੇ ਵਿਚ ਇਸ ਨੂੰ ਮੁਕੰਮਲ ਅੰਤਿਮ ਰੂਪ ਦਿੱਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਮੁਸ਼ਕਿਲ ਭਰੇ ਵਿੱਤੀ ਹਾਲਤਾਂ ਦੇ ਬਾਵਜੂਦ ਪੰਜਾਬ ਸਰਕਾਰ ਲੋਕਾਂ ਨੂੰ ਵਿਅਕਤੀਗਤ ਅਤੇ ਸਮਾਜਿਕ ਪੱਧਰ ’ਤੇ ਕਰੋਨਾ ਦੀ ਰੋਕਥਾਮ ਲਈ ਤਿਆਰ ਰੱਖਣ ਲਈ ਪੂਰੀ ਤਰਾਂ ਵਚਨਵੱਧ ਹੈ ਅਤੇ ਉਹਨਾਂ ਨਾਲ ਹੀ ਕਿਹਾ ਕਿ ਕੋਵਿਡ-19 ਦੇ ਖਤਰੇ ਨਾਲ ਸਿੱਝਣ ਲਈ ਸਿਹਤ ਢਾਂਚੇ ਨੂੰ ਸਮੇਂ ਦਾ ਹਾਣੀ ਬਣਾਉਣ ਅਤੇ ਮੁੜ ਵਿਉਂਤਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।  

Sonia Gandhi Sonia Gandhi

ਮੁੱਖ ਮੰਤਰੀ ਵੱਲੋਂ ਆਪਣੀ ਰਾਇ ਰੱਖੀ ਗਈ ਕਿ ਰੈੱਡ, ਔਰੇਂਜ ਅਤੇ ਗਰੀਨ ਜ਼ੋਨਾਂ ਦੇ ਵਰਗੀਕਰਨ ਦਾ ਫੈਸਲਾ ਸੂਬਿਆਂ ਉਪਰ ਛੱਡ ਦੇਣਾ ਚਾਹੀਦਾ ਹੈ ਜਿਸ ਸਦਕਾ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਹਕੀਕਤਾਂ ਦੇ ਅਨੁਸਾਰ ਖੇਤਰਾਂ ਦੀ ਨਿਸ਼ਾਨਦੇਹੀ ਲਈ ਅਧਿਕਾਰਤ ਕੀਤਾ ਜਾ ਸਕਦਾ ਹੈ। ਪਟਿਆਲਾ ਨੂੰ ਰੈੱਡ ਜ਼ੋਨ ਐਲਾਨੇ ਜਾਣ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਤੌਰ ‘ਤੇ ਦੁੱਧ ਦਾ ਉਤਪਾਦਨ ਕਰਨ ਵਾਲਾ ਨਾਭਾ ਵੀ ਇਸ ਜ਼ਿਲੇ ਦਾ ਹੀ ਹਿੱਸਾ ਹੈ। ਪੰਜਾਬ ਵਿਚ ਇਸ ਮੌਕੇ ਚਾਰ ਕੰਟੋਨਮੈਂਟ ਜ਼ੋਨ ਅਤੇ ਚਾਰ ਰੈੱਡ ਜ਼ੋਨ ਜ਼ਿਲੇ ਹਨ। ਇਸ ਤੋਂ ਇਲਾਵਾ 15 ਜ਼ਿਲੇ ਔਰੇਂਜ ਜ਼ੋਨ ਵਿਚ ਅਤੇ ਬਾਕੀ ਰਹਿੰਦੇ ਤਿੰਨ ਗਰੀਨ ਜ਼ੋਨ ਵਿਚ ਹਨ।

PhotoPhoto

ਮੁੱਖ ਮੰਤਰੀ ਨੇ ਸੂਬੇ ਵਿਚ ਕੋਵਿਡ ਦੀ ਸਥਿਤੀ ਬਾਰੇ ਵੀ ਦੱਸਿਆ ਜਿੱਥੇ ਹੁਣ ਤੱਕ 1451 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਅਤੇ 25 ਮੌਤਾਂ ਹੋਈਆਂ ਹਨ ਜੋ 1.72 ਫੀਸਦੀ ਦੀ ਮੌਤ ਦਰ ਬਣਦੀ ਹੈ। ਉਹਨਾਂ ਕਿਹਾ ਕਿ ਪੰਜਾਬ ਤੋਂ ਬਾਹਰ ਰਹਿੰਦੇ ਪੰਜਾਬੀਆਂ ਦੀ ਰਾਜਸਥਾਨ ਅਤੇ ਮਹਾਰਾਸ਼ਟਰ ਤੋਂ ਸੂਬੇ ਵਿਚ ਵਾਪਸੀ ਹੋਣ ਤੋਂ ਬਾਅਦ ਕੇਸਾਂ ਵਿਚ ਇਕਦਮ ਵਾਧਾ ਹੋਇਆ ਹੈ। ਨਾਂਦੇੜ ਤੋਂ ਪਰਤੇ 4200 ਤੋਂ ਵੱਧ ਵਿਅਕਤੀਆਂ ਵਿੱਚੋਂ 969 ਕੇਸ ਪਾਜ਼ੇਟਿਵ ਆਏ ਹਨ, ਭਾਵੇਂ ਇਨਾਂ ਵਿਚੋਂ ਸਿਰਫ 23 ਵਿਅਕਤੀਆਂ ਵਿਚ ਲੱਛਣ ਪਾਏ ਗਏ ਹਨ ਅਤੇ ਕੁਝ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

PhotoPhoto

ਉਹਨਾਂ ਦੱਸਿਆ ਕਿ ਇਕ ਵਾਰ ਅਜਿਹੇ ਸਾਰੇ ਵਿਅਕਤੀਆਂ ਦੀ ਟੈਸਟਿੰਗ ਮੁਕੰਮਲ ਹੋਣ ਤੋਂ ਬਾਅਦ ਅਗਲੇ 3-4 ਦਿਨਾਂ ਵਿੱਚ ਸਥਿਤੀ ਵਿੱਚ ਸੁਧਾਰ ਹੋਣ ’ਤੇ ਇਹ ਵਾਧਾ ਖਤਮ ਹੋਣ ਦੀ ਉਮੀਦ ਹੈ। ਉਹਨਾਂ ਕਿਹਾ ਕਿ ਵਾਪਸ ਪਰਤਣ ਵਾਲੇ ਹਰੇਕ ਵਿਅਕਤੀ ਦੀ ਜਾਂਚ ਕਰਕੇ ਏਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਸੂਬੇ ਵਿਚ ਵਾਪਸ ਪਰਤਣ ਵਾਲਿਆਂ ਖਾਸ ਕਰਕੇ ਭੀੜ ਵਾਲੇ ਸਮੁੰਦਰੀ ਜਹਾਜ਼ਾਂ ਰਾਹੀਂ ਖਾੜੀ ਮੁਲਕਾਂ ਤੋਂ ਕਾਮਿਆਂ ਦੀ ਵਾਪਸੀ ਨਾਲ ਸੂਬੇ ਵਿਚ ਰੋਗ ਫੈਲਣ ਦੇ ਵੱਡੇ ਖਤਰੇ ਬਾਰੇ ਵੀ ਚਿਤਾਵਨੀ ਦਿੱਤੀ ਹੈ। ਉਹਨਾਂ ਨੇ ਖੁਲਾਸਾ ਕੀਤਾ ਕਿ ਪਰਵਾਸੀ ਪੰਜਾਬੀਆਂ ਖਾਸ ਕਰਕੇ ਕਾਮਿਆਂ ਦੇ ਚਾਰ ਸਮੁੰਦਰੀ ਜਹਾਜ਼ ਅਗਲੇ ਕੁਝ ਦਿਨਾਂ ਵਿਚ ਪਹੁੰਚਣ ਦੀ ਉਮੀਦ ਹੈ ਜਦਕਿ ਐਨਆਰਆਈਜ਼ ਨੂੰ ਲੈ ਕੇ ਪਹਿਲਾ ਜਹਾਜ਼ ਵੀਰਵਾਰ ਨੂੰ ਪਹੁੰਚਣ ਦੀ ਆਸ ਹੈ।

Captain amarinder singhCaptain amarinder singh

ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਲਗਪਗ 20,000 ਕੌਮਾਂਤਰੀ ਮੁਸਾਫਰਾਂ ਦੇ ਅਗਲੇ 2-3 ਹਫਤਿਆਂ ਵਿੱਚ ਪੰਜਾਬ ਪਹੁੰਚਣ ਦੀ ਉਮੀਦ ਹੈ ਅਤੇ ਬਾਕੀ ਸੂਬਿਆਂ ਤੋਂ ਵੀ ਅਗਲੇ ਦਿਨਾਂ ਵਿੱਚ ਕਰੀਬ 12,000 ਪੰਜਾਬੀ ਆ ਰਹੇ ਹਨ। ਪੰਜਾਬ ਤੋਂ ਪਰਵਾਸੀ ਮਜ਼ਦੂਰਾਂ ਵੱਲੋਂ ਆਪਣੇ ਪਿੱਤਰੀ ਸੂਬਿਆਂ ਵਿੱਚ ਵਾਪਸ ਜਾਣ ਦੀ ਜ਼ਾਹਰ ਕੀਤੀ ਇੱਛਾ ਬਾਰੇ ਉਹਨਾਂ ਖੁਲਾਸਾ ਕੀਤਾ ਕਿ ਹੁਣ ਤੱਕ 10 ਲੱਖ ਮਜ਼ਦੂਰ ਰਜਿਸਟਰਡ ਹੋ ਚੁੱਕਾ ਹੈ ਜਿਨਾਂ ਵਿੱਚੋਂ 85 ਫੀਸਦੀ ਯੂ.ਪੀ. ਅਤੇ ਬਿਹਾਰ ਨਾਲ ਸਬੰਧਤ ਹਨ।

PhotoPhoto

ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ ਇਨਾਂ ਕਾਮਿਆਂ ਦੇ ਰੇਲ ਸਫਰ ਦੇ ਕਿਰਾਏ ਲਈ 35 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਉਹਨਾਂ ਦੱਸਿਆ ਕਿ 5 ਮਈ ਨੂੰ ਤਿੰਨ ਰੇਲ ਗੱਡੀਆਂ ਇਨਾਂ ਕਾਮਿਆਂ ਨੂੰ ਲੈ ਕੇ ਯੂ.ਪੀ. ਅਤੇ ਝਾਰਖੰਡ ਲਈ ਰਵਾਨਾ ਹੋ ਚੁੱਕੀਆਂ ਹਨ ਅਤੇ 6 ਮਈ ਨੂੰ 6 ਹੋਰ ਰੇਲ ਗੱਡੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹਨਾਂ ਦੀ ਸਰਕਾਰ ਵੱਲੋਂ ਇਸ ਵਾਇਰਸ ਦੇ ਫੈਲਾਅ ਦੀ ਰੋਕਥਾਮ ਲਈ ਵਿਆਪਕ ਰਣਨੀਤੀ ਤਿਆਰ ਕੀਤੀ ਗਈ ਹੈ।

Sonia gandhi Sonia gandhi

ਉਹਨਾਂ ਦੱਸਿਆ ਕਿ ਵਾਪਸ ਪਰਤਣ ਵਾਲੇ ਸਾਰੇ ਵਿਅਕਤੀਆਂ ਨੂੰ ਇਕ ਹਫ਼ਤੇ ਲਈ ਏਕਾਂਤਵਾਸ ਵਿੱਚ ਰੱਖਿਆ ਜਾਵੇਗਾ, ਜਦੋਂ ਤੱਕ ਉਹਨਾਂ ਦਾ ਵਾਇਰਸ ਲਈ ਟੈਸਟ ਨਹੀਂ ਹੋ ਜਾਂਦਾ। ਉਹਨਾਂ ਕਿਹਾ ਕਿ ਟੈਸਟਿੰਗ ਵਿੱਚ ਨੈਗੇਟਿਵ ਸਿੱਧ ਹੋਣ ਵਾਲੇ ਵਿਅਕਤੀਆਂ ਨੂੰ ਹੋਰ ਦੋ ਹਫਤਿਆਂ ਲਈ ਏਕਾਂਤਵਾਸ ਵਿੱਚ ਰੱਖਿਆ ਜਾਵੇਗਾ ਜਦਕਿ ਪਾਜ਼ੇਟਿਵ ਕੇਸਾਂ ਵਾਲਿਆਂ ਨੂੰ ਕੰਟੋਨਮੈਂਟ ਵਾਰਡਾਂ ਵਿੱਚ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ 2500 ਰੈਗੂਲਰ ਟੈਸਟ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ 30199 ਟੈਸਟ ਕੀਤੇ ਜਾ ਚੁੱਕੇ ਹਨ।

GSTGST

ਮੁੱਖ ਮੰਤਰੀ ਨੇ ਉਹਨਾਂ ਦੀ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲ ਉਠਾਏ ਮੁੱਦਿਆਂ ਨੂੰ ਸਾਂਝਾ ਕੀਤਾ। ਇਨਾਂ ਮੁੱਦਿਆਂ ਵਿੱਚ ਜੀ.ਐਸ.ਟੀ. ਦਾ ਬਕਾਇਆ, ਅਗਲੇ ਤਿੰਨ ਮਹੀਨਿਆਂ ਲਈ ਮਾਲੀਆ ਗਰਾਂਟ ਦੀ ਮੰਗ, 15ਵੇਂ ਵਿੱਤ ਕਮਿਸ਼ਨ ਵੱਲੋਂ ਮੌਜੂਦਾ ਵਰੇ ਦੀ ਰਿਪੋਰਟ ਦੀ ਸਮੀਖਿਆ ਕਰਨ ਸਮੇਤ ਹੋਰ ਮਾਮਲੇ ਸ਼ਾਮਲ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਪਰਵਾਸੀ ਮਜ਼ਦੂਰਾਂ ਸਮੇਤ ਖੇਤੀਬਾੜੀ ਅਤੇ ਉਦਯੋਗਿਕ ਦਿਹਾੜੀਦਾਰਾਂ ਅਤੇ ਗਰੀਬਾਂ ਲਈ ਵੀ ਰਾਹਤ ਦੀ ਪੈਰਵੀ ਕਰ ਰਹੀ ਹੈ ਜੋ ਨੌਕਰੀਆਂ/ਰੋਜ਼ਗਾਰ ਗੁਆ ਲੈਣ ਕਰਕੇ ਬੁਰੀ ਤਰਾਂ ਪੀੜਤ ਹਨ। ਉਹਨਾਂ ਕਿਹਾ ਕਿ ਸੂਬੇ ਨੇ ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ ਅਤੇ ਬਿਜਲੀ ਸੈਕਟਰ ਲਈ ਵੀ ਫੌਰੀ ਰਾਹਤ ਦੀ ਮੰਗ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement