
ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਘੇਰਿਆ ਹੈ।
Punjab News: ਚੰਡੀਗੜ੍ਹ - ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਦਾ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ। ਉਹਨਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਮੰਗ ਪੱਤਰ ਸੌਂਪਿਆ ਹੈ। ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਪੰਜਾਬ ਵਿਚ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਚੋਣ ਕਮਿਸ਼ਨ ਨੂੰ ਮਿਲ ਕੇ ਇਕ ਮੰਗ ਪੱਤਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਏ. ਜੀ. ਨੇ ਸੁਪਰੀਮ ਕੋਰਟ ਵਿਚ ਕਿਹਾ ਹੈ ਕਿ ਪੰਜਾਬ ਵਿਚ ਅਤਿਵਾਦ ਦਾ ਖ਼ਤਰਾ ਹੈ ਜੋ ਕਿ ਚਿੰਤਾਜਨਕ ਬਿਆਨ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਇਸ ਸੰਬੰਧੀ ਸਰਕਾਰ ਤੋਂ ਰਿਪੋਰਟ ਮੰਗੇ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਐਡਵੋਕੇਟ ਜਨਰਲ ਦਾ ਬਿਆਨ ਮੰਲ ਨਹੀਂ ਖਾਂਦਾ ਕਿਉਂਕਿ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਦੱਸ ਰਹੀ ਹੈ ਤੇ ਏਜੀ ਸਾਬ੍ਹ ਪੰਜਾਬ ਵਿਚ ਅਤਿਵਾਦ ਦਾ ਖ਼ਤਰਾ ਦੱਸ ਰਹੇ ਹਨ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਰਿਪੋਰਟ ਸੌਂਪੇ।
ਇਸ ਦੇ ਨਾਲ ਹੀ ਦੱਸ ਦਈਏ ਕਿ ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਘੇਰਿਆ ਹੈ। ਚੰਨੀ ਦੇ ਸਟੰਟ ਵਾਲੇ ਬਿਆਨ 'ਤੇ ਜਾਖੜ ਨੇ ਕਿਹਾ ਕਿ ''ਚਰਨਜੀਤ ਚੰਨੀ, ਟਰੂਡੋ ਦੀ ਭਾਸ਼ਾ ਬੋਲ ਰਹੇ ਨੇ ਕਿਉਂਕਿ ਉਹ 7-8 ਮਹੀਨੇ ਕੈਨੇਡਾ ਲਗਾ ਕੇ ਆਏ ਹਨ। ਮੈਨੂੰ ਸਮਝ ਨਹੀਂ ਆ ਰਹੀ ਕਿ ਇਹ ਕਿਹੜਾ ਥੀਸਿਸ ਲੈ ਕੇ ਕੈਨੇਡਾ ਗਏ ਸਨ?''