
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਕਿਸਾਨਾਂ ਅਤੇ ਖੇਤ-ਮਜ਼ਦੂਰਾਂ ਸਮੇਤ ਆੜ੍ਹਤੀਆ
ਚੰਡੀਗੜ੍ਹ, 5 ਜੂਨ (ਨੀਲ ਭÇਲੰਦਰ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਕਿਸਾਨਾਂ ਅਤੇ ਖੇਤ-ਮਜ਼ਦੂਰਾਂ ਸਮੇਤ ਆੜ੍ਹਤੀਆ, ਟਰਾਂਸਪੋਰਟਰਾਂ, ਪੱਲੇਦਾਰਾਂ ਅਤੇ ਖੇਤੀ ਖੇਤਰ ’ਤੇ ਨਿਰਭਰ ਆਮ ਦੁਕਾਨਦਾਰਾਂ-ਵਪਾਰੀਆਂ-ਕਾਰੋਬਾਰੀਆਂ ਵਿਰੋਧੀ ਘਾਤਕ ਸਰਕਾਰ ਦਸਦਿਆਂ ਉਨ੍ਹਾਂ ਦੋਵੇਂ ਆਰਡੀਨੈਂਸਾਂ ਅਤੇ ਇਕ ਕਾਨੂੰਨੀ ਸੋਧ ਨੂੰ ਮਨਜ਼ੂਰੀ ਦਿਤੇ ਜਾਣ ਦਾ ਜ਼ੋਰਦਾਰ ਵਿਰੋਧ ਕੀਤਾ ਹੈ, ਜੋ ਕਿਸਾਨਾਂ ਦੀ ਆਜ਼ਾਦੀ ਅਤੇ ਖੇਤੀ ਦੀ ਖ਼ੁਸ਼ਹਾਲੀ ਦੇ ਨਾਂ ’ਤੇ ਨਰਿੰਦਰ ਮੋਦੀ ਵਜ਼ਾਰਤ ਵਲੋਂ ਮੰਗਲਵਾਰ ਨੂੰ ਦਿਤੀ ਗਈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਦੇ ਇਹ ਫ਼ੈਸਲੇ ਕਿਸਾਨਾਂ ਦੀ ਗ਼ੁਲਾਮੀ ਅਤੇ ਖੇਤੀ ਖੇਤਰ ਦੀ ਮੁਕੰਮਲ ਬਰਬਾਦੀ ਵਾਲੇ ਕਦਮ ਸਾਬਤ ਹੋਣਗੇ। ਜੇਕਰ ਮੋਦੀ ਸਰਕਾਰ ਦੀ ਇਸ ਤਾਨਾਸ਼ਾਹੀ ਨੂੰ ਰੋਕਿਆ ਨਾ ਗਿਆ ਤਾਂ ਪਹਿਲਾਂ ਹੀ ਬਰਬਾਦੀ ਦੀ ਕਿਰਸਾਨੀ ਹਮੇਸ਼ਾ ਲਈ ਦਮ ਤੋੜ ਜਾਵੇਗੀ।
ਪੰਜਾਬ ਅਤੇ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਦੀ ਹੋਂਦ ਬਚਾਉਣ ਲਈ ਜ਼ਰੂਰੀ ਹੈ ਕਿ ਮੋਦੀ ਸਰਕਾਰ ਦੇ ਇਸ ਘਾਤਕ ਕਦਮ ਦਾ ਇਕਜੁਟ ਹੋ ਕੇ ਵਿਰੋਧ ਕੀਤਾ ਜਾਵੇ।
ਭਗਵੰਤ ਮਾਨ ਨੇ ਬਾਦਲ ਪਰਵਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਸਾਰੀ ਉਮਰ ਸੰਘੀ ਢਾਂਚੇ ਦੀ ਮਜ਼ਬੂਤੀ ਦੇ ਨਾਂ ’ਤੇ ਮੋਰਚਿਆਂ ਦਾ ਦੰਭ ਕਰਨ ਵਾਲੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹੁਣ ਚੁੱਪ ਕਿਉਂ ਹਨ?
ਕੀ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ (ਜੋ ਕੇਂਦਰੀ ਮੰਤਰੀ ਵਜੋਂ ਮੋਦੀ ਕੈਬਨਿਟ ਦਾ ਹਿੱਸਾ ਹਨ) ਪੰਜਾਬ ਦੇ ਲੋਕਾਂ ਨੂੰ ਇਹ ਗੱਲ ਸਪਸ਼ਟ ਕਰਨਗੇ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ/ਅਕਾਲੀ ਦਲ (ਬਾਦਲ) ਗ਼ਲਤ ਸੀ ਜਾਂ ਹੁਣ ਮੋਦੀ ਸਰਕਾਰ ਗ਼ਲਤ ਹੈ? ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਦਾਅਵੇ ਦੇ ਹਵਾਲੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਸ ਕਿਸਾਨ ਵਿਰੋਧੀ ਅਤੇ ਸੂਬਾ ਵਿਰੋਧੀ ਫ਼ੈਸਲੇ ਦਾ ਬਰਾਬਰ ਹਿੱਸੇਦਾਰ ਕਿਹਾ।
Bhagwant Mann
ਮਾਨ ਨੇ ਕੈਪਟਨ ਅਮਰਿੰਦਰ ਸਿੰਘ ਕੋਲੋਂ ਪੁੱਛਿਆ ਕਿ ਜਦ ਕੇਂਦਰ ਸਰਕਾਰ ਨੇ ਇਨ੍ਹਾਂ ਮਾਰੂ ਫ਼ੈਸਲਿਆਂ ਬਾਰੇ ਰਾਜਾਂ ਤੋਂ ਸਹਿਮਤੀ ਮੰਗੀ ਸੀ ਤਾਂ ਪੰਜਾਬ ਸਰਕਾਰ ਨੇ ਕੇਂਦਰ ਖ਼ਿਲਾਫ਼ ਮੋਰਚਾ ਕਿਉਂ ਨਹੀਂ ਖੋਲਿ੍ਹਆ? ਕੀ ਐਨੇ ਅਹਿਮ ਅਤੇ ਪੰਜਾਬ ਦੀ ਕਿਰਸਾਨੀ ਦੀ ਹੋਂਦ ਨਾਲ ਜੁੜੇ ਮੋਦੀ ਸਰਕਾਰ ਦੇ ਇਸ ਮਾਰੂ ਫ਼ੈਸਲੇ ਵਿਰੁੱਧ ਕੈਪਟਨ ਅਮਰਿੰਦਰ ਸਿੰਘ ਨੂੰ ਸਰਬ ਪਾਰਟੀ ਬੈਠਕ ਅਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਨਹੀਂ ਬੁਲਾਉਣਾ ਚਾਹੀਦਾ ਸੀ?
ਆਗੂਆਂ ਨੇ ਕੈਪਟਨ ਨੂੰ ਚੁਨੌਤੀ ਦਿਤੀ ਕਿ ਜੇਕਰ ਉਹ ਖ਼ੁਦ ਨੂੰ ਥੋੜ੍ਹਾ ਬਹੁਤ ਵੀ ਪੰਜਾਬ ਹਿਤੈਸ਼ੀ ਅਤੇ ਭਗਵੇਕਰਨ ਬਾਰੇ ਲਗਦੇ ਦੋਸ਼ਾਂ ’ਤੇ ਨਿਰਲੇਪ ਸਮਝਦੇ ਹਨ ਤਾਂ ਤੁਰਤ ਆਲ ਪਾਰਟੀ ਬੈਠਕ ਅਤੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਰਾਹੀਂ ਮੋਦੀ ਦੇ ਤਾਨਾਸ਼ਾਹੀ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਜੁਰਅਤ ਦਿਖਾਉਣ।
‘ਆਪ’ ਆਗੂਆਂ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਅਸਤੀਫ਼ਾ ਮੰਗਦੇ ਹੋਏ ਐਲਾਨ ਕੀਤਾ ਕਿ ਪੰਜਾਬ ਦੇ ਅਧਿਕਾਰਾਂ ’ਤੇ ਡਾਕਾ, ਪੰਜਾਬ ਅਤੇ ਹਰਿਆਣਾ ’ਚ ਦੁਨੀਆ ਦੇ ਸੱਭ ਤੋਂ ਬਿਹਤਰੀਨ ਮੰਡੀਕਰਨ ਢਾਂਚੇ ਨੂੰ ਢਹਿ ਢੇਰੀ ਕਰਨ, ਫ਼ਸਲਾਂ ਖ਼ਾਸਕਰ ਕਣਕ ਅਤੇ ਝੋਨੇ ਦੀ ਐਮ.ਐਸ.ਪੀ ਖ਼ਤਮ ਕਰਨ ਅਤੇ ਖੇਤੀ ਖੇਤਰ ਨੂੰ ਪੂਰੀ ਤਰ੍ਹਾਂ ਨਿਜੀ ਅਤੇ ਕਾਰਪੋਰੇਟ ਘਰਾਣਿਆਂ ਦੀ ਮੁਨਾਫ਼ੇਖ਼ੋਰੀ ਹਵਾਲੇ ਕਰਨ ਅਤੇ ਕਾਲਾਬਾਜ਼ਾਰੀ ਨੂੰ ਕਾਨੂੰਨੀ ਮਾਨਤਾ ਦੇਣ ਵਰਗੇ ਇਨ੍ਹਾਂ ਦੇਸ਼ ਅਤੇ ਲੋਕ ਵਿਰੋਧੀ ਫ਼ੈਸਲਿਆਂ ਨੂੰ ਵਾਪਸ ਨਾ ਲਿਆ ਗਿਆ ਤਾਂ ਆਮ ਆਦਮੀ ਪਾਰਟੀ ਲੋਕਾਂ ਦੇ ਸਾਥ ਨਾਲ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਰੁਧ ਫ਼ੈਸਲਾਕੁਨ ਮੋਰਚਾ ਖੋਲ੍ਹੇਗੀ।