
ਕਿਹਾ, ਮੋਦੀ ਦੇ ਗੀਗੇ ਗਾਉਣ ਦੀ ਬਜਾਏ ਹਰਸਿਮਰਤ ਵਜ਼ਾਰਤ ਛੱਡਣ
ਚੰਡੀਗੜ, 5 ਜੂਨ (ਏ.ਐਸ.ਖੰਨਾ): ਪੰਜਾਬ ਦੇ ਜੰਗਲਾਤ ਮੰਤਰੀ ਸਰਦਾਰ ਸਾਧੂ ਸਿੰਘ ਧਰਮਸੋਤ ਨੇ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਧਰਮਪਤਨੀ ਬੀਬਾ ਹਰਸਿਮਰਤ ਵਲੋਂ ਐਮਐਸਪੀ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਉਤੇ ਕੇਂਦਰ ਦੀ ਭਾਜਪਾ ਸਰਕਾਰ ਦੇ ਗੀਗੇ ਗਾਉਣ ਉਤੇ ਤਿੱਖਾ ਪਲਟਵਾਰ ਕਰਦਿਆਂ ਸਵਾਲ ਕੀਤਾ ਹੈ ਕਿ ਉਹ ਦਸਣ ਕਿ ਅਕਾਲੀ ਦਲ ਨੇ ਹੁਣ ਤਕ ਕਿੰਨੇ ਕਿਸਾਨਾਂ ਦੇ ਕਰਜ਼ੇ ਮਾਫ਼ ਕੀਤੇ ਹਨ।
Sadhu Singh Dharamsot
ਕੇਂਦਰ ਵਲੋਂ ਤਿਆਰ ਐਕਟ ਨੂੰ ਲੈ ਕੇ ਅਕਾਲੀ ਆਗੂਆਂ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਉਤੇ ਸੂਬੇ ਦੇ ਕੈਬਨਿਟ ਮੰਤਰੀ ਧਰਮਸੋਤ ਨੇ ਦੋਸ਼ ਲਾਇਆ ਹੈ ਕਿ ਬਾਦਲ ਤੇ ਉਨ੍ਹਾਂ ਦੀ ਧਰਮ-ਪਤਨੀ ਹਰਸਿਮਰਤ ਕੋਰਾ ਝੂਠ ਬੋਲ ਰਹੇ ਹਨ ਅਤੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਅਤੇ ਕੇਂਦਰ ਵਿਚ ਖੇਤੀਬਾੜੀ ਮੰਤਰੀ ਵੀ ਰਹੇ, ਕੀ ਸੁਖਬੀਰ ਦਸ ਸਕਦੇ ਹਨ ਕਿ ਅਕਾਲੀ ਦਲ ਨੇ ਕਿੰਨੇ ਕਿਸਾਨਾਂ ਦਾ ਕਰਜ਼ਾ ਮਾਫ਼ ਕੀਤਾ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕ ਵਿਚ ਮਗਰਮੱਛ ਦੇ ਹੰਝੂ ਵਹਾਉਣ ਵਾਲੇ ਬੀਬਾ ਹਰਸਿਮਰਤ ਨੂੰ ਜੇਕਰ ਕਿਸਾਨਾਂ ਦਾ ਸੱਚੇ ਦਿਲੋਂ ਹੇਜ ਹੈ ਤਾਂ ਤੁਰਤ ਕੇਂਦਰੀ ਵਜਾਰਤ ਤੋਂ ਅਸਤੀਫ਼ਾ ਦੇਣ। ਸਰਦਾਰ ਸਾਧੂ ਸਿੰਘ ਧਰਮਸੋਤ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਿਥੇ ਸੂਬੇ ਦੇ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਕਰਜ਼ਾ ਮਾਫ਼ ਕੀਤਾ ਗਿਆ, ਉਥੇ ਅਪਣੇ ਦੋਵੇਂ ਕਾਰਜਕਾਲਾਂ ਦੌਰਾਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਸਮੇਂ ਸਿਰ ਚੁੱਕ ਕੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਗੱਡ ਕਿ ਰਾਖੀ ਵੀ ਕੀਤੀ ਗਈ।