ਸਾਂਸਦ ਸੰਨੀ ਦਿਓਲ ਨੇ ਕੇਂਦਰੀ ਟੈਕਸਟਾਈਲ ਮੰਤਰੀ ਪਿਯੂਸ਼ ਗੋਇਲ ਨਾਲ ਮੁਲਾਕਾਤ ਕਰ ਕੇ ਕੀਤਾ ਧਨਵਾਦ
ਨਵੀਂ ਦਿੱਲੀ : ਗੁਰਦਸਪੂਰ ਦੇ ਕਸਬਾ ਧਾਰੀਵਾਲ ਵਿਖੇ ਸਥਿਤ ਨਿਊ ਐਗਰਟਨ ਵੂਲਨ ਮਿੱਲ ਦੇ ਮੌਜੂਦਾ ਅਤੇ ਸੇਵਾਮੁਕਤ ਕਰਮਚਾਰੀਆਂ ਨੂੰ ਜਲਦ ਹੀ ਕੇਂਦਰ ਸਰਕਾਰ ਵਲੋਂ ਉਨ੍ਹਾਂ ਦੇ ਬਕਾਏ ਸੌਂਪ ਦਿਤੇ ਜਾਣਗੇ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਸਬੰਧੀ ਕੇਂਦਰੀ ਕਪੜਾ ਮੰਤਰੀ ਪਿਊਸ਼ ਗੋਇਲ ਵਲੋਂ ਭਰੋਸਾ ਦਿਤਾ ਗਿਆ ਹੈ।
ਸ਼ਰਮਾ ਨੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਮਿਲ ਕੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਹੈ। ਏ.ਪੀ.ਆਈ. ਦੀ ਮੰਗ ਨੂੰ ਲੈ ਕੇ ਮਿੱਲ ਕਾਮਿਆਂ ਦਾ ਵਫ਼ਦ ਉਨ੍ਹਾਂ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪਦਿਆਂ ਅਪਣੀਆਂ ਮੰਗਾਂ ਸਬੰਧੀ ਜਾਣੂ ਕਰਵਾਇਆ।
ਜਿਸ 'ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਅਦਾਕਾਰ ਸੰਨੀ ਦਿਓਲ, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦਿੱਲੀ 'ਚ ਕੇਂਦਰੀ ਕਪੜਾ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ: ਨਵ-ਵਿਆਹੇ ਜੋੜੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਅਸ਼ਵਨੀ ਸ਼ਰਮਾ ਨੇ ਕੇਂਦਰੀ ਟੈਕਸਟਾਈਲ ਮੰਤਰੀ ਪਿਊਸ਼ ਗੋਇਲ ਨੂੰ ਮਿੱਲ ਕਾਮਿਆਂ ਦੀਆਂ ਮੰਗਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਮੰਗ ਪੱਤਰ ਸੌਂਪਿਆ। ਕੇਂਦਰੀ ਮੰਤਰੀ ਨੇ ਮਿੱਲ ਮੁਲਾਜ਼ਮਾਂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਮਿੱਲ ਦੇ ਮੌਜੂਦਾ ਅਤੇ ਸੇਵਾਮੁਕਤ ਮੁਲਾਜ਼ਮਾਂ ਦੇ ਬਕਾਏ ਤੁਰਤ ਅਦਾ ਕਰਨ ਦਾ ਭਰੋਸਾ ਦਿਤਾ।
ਸਾਂਸਦ ਸੰਨੀ ਦਿਓਲ ਤੇ ਅਸ਼ਵਨੀ ਸ਼ਰਮਾ ਸਮੇਤ ਸਾਰੇ ਵਫ਼ਦ ਨੇ ਕੇਂਦਰੀ ਮੰਤਰੀ ਦਾ ਧਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਧਾਰੀਵਾਲ ਮਿੱਲ ਦੇ ਮੌਜੂਦਾ ਅਤੇ ਸੇਵਾਮੁਕਤ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹੈ ਅਤੇ ਉਨ੍ਹਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ।