
ਪੰਜਾਬ ਸਰਕਾਰ ਵਲੋਂ ਪਾਰਦਰਸ਼ਤਾ ਲਿਆਉਣ ਲਈ ਕ੍ਰਾਂਤੀਕਾਰੀ ਕਦਮ ਪੁੱਟਦਿਆਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਈ-ਪੋਸ ਮਸ਼ੀਨਾਂ ਰਾਹੀਂ ਰਾਸ਼ਨ ਵੰਡਣ...........
ਐਸ.ਏ.ਐਸ. ਨਗਰ : ਪੰਜਾਬ ਸਰਕਾਰ ਵਲੋਂ ਪਾਰਦਰਸ਼ਤਾ ਲਿਆਉਣ ਲਈ ਕ੍ਰਾਂਤੀਕਾਰੀ ਕਦਮ ਪੁੱਟਦਿਆਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਈ-ਪੋਸ ਮਸ਼ੀਨਾਂ ਰਾਹੀਂ ਰਾਸ਼ਨ ਵੰਡਣ ਅਤੇ 16 ਹਜ਼ਾਰ ਡਿਪੂ ਹੋਲਡਰਾਂ ਨੂੰ ਵਧੇ ਹੋਏ ਕਮਿਸ਼ਨ/ਮਾਰਜਨ ਮਨੀ ਦੇ 40 ਕਰੋੜ ਰੁਪਏ ਦੇ ਚੈੱਕ ਵੰਡਣ ਦੀ ਅੱਜ ਇਥੇ ਸ਼ੁਰੂਆਤ ਕੀਤੀ ਗਈ। ਕਿਸਾਨ ਵਿਕਾਸ ਚੈਂਬਰ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਖ਼ੁਰਾਕ ਤੇ ਸਿਵਲ ਸਪਲਾਈਜ਼ ਮੰਤਰੀ, ਪੰਜਾਬ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਬਾਇਓਮੀਟ੍ਰਿਕ ਆਧਾਰਤ ਇਹ ਮਸ਼ੀਨਾਂ ਰਾਸ਼ਨ ਵੰਡਣ ਦੀ ਪੁਰਾਣੀ ਪ੍ਰਣਾਲੀ ਵਿਚਲੀਆਂ ਕਮੀਆਂ ਅਤੇ ਜਾਅਲੀ ਲਾਭਪਾਤਰੀਆਂ ਨੂੰ ਹਟਾਉਣ
ਵਿੱਚ ਸਹਾਈ ਸਿੱਧ ਹੋਣਗੀਆਂ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਡਿਪੂ ਹੋਲਡਰਾਂ ਨੂੰ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਕਾਂਗਰਸ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਡਿਪੂ ਹੋਲਡਰਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਹੈ। ਉਨ੍ਹਾਂ ਕਿ ਪੰਜਾਬ ਸਰਕਾਰ ਵਲੋਂ ਕਣਕ ਦੇ ਨਾਲ ਨਾਲ ਸਸਤੀ ਚਾਹ ਪੱਤੀ, ਖੰਡ ਤੇ ਦਾਲਾਂ ਦੇਣ ਦਾ ਜੋ ਵਾਅਦਾ ਕੀਤਾ ਗਿਆ ਸੀ ਉਸ ਨੂੰ ਵੀ ਬਹੁਤ ਛੇਤੀ ਅਮਲੀ ਰੂਪ ਦਿੱਤਾ ਜਾਵੇਗਾ। ਇਸ ਮੌਕੇ ਬਿਜਲੀ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਮੁੱਖ ਮੰਤਰੀ ਨੂੰ ਮਾੜੇ ਵਿਤੀ ਹਾਲਾਤ ਦੇ ਬਾਵਜੂਦ ਲੋਕਾਂ ਦੀ ਭਲਾਈ ਲਈ ਵੱਡੇ ਫੈਸਲੇ ਲੈਣ ਸਬੰਧੀ ਵਧਾਈ ਦਿੱਤੀ। ਪਸ਼ੂ
ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਆਖਿਆ ਕਿ ਵਿੱਤੀ ਪੱਖੋਂ ਪੰਜਾਬ ਦੇ ਹਾਲਾਤ ਬਹੁਤੇ ਸੁਖਾਵੇਂ ਨਾ ਹੋਣ ਦੇ ਬਾਵਜੂਦ ਉਨ੍ਹਾਂ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ । ਆਪਣੇ ਸਵਾਗਤੀ ਭਾਸ਼ਨ ਵਿੱਚ ਪ੍ਰਮੁੱਖ ਸਕੱਤਰ, ਖ਼ੁਰਾਕ ਤੇ ਸਿਵਲ ਸਪਲਾਈਜ਼ ਕੇ.ਏ.ਪੀ. ਸਿਨਹਾ ਨੇ ਆਖਿਆ ਕਿ ਪੰਜਾਬ ਲਈ ਖੇਤੀ ਉਤਪਾਦਾਂ ਦਾ ਮੰਡੀਕਰਨ ਬਹੁਤ ਅਹਿਮ ਹੈ ਤੇ ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਕਿਸਾਨਾਂ ਨੂੰ ਇਸ ਸਬੰਧੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ।
ਸਮਾਗਮ ਵਿਚ ਕੁਲਜੀਤ ਸਿੰਘ ਨਾਗਰਾ, ਗੁਰਪ੍ਰੀਤ ਸਿੰਘ ਜੀ.ਪੀ., ਅੰਗਦ ਸਿੰਘ (ਤਿੰਨੋ ਵਿਧਾਇਕ), ਪੰਜਾਬ ਸਟੇਟ ਕੰਜ਼ਿਊਮਰ ਡਿਸਪਿਊਟ ਰੀਡਰੈਸਲ ਕਮਿਸ਼ਨ ਦੇ ਪ੍ਰਧਾਨ ਸੇਵਾ ਮੁਕਤ ਜਸਟਿਸ ਪਰਮਜੀਤ ਸਿੰਘ ਧਾਲੀਵਾਲ, ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੀ ਡਾਇਰੈਕਟਰ ਆਨੰਦਿਤਾ ਮਿੱਤਰਾ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਤੇ ਐਸ.ਐਸ.ਪੀ. ਕੁਲਦੀਪ ਸਿੰਘ ਚਾਹਲ ਵੀ ਮੌਜੂਦ ਸਨ।