
ਨਸ਼ੇ ਨਾਲ ਸਬੰਧਤ ਹਰ ਤਰ੍ਹਾਂ ਦੀ ਗਤੀਵਿਧੀ ਨੂੰ ਰੋਕਣ, ਇਸ ਕਾਰੋਬਾਰ ਨਾਲ ਸਬੰਧਤ ਦੋਸ਼ੀਆਂ ਨੂੰ ਕਾਬੂ ਕਰਨ ਅਤੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁਧ ਸ਼ੁਰੂ ਕੀਤੀ ...
ਲੁਧਿਆਣਾ, ਨਸ਼ੇ ਨਾਲ ਸਬੰਧਤ ਹਰ ਤਰ੍ਹਾਂ ਦੀ ਗਤੀਵਿਧੀ ਨੂੰ ਰੋਕਣ, ਇਸ ਕਾਰੋਬਾਰ ਨਾਲ ਸਬੰਧਤ ਦੋਸ਼ੀਆਂ ਨੂੰ ਕਾਬੂ ਕਰਨ ਅਤੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁਧ ਸ਼ੁਰੂ ਕੀਤੀ ਮੁਹਿੰਮ ਨੂੰ ਸਫ਼ਲ ਕਰਨ ਲਈ ਜ਼ਿਲ੍ਹਾ ਲੁਧਿਆਣਾ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਸਾਂਝੀ ਰਣਨੀਤੀ ਤਹਿਤ ਕੰਮ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਸਥਾਨਕ ਬਚਤ ਭਵਨ ਵਿਚ ਅੱਜ ਕੀਤੀ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ
ਕਿ ਇਸ ਕਾਰੋਬਾਰ ਵਿਚੇ ਲੱਗੇ ਦੋਸ਼ੀਆਂ ਦੇ ਨਾਲ-ਨਾਲ ਹੁਣ ਉਨ੍ਹਾਂ ਪਿੰਡਾਂ ਦੇ ਚੌਕੀਦਾਰਾਂ, ਨੰਬਰਦਾਰਾਂ ਅਤੇ ਸਰਪੰਚਾਂ ਵਿਰੁਧ ਵੀ ਕਾਰਵਾਈ ਕੀਤੀ ਜਾਵਗੀ ਜਿਨ੍ਹਾਂ ਪਿੰਡਾਂ ਵਿਚ ਨਸ਼ੇ ਦਾ ਕਾਰੋਬਾਰ ਚੱਲ ਰਿਹਾ ਹੈ ਅਤੇ ਉਨ੍ਹਾਂ ਨੂੰ ਜਾਣਕਾਰੀ ਹੋਣ ਦੇ ਬਾਵਜੂਦ ਇਸ ਦੀ ਪ੍ਰਸ਼ਾਸਨ ਨੂੰ ਜਾਣਕਾਰੀ ਨਹੀਂ ਦਿਤੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਆਮ ਤੌਰ 'ਤੇ ਦੇਖਣ ਵਿਚ ਆਉਂਦਾ ਹੈ ਕਿ ਪਿੰਡਾਂ ਵਿਚ ਮੋਹਤਬਰ ਵਿਅਕਤੀਆਂ (ਚੌਕੀਦਾਰ, ਨੰਬਰਦਾਰ ਤੇ ਸਰਪੰਚ ਆਦਿ) ਨੂੰ ਪਤਾ ਹੁੰੰਦਾ ਹੈ ਕਿ ਕਿਹੜਾ ਵਿਅਕਤੀ ਗ਼ੈਰਕਾਨੂੰਨੀ ਕੰਮ ਕਰ ਰਿਹਾ ਹੈ
ਪਰ ਉਹ ਇਸ ਬਾਰੇ ਪ੍ਰਸ਼ਾਸਨ ਨੂੰ ਸੂਚਨਾ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਚੌਕੀਦਾਰਾਂ, ਨੰਬਰਦਾਰਾਂ ਅਤੇ ਸਰਪੰਚਾਂ ਆਦਿ ਦੀ ਇਹ ਜ਼ਿੰੇਮਵਾਰੀ ਬਣਦੀ ਹੈ ਕਿ ਉਹ ਇਹ ਸੂਚਨਾ ਗੁਪਤ ਤਰੀਕ ਨਾਲ ਪ੍ਰਸ਼ਾਸਨ ਨਾਲ ਸਾਂਝੀ ਕਰਨ ਤਾਂ ਜੋ ਸਮੇਂ ਸਿਰ ਢੁਕਵੀਂ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਜੇ ਭਵਿੱਖ ਵਿਚ ਕਿਸ ਪਿੰਡ 'ਚ ਨਸ਼ੇ ਦੇ ਕਾਰੋਬਾਰ ਨਾਲ ਕੋਈ ਅਣਹੋਣੀ ਘਟਨਾ ਵਾਪਰਦੀ ਹੈ ਜਾਂ ਕਿਸੇ ਨਸ਼ਾ ਪੀੜਤ ਦੀ ਬਿਨਾ ਇਲਾਜ ਮੌਤ ਹੁੰਦੀ ਹੈ ਤਾਂ ਇਸ ਬਾਰੇ ਉਪਰੋਕਤ ਵਿਅਕਤੀਆਂ ਦੀ ਵੀ ਬਰਾਬਰ ਦੀ ਜ਼ਿੰਮੇਵਾਰੀ ਤੈਅ ਹੋਵੇਗੀ।
ਉਨ੍ਹਾਂ ਸਮੂਹ ਐਸ.ਡੀ.ਐਮਜ਼ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅਪਣੀ-ਅਪਣੀ ਸਬ ਡਵੀਜ਼ਨ ਦੇ ਚੌਕੀਦਾਰਾਂ, ਨੰਬਰਦਾਰਾਂ, ਸਰਪੰਚਾਂ ਅਤੇ ਦਵਾਈ ਵਿਕਰੇਤਾਵਾਂ (ਕੈਮਿਸਟਾਂ) ਆਦਿ ਨਾਲ ਹਰ ਹਫ਼ਤੇ ਵਿਸ਼ੇਸ਼ ਮੀਟਿੰਗਾਂ ਕਰ ਕੇ ਉਨ੍ਹਾਂ ਨੂੰ ਸਰਕਾਰ ਦੀਆਂ ਸਖ਼ਤ ਹਦਾਇਤਾਂ ਤੋਂ ਜਾਣੂ ਕਰਵਾ ਦੇਣ।
ਐਸ.ਡੀ. ਐਮਜ਼ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਉਹ ਉਨ੍ਹਾਂ ਪਿੰਡਾਂ ਦੀ ਚੋਣ ਕਰਨ, ਜਿਥੇ ਨਸ਼ੇ ਦੀ ਸਭ ਤੋਂ ਜ਼ਿਆਦਾ ਸਮੱਸਿਆ ਹੈ, ਉਹ ਉਥੇ ਜਾ ਕੇ ਲੋਕਾਂ ਨਾਲ ਗੱਲਬਾਤ ਕਰਨ ਅਤੇ ਇਸ ਸਮੱਸਿਆ ਨੂੰ ਦੂਰ ਕਰਨ ਬਾਰੇ ਉਨ੍ਹਾਂ ਦੇ ਸੁਝਾਅ ਲੈਣ।
ਇਸ ਤੋਂ ਇਲਾਵਾ ਐਸ.ਡੀ.ਐਮਜ਼ ਨੂੰ ਹਰੇਕ ਨਸ਼ਾ ਛੁਡਾਊ ਕੇਂਦਰ ਦੀ ਅਚਨਚੇਤ ਚੈਕਿੰਗ ਕਰਨ ਬਾਰੇ ਵੀ ਕਿਹਾ ਗਿਆ। ਪਿੰਡਾਂ ਵਿਚ ਜਾਗਰੂਕਤਾ ਫੈਲਾਉਣ ਲਈ ਹਰ ਸਬ ਡਵੀਜ਼ਨ ਵਿਚ ਹਰੇਕ ਹਫ਼ਤੇ ਦੋ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ ਜਿਨ੍ਹਾਂ ਵਿਚ ਐਸ.ਡੀ.ਐਮ. ਅਤੇ ਡੀ.ਐਸ.ਪੀ. ਤੋਂ ਇਲਾਵਾ ਹੋਰ ਅਧਿਕਾਰੀ ਨਿਜੀ ਤੌਰ 'ਤੇ ਸ਼ਮੂਲੀਅਤ ਕਰਨੀ ਯਕੀਨੀ ਬਣਾਉਣਗੇ।