
ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਸਵਾਗਤ
ਨਵੀਂ ਦਿੱਲੀ : ਦਿੱਲੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਤਰਵਿੰਦਰ ਸਿੰਘ ਮਰਵਾਹ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਸਾਬਕਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਸਮੇਤ ਹੋਰ ਆਗੂਆਂ ਦੀ ਮੌਜੂਦਗੀ ਵਿੱਚ ਮਰਵਾਹ ਨੇ ਪਾਰਟੀ ਹੈੱਡਕੁਆਰਟਰ ਵਿਖੇ ਭਾਜਪਾ ਦੀ ਮੈਂਬਰਸ਼ਿਪ ਲੈ ਲਈ।
PHOTO
ਉਨ੍ਹਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਵਿੱਚ ਨੇਤਾਵਾਂ ਦਾ ਸਤਿਕਾਰ ਨਹੀਂ ਕੀਤਾ ਜਾਂਦਾ ਅਤੇ ਪਾਰਟੀ ਲਈ ਕੁਰਬਾਨੀਆਂ ਕਰਨ ਵਾਲਿਆਂ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ, ਇਸ ਲਈ ਦੁਖੀ ਹੋ ਕੇ ਉਨ੍ਹਾਂ ਨੇ ਕਾਂਗਰਸ ਛੱਡਣ ਦਾ ਫੈਸਲਾ ਕੀਤਾ ਹੈ।
Sonia Gandhi
ਮਰਵਾਹ ਨੇ ਕਿਹਾ ਕਿ ਉਹ ਪਿਛਲੇ ਡੇਢ ਸਾਲ ਤੋਂ ਰਾਹੁਲ ਗਾਂਧੀ ਨੂੰ ਮਿਲਣ ਲਈ ਸਮਾਂ ਮੰਗ ਰਹੇ ਹਨ ਪਰ ਅੱਜ ਤੱਕ ਉਨ੍ਹਾਂ ਨੂੰ ਸਮਾਂ ਨਹੀਂ ਮਿਲਿਆ। ਉਨ੍ਹਾਂ ਦੋਸ਼ ਲਾਇਆ ਕਿ ਜਿਹੜੇ ਸੇਵਾਦਾਰ ਬਣਨ ਦੇ ਯੋਗ ਨਹੀਂ ਹਨ, ਉਨ੍ਹਾਂ ਨੂੰ ਬੁਲਾਰਾ ਬਣਾ ਦਿੱਤਾ ਜਾਂਦਾ ਹੈ।
ਦਿੱਲੀ ਦੀ ਜੰਗਪੁਰਾ ਵਿਧਾਨ ਸਭਾ ਸੀਟ ਤੋਂ ਤਿੰਨ ਵਾਰ ਕਾਂਗਰਸ ਦੇ ਵਿਧਾਇਕ ਰਹੇ ਮਰਵਾਹ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਸੰਸਦੀ ਸਕੱਤਰ ਰਹਿ ਚੁੱਕੇ ਹਨ। ਮਰਵਾਹ ਦਾ ਭਾਜਪਾ 'ਚ ਸਵਾਗਤ ਕਰਦੇ ਹੋਏ ਤਾਵੜੇ ਨੇ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਜ਼ਿੰਮੇਵਾਰੀ ਦੇਵੇਗੀ। ਪਾਰਟੀ ਦੀ ਮੈਂਬਰਸ਼ਿਪ ਲੈਣ ਤੋਂ ਬਾਅਦ ਆਪਣੇ ਸੰਬੋਧਨ 'ਚ ਮਰਵਾਹ ਨੇ ਕਿਹਾ ਕਿ ਜਦੋਂ ਤੱਕ ਉਹ ਜਿਉਂਦੇ ਹਨ, ਉਹ ਭਾਜਪਾ ਦੀ ਸੇਵਾ ਕਰਦੇ ਰਹਿਣਗੇ ਅਤੇ ਉਹ ਵੀ ਬਿਨਾਂ ਕਿਸੇ ਅਹੁਦੇ ਅਤੇ ਲਾਲਚ ਦੇ।