
ਕਾਰਵਾਈ ਤੋਂ 7 ਦਿਨ ਪਹਿਲਾਂ ਨੋਟਿਸ ਦੇਣ ਅਤੇ ਨਿਰਪੱਖ ਜਾਂਚ ਦੀ ਮੰਗ ਸਬੰਧੀ ਦਾਇਰ ਕੀਤੀ ਸੀ ਪਟੀਸ਼ਨ
ਹਾਈਕੋਰਟ ਨੇ 7 ਜੁਲਾਈ ਤੱਕ ਮੁਲਤਵੀ ਕੀਤੀ ਅਗਲੀ ਸੁਣਵਾਈ
ਚੰਡੀਗੜ੍ਹ : ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਭ੍ਰਿਸ਼ਟਾਚਾਰ ਅਤੇ ਘਪਲੇਬਾਜ਼ੀਆਂ ਦਾ ਲਗਾਤਾਰ ਪਰਦਾਫਾਸ਼ ਕੀਤਾ ਜਾ ਰਿਹਾ ਹੈ। ਇਸ ਕੜੀ ਤਹਿਤ ਹੀ ਟੈਂਡਰ ਘਪਲਾ ਸਾਹਮਣੇ ਆਇਆ ਸੀ ਜਿਸ ਦੀ ਇੱਕ ਪਟੀਸ਼ਨ ਹਾਈਕੋਰਟ ਵਿਚ ਵਿਚਾਰ ਅਧੀਨ ਸੀ ਅਤੇ ਹੁਣ ਪੰਜਾਬ ਦੇ ਸਾਬਕਾ ਫੂਡ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ।
Punjab and Haryana High Court
ਸਗੋਂ ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਕੱਲ ਤੱਕ ਮੁਲਤਵੀ ਕਰ ਦਿਤੀ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਆਪਣੇ ਖ਼ਿਲਾਫ਼ ਦਰਜ ਕੀਤੇ ਜਾਣ ਵਾਲੇ ਕਿਸੇ ਵੀ ਮਾਮਲੇ 'ਚ ਕਾਰਵਾਈ ਕੀਤੇ ਜਾਣ ਤੋਂ 7 ਦਿਨ ਪਹਿਲਾਂ ਨੋਟਿਸ ਦਿੱਤੇ ਜਾਣ ਅਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਸਬੰਧੀ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਇਸ 'ਤੇ ਹਾਈਕੋਰਟ ਨੇ ਭਾਰਤ ਭੂਸ਼ਣ ਆਸ਼ੂ ਨੂੰ ਫਿਲਹਾਲ ਬਗ਼ੈਰ ਕੋਈ ਰਾਹਤ ਦਿੱਤੇ ਇਸ ਮਾਮਲੇ ਦੀ ਅਗਲੀ ਸੁਣਵਾਈ 7 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।
Bharat Bhushan Ashu
ਦੱਸਣਯੋਗ ਹੈ ਕਿ ਸਾਬਕਾ ਮੰਤਰੀ ਆਸ਼ੂ ’ਤੇ 2 ਹਜ਼ਾਰ ਕਰੋੜ ਦੇ ਟੈਂਡਰ ਘਪਲੇ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਵਿਜੀਲੈਂਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਆਸ਼ੂ ’ਤੇ ਛੋਟੇ ਠੇਕੇਦਾਰਾਂ ਨੇ ਦੋਸ਼ ਲਗਾਏ ਹਨ ਕਿ ਪੰਜਾਬ ਦੀਆਂ ਮੰਡੀਆਂ ਵਿਚ ਟ੍ਰਾਂਸਪੋਰਟੇਸ਼ਨ ਦੇ ਟੈਂਡਰ ਵਿਚ ਗੜਬੜੀ ਕੀਤੀ ਗਈ ਹੈ। ਛੋਟੇ ਠੇਕੇਦਾਰਾਂ ਨੂੰ ਨਜ਼ਰ-ਅੰਦਾਜ਼ ਕਰਕੇ 20-25 ਲੋਕਾਂ ਨੂੰ ਫ਼ਾਇਦਾ ਪਹੁੰਚਾਇਆ ਗਿਆ। ਹਾਲਾਂਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਕਹਿਣਾ ਹੈ ਕਿ ਇਹ ਟੈਂਡਰ ਡੀ. ਸੀ. ਦੀ ਅਗਵਾਈ ਵਾਲੀਆਂ ਕਮੇਟੀਆਂ ਅਲਾਟ ਕਰਦੀਆਂ ਹਨ। ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਦੇ ਤਹਿਤ ਦੋਸ਼ ਲਗਾਏ ਜਾ ਰਹੇ ਹਨ। ਇਸ ਦੀ ਸਹੀ ਢੰਗ ਨਾਲ ਨਿਰਪੱਖਤਾ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ।