ਸੁਪਨਿਆਂ ਦੀ ਦੁਨੀਆਂ ਵਿਚ ਜੀਅ ਰਹੇ ਨੇ ਅਕਾਲੀ ਤੇ ਕਾਂਗਰਸੀ ਆਗੂ : ਭਗਵੰਤ ਮਾਨ
Published : Aug 6, 2022, 7:27 am IST
Updated : Aug 6, 2022, 7:27 am IST
SHARE ARTICLE
image
image

ਸੁਪਨਿਆਂ ਦੀ ਦੁਨੀਆਂ ਵਿਚ ਜੀਅ ਰਹੇ ਨੇ ਅਕਾਲੀ ਤੇ ਕਾਂਗਰਸੀ ਆਗੂ : ਭਗਵੰਤ ਮਾਨ


ਧੂਰੀ, 5 ਅਗੱਸਤ (ਲਖਵੀਰ ਸਿੰਘ ਧਾਂਦਰਾ/ਸਿਕੰਦਰ ਘਨੌਰ) : ਕਾਂਗਰਸੀਆਂ ਤੇ ਅਕਾਲੀਆਂ ਦੇ ਲੋਕ ਵਿਰੋਧੀ ਸਟੈਂਡ ਲੈਣ ਦੀ ਨੁਕਤਾਚੀਨੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਕਰਵਾਰ ਨੂੰ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਆਗੂ ‘ਸੁਪਨਿਆਂ ਦੀ ਦੁਨੀਆ’ ਵਿਚ ਜੀਅ ਰਹੇ ਹਨ ਅਤੇ ਸਮਝ ਰਹੇ ਹਨ ਕਿ ਉਹ ਹਾਲੇ ਵੀ ਸੱਤਾ ਵਿਚ ਹਨ।
ਇਥੇ 72ਵੇਂ ਸੂਬਾ ਪਧਰੀ ਵਣ ਮਹਾਂਉਤਸਵ ਮੌਕੇ ਕਰਵਾਏ ਸੂਬਾ ਪਧਰੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਵਿਧਾਨ ਸਭਾ ਚੋਣਾਂ ਦੌਰਾਨ ਝੰਬ ਸੁੱਟਣ ਵਾਲੀ ਹਾਰ ਦੇ ਸਦਮੇ ਵਿਚੋਂ ਹਾਲੇ ਤਕ ਬਾਹਰ ਨਹੀਂ ਆਏ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਹਾਲੇ ਵੀ ਇਹ ਸਮਝ ਰਹੇ ਹਨ ਕਿ ਉਹ ਸੂਬੇ ਵਿਚ ਸਰਕਾਰ ਚਲਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੱਤਾ ਦੇ ਭੁੱਖੇ ਇਹ ਸਿਆਸਤਦਾਨ ਇਹ ਗੱਲ ਭੁੱਲ ਗਏ ਹਨ ਕਿ ਪੰਜਾਬ ਦੇ ਸਿਆਣੇ ਤੇ ਬਹਾਦਰ ਲੋਕਾਂ ਨੇ ਉਹ ਸਰਕਾਰ ਚੁਣੀ ਹੈ, ਜਿਹੜੀ ਉਤਸ਼ਾਹ ਨਾਲ ਉਨ੍ਹਾਂ ਦੀ ਸੇਵਾ ਕਰੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਰੜੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਆਗੂ ਪੰਜਾਬ ਵਿਚ 25 ਸਾਲ ਰਾਜ ਕਰਨ ਦੀਆਂ ਸ਼ੇਖ਼ੀਆਂ ਮਾਰਦੇ ਸਨ, ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਪੂਰੀ ਤਰ੍ਹਾਂ ਰੱਦ ਕਰ ਦਿਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਆਗੂ ਨਾ ਤਾਂ ਆਪਣੀ ਸੀਟ ਜਿੱਤਿਆ ਅਤੇ ਨਾ ਹੀ ਹੁਣ ਉਸ ਨੂੰ ਆਪਣੀ ਪਾਰਟੀ ਵੱਲੋਂ ਚੋਣ ਲੜਨ ਲਈ ਕੋਈ ਉਮੀਦਵਾਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਹੁੰਦਿਆਂ ਇਨ੍ਹਾਂ ਆਗੂਆਂ ਨੂੰ ਇਹ ਗੱਲ ਭੁੱਲ ਗਈ ਸੀ ਕਿ ਜਮਹੂਰੀ ਢਾਂਚੇ ਵਿੱਚ ਲੋਕ ਸਭ ਤੋਂ ਉੱਪਰ ਹੁੰਦੇ ਹਨ ਅਤੇ ਜੇ ਇਕ ਦਫ਼ਾ ਤੁਸੀਂ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰੋਗੇ ਤਾਂ ਉਹ ਤੁਹਾਨੂੰ ਦੂਜਾ ਮੌਕਾ ਨਹੀਂ ਦੇਣਗੇ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਤੇ ਤਨਜ਼ ਕਸਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀ ਸਿਆਸੀ ਪਿੜ ਵਿੱਚੋਂ ਗੈਰ ਹਾਜ਼ਰੀ ਉਤੇ ਉਂਗਲ ਉਠਾਈ। ਉਨ੍ਹਾਂ ਕਿਹਾ ਕਿ ਖ਼ੁਦ ਨੂੰ ਹਰੇਕ ਕੰਮ ਕਰਨ ਦੇ ਸਮਰੱਥ ਦੱਸਣ ਵਾਲਾ ਇਹ ਕਾਂਗਰਸੀ ਆਗੂ ਚੋਣਾਂ ਵਿੱਚ ਆਪਣੀ ਪਾਰਟੀ ਦੀ ਹਾਰ ਮਗਰੋਂ ਕਿਤੇ ਨਜ਼ਰ ਨਹੀਂ ਆ ਰਿਹਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਚੰਨੀ ਕਿੱਥੇ ਭੱਜ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਕਾਂਗਰਸ ਦੇ ਮੁੱਖ ਮੰਤਰੀ ਦੇ ਉਮੀਦਵਾਰ ਦੀ ਇਹ ਹਾਲਤ ਹੈ ਤਾਂ ਬਾਕੀ ਪਾਰਟੀ ਬਾਰੇ ਅੰਦਾਜ਼ਾ ਸਹਿਜੇ ਹੀ ਲਾਇਆ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੇਂ ਦਾ ਸੱਚ ਹੈ ਕਿ ਕਾਂਗਰਸ ਤੇ ਅਕਾਲੀ ਦਲ ਦੋਵਾਂ ਦੀ ਪੰਜਾਬ ਦੀ ਸਿਆਸਤ ਵਿੱਚ ਹੁਣ ਕੋਈ ਸਾਰਥਿਕਤਾ ਨਹੀਂ ਰਹੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ ਕਿਉਂਕਿ ਉਹ ਲੋਕਾਂ ਦੀਆਂ ਇੱਛਾਵਾਂ ਦੀ ਪੂਰਤੀ ਕਰਨ ਵਿੱਚ ਨਾਕਾਮ ਰਹੇ। ਭਗਵੰਤ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਹੁਣ ਮੀਡੀਆ ਸਾਹਮਣੇ ਆਪਣੀ ਭੱਲ ਬਣਾਉਣ ਲਈ ਹੋਛੇ ਹਥਕੰਡਿਆਂ ਉਤੇ ਉਤਰੀਆਂ ਹੋਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਇਮਾਨਦਾਰ ਆਗੂਆਂ ਦੀ ਟੀਮ ਲੋਕਾਂ ਦੀ ਸੇਵਾ ਵਿੱਚ ਜੁਟੀ ਹੋਈ ਹੈ। ਉਨ੍ਹਾਂ ਕਿਹਾ ਕਿ ਆਗਾਮੀ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ, ਜਿੱਥੇ ਲੋਕਾਂ ਨੂੰ ਮੁਫ਼ਤ ਵਿੱਚ ਮਿਆਰੀ ਸਿਹਤ ਤੇ ਇਲਾਜ ਸੇਵਾਵਾਂ ਮਿਲਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਅਗਲੇ ਪੰਜ ਸਾਲਾਂ ਵਿੱਚ ਸੂਬੇ ਵਿੱਚ 16 ਮੈਡੀਕਲ ਕਾਲਜ ਉਸਾਰੇ ਜਾਣਗੇ, ਜਿਸ ਨਾਲ ਮੈਡੀਕਲ ਕਾਲਜਾਂ ਦੀ ਗਿਣਤੀ ਵਧ ਕੇ 25 ਹੋ ਜਾਵੇਗੀ, ਜੋ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਿੱਚ ਤਬਦੀਲ ਕਰ ਦੇਵੇਗੀ।
ਆਪਣੇ ਦੌਰੇ ਦੌਰਾਨ ਧੂਰੀ ਵਿਧਾਨ ਸਭਾ ਹਲਕੇ ਲਈ ਨਵੇਂ ਪ੍ਰਾਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰ ਨੂੰ ਦੋ ਹਿੱਸਿਆਂ ਵਿੱਚ ਵੰਡਦੀ ਰੇਲਵੇ ਲਾਇਨ ਉਤੇ 15 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਓਵਰ ਬਿ੍ਰਜ ਬਣਾਇਆ ਜਾਵੇਗਾ। ਉਨ੍ਹਾਂ ਦੋ ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਵਾਲਾ ਪਾਰਕ, ਬੈਡਮਿੰਟਨ ਕੰਪਲੈਕਸ ਨੂੰ ਅਪਗ੍ਰੇਡ ਕਰ ਕੇ ਇਕੋ ਸਮੇਂ 70 ਖਿਡਾਰੀਆਂ ਦੇ ਖੇਡਣ ਯੋਗ ਬਣਾਉਣ ਅਤੇ 13 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦਾ ਸੀਵਰੇਜ ਸਿਸਟਮ ਨੂੰ ਬਿਲਕੁੱਲ ਬਦਲਣ ਦਾ ਵੀ ਐਲਾਨ ਕੀਤਾ। ਭਗਵੰਤ ਮਾਨ ਨੇ ਵਿਦਿਆਰਥੀਆਂ ਦੀ ਹਰੇਕ ਸਿੱਖਿਆ ਸੰਸਥਾ ਤੱਕ ਪਹੁੰਚ ਆਸਾਨ ਕਰਨ ਲਈ ਸਾਰੇ ਪੁਰਾਣੇ ਬੱਸ ਪਰਮਿਟ ਬਹਾਲ ਕਰਨ ਦਾ ਵੀ ਐਲਾਨ ਕੀਤਾ।
ਆਪਣੇ ਸੰਬੋਧਨ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਲਈ ਇਸ ਮੁਹਿੰਮ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ। ਉਨ੍ਹਾਂ ਸੂਬੇ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।
ਇਕੱਠ ਨੂੰ ਸੰਬੋਧਨ ਕਰਦਿਆਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਦੀ ਤਾਰੀਫ਼ ਕਰਦਿਆਂ ਇਹ ਮੁਹਿੰਮ ਸ਼ੁਰੂ ਕਰਨ ਨੂੰ ਦੂਰਅੰਦੇਸ਼ ਫੈਸਲਾ ਦੱਸਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਤੇ ਗਤੀਸ਼ੀਲ ਅਗਵਾਈ ਵਿੱਚ ਪੰਜਾਬ ਹਰੇਕ ਖੇਤਰ ਵਿੱਚ ਤਰੱਕੀ ਦੀਆਂ ਨਵੀਆਂ ਮੰਜ਼ਿਲਾਂ ਛੂਹ ਰਿਹਾ ਹੈ। ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਦਾ ਇਹ ਇਤਿਹਾਸਕ ਕਦਮ ਹੈ, ਜਿਸ ਵਿੱਚ ਹਰੇਕ ਪੰਜਾਬੀ ਨੂੰ ਪੂਰੇ ਮਿਸ਼ਨਰੀ ਉਤਸ਼ਾਹ ਨਾਲ ਭਾਗ ਲੈਣਾ ਚਾਹੀਦਾ ਹੈ।
ਆਪਣੇ ਸੰਬੋਧਨ ਵਿੱਚ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਮਨੁੱਖੀ ਜੀਵਨ ਲਈ ਵੱਡਾ ਖ਼ਤਰਾ ਬਣਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਇਸ ਖ਼ਤਰੇ ਤੋਂ ਬਚਾਉਣ ਲਈ ਹਰੇਕ ਸੰਭਵ ਕਦਮ ਚੁੱਕਿਆ ਜਾਵੇਗਾ।
ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲੋਕਾਂ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਹਰਿਆਵਲ ਲਹਿਰ ਸ਼ੁਰੂ ਕੀਤੀ ਹੈ। ਉਨ੍ਹਾਂ ਇਸ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੌਦੇ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਸਰਕਾਰੀ ਸਕੂਲ, ਬੇਨੜਾ ਵਿੱਚ ਫਲਦਾਰ ਬੂਟਿਆਂ ਨਾਲ ਲੱਦੇ ਟਰੈਕਟਰ-ਟਰਾਲੀਆਂ ਨੂੰ ਵੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਪਲਾਸਟਿਕ ਵਾਲੇ ਲਿਫਾਫਿਆਂ ਦੇ ਬਦਲ ਵਜੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਤਿਆਰ ਕੀਤਾ ਜੂਟ ਦਾ ਬੈਗ ਵੀ ਜਾਰੀ ਕੀਤਾ।
ਪ੍ਰੋਗਰਾਮ ਦੌਰਾਨ ਵਿਧਾਇਕ ਨਰਿੰਦਰ ਕੌਰ ਭਰਾਜ, ਬਰਿੰਦਰ ਗੋਇਲ, ਜਸਵੰਤ ਸਿੰਘ ਗੱਜਣਮਾਜਰਾ, ਜਮੀਲ-ਉਰ-ਰਹਿਮਾਨ, ਕੁਲਵੰਤ ਸਿੰਘ ਪੰਡੋਰੀ, ਡਾ. ਬਲਬੀਰ ਸਿੰਘ ਤੇ ਲਾਭ ਸਿੰਘ ਉੱਗੋਕੇ, ਆਪ ਆਗੂ ਗਰਮੇਲ ਸਿੰਘ, ਵਧੀਕ ਮੁੱਖ ਸਕੱਤਰ ਜੰਗਲਾਤ ਰਾਜੀ ਪੀ ਸ੍ਰੀਵਾਸਤਵਾ, ਆਈ.ਜੀ. ਪਟਿਆਲਾ ਰੇਂਜ ਐਮ.ਐਸ. ਛੀਨਾ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਅਤੇ ਹੋਰ ਹਾਜ਼ਰ ਸਨ।  
ਫ਼ੋਟੋ ਫ਼ਾਈਲ ਧੂਰੀ 2

SHARE ARTICLE

ਏਜੰਸੀ

Advertisement

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM

Punjab Flood Rescue Operation : ਲੋਕਾਂ ਦੀ ਜਾਨ ਬਚਾਉਣ ਲਈ ਪਾਣੀ 'ਚ ਉਤਰਿਆ ਫੌਜ ਦਾ 'HULK'

28 Aug 2025 2:55 PM

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM

400 ਬੱਚਿਆਂ ਦੇ ਮਾਂ-ਪਿਓ ਆਏ ਕੈਮਰੇ ਸਾਹਮਣੇ |Gurdaspur 400 students trapped as floodwaters |Punjab Floods

27 Aug 2025 3:13 PM

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM
Advertisement