Hoshiarpur News : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ
Published : Aug 6, 2024, 8:57 pm IST
Updated : Aug 6, 2024, 8:57 pm IST
SHARE ARTICLE
CM Bhagwant Mann
CM Bhagwant Mann

ਕਿਸਾਨਾਂ ਨੂੰ ਖੇਤਾਂ ਵਿੱਚ ਘੱਟੋ-ਘੱਟ ਚਾਰ ਬੂਟੇ ਲਾਉਣ ਦੀ ਅਪੀਲ

Hoshiarpur News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੱਤਾ ਤਾਂ ਕਿ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਦੇ ਨਾਲ-ਨਾਲ ਸੂਬੇ ਵਿੱਚ ਹਰਿਆਵਲ ਹੇਠ ਰਕਬਾ ਵਧਾਇਆ ਜਾ ਸਕੇ। ਅੱਜ ਇੱਥੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਦਾ ਉਦੇਸ਼ ਸੂਬਾ ਭਰ ਵਿੱਚ ਹਰਿਆਲੀ ਨੂੰ ਹੋਰ ਵਧਾਉਣਾ ਹੈ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ ਦਾ, ਪਾਣੀ ਨੂੰ ਪਿਤਾ ਦਾ ਅਤੇ ਜਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਮਿਆਂ ਦੌਰਾਨ ਕੋਈ ਉਦਯੋਗਿਕ ਯੂਨਿਟ ਵੀ ਨਹੀਂ ਹੁੰਦਾ ਸੀ ਜਦੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਸਨ ਪਰ ਇਹ ਸਾਡੇ ਮਹਾਨ ਗੁਰੂ ਸਾਹਿਬਾਨ ਦੀ ਦੂਰਅੰਦੇਸ਼ ਪਹੁੰਚ ਸੀ ਜਿਸ ਦਾ ਮਕਸਦ ਪ੍ਰਦੂਸ਼ਣ ਦਾ ਖਾਤਮਾ ਕਰਨਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਗੁਰਬਾਣੀ ਦੀਆਂ ਸਿੱਖਿਆਵਾਂ ਉਤੇ ਚੱਲਣਾ ਚਾਹੀਦਾ ਹੈ ਤਾਂ ਕਿ ਸੂਬੇ ਦੇ ਵਾਤਾਵਰਣ ਨੂੰ ਬਚਾ ਕੇ ਇਸ ਦੀ ਪੁਰਾਤਨ ਸ਼ਾਨ ਨੂੰ ਬਹਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੇਂ ਦੀ ਲੋੜ ਮੁਤਾਬਕ ਵਾਤਾਵਰਣ ਨੂੰ ਬਚਾਉਣਾ ਸਾਡੇ ਸਾਰਿਆਂ ਦਾ ਫਰਜ਼ ਹੈ ਜਿਸ ਕਰਕੇ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਿਆ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਕਾਰਬਨ ਕਰੈਡਿਟ ਸਕੀਮ’ ਲਾਗੂ ਕਰਨ ਵਾਲਾ ਦੇਸ਼ ਵਿੱਚ ਪਹਿਲਾ ਸੂਬਾ ਹੈ ਤਾਂ ਕਿ ਵਾਤਾਵਰਣ ਨੂੰ ਬਚਾਉਣ ਦੇ ਨਾਲ-ਨਾਲ ਆਲਮੀ ਤਪਸ਼ ਉਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਟੇਰੀ (ਊਰਜਾ ਤੇ ਖੋਜ ਸੰਸਥਾਨ) ਦੀ ਮਦਦ ਨਾਲ ਸੂਬੇ ਵਿੱਚ ਲਾਗੂ ਕੀਤਾ ਜਾ ਚੁੱਕਾ ਹੈ ਅਤੇ ਪਾਇਲਟ ਪ੍ਰਾਜੈਕਟ ਵਜੋਂ ਸੂਬੇ ਦੇ 3686 ਕਿਸਾਨਾਂ ਨੂੰ ਚਾਰ ਕਿਸ਼ਤਾਂ ਵਿੱਚ 45 ਕਰੋੜ ਰੁਪਏ ਵੰਡੇ ਜਾਣਗੇ। ਭਗਵੰਤ ਸਿੰਘ ਮਾਨ ਨੇ ਅੱਜ ਇਸ ਸਕੀਮ ਅਧੀਨ ਪਹਿਲੀ ਕਿਸ਼ਤ ਵਜੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ 818 ਕਿਸਾਨਾਂ ਨੂੰ 1.75 ਕਰੋੜ ਰੁਪਏ ਦੇ ਚੈੱਕ ਵੰਡੇ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਫੰਡ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਲਈ ਸਰਗਰਮ ਭੂਮਿਕਾ ਨਿਭਾਅ ਰਹੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੇ ਜਾਣਗੇ।


ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਸਕੀਮ ਗਰੀਨਹਾਊਸ ਗੈਸਾਂ ਦੇ ਪ੍ਰਭਾਵ ਨੂੰ ਘਟਾਉਣ ਲਈ ਸਾਰਥਕ ਰੋਲ ਨਿਭਾਏਗੀ। ਉਨ੍ਹਾਂ ਕਿਹਾ ਕਿ ਇਹ ਸਕੀਮ ਪ੍ਰਦੂਸ਼ਣ ਫੈਲਾਉਣ ਵਾਲੀਆਂ ਜ਼ਿੰਮੇਵਾਰ ਧਿਰਾਂ ਦੇ ਸਿਧਾਂਤ ਉਤੇ ਅਧਾਰਿਤ ਹੈ ਜਿੱਥੇ ਪ੍ਰਦੂਸ਼ਣ ਫੈਲਾਉਣ ਵਾਲੀਆਂ ਧਿਰਾਂ ਪ੍ਰਦੂਸ਼ਣ ਘਟਾਉਣ ਵਿੱਚ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਜਾਂ ਕਿਸਾਨਾਂ ਨੂੰ ਵਿੱਤੀ ਤੌਰ ਉਤੇ ਮੁਆਵਜ਼ਾ ਦਿੱਤਾ ਜਾਂਦਾ ਹੈ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੂਟੇ ਲਾਉਣ ਵਾਲੇ ਕਿਸਾਨਾਂ ਵੱਲੋਂ ਵਾਤਾਵਰਣ ਪ੍ਰਦੂਸ਼ਣ ਘਟਾਉਣ ਵਿੱਚ ਸਰਗਰਮ ਰੋਲ ਨਿਭਾਅ ਰਹੇ ਹਨ ਜਿਸ ਕਰਕੇ ਇਹ ਕਿਸਾਨ ਇਸ ਸਕੀਮ ਦੇ ਯੋਗ ਲਾਭਪਾਤਰੀ ਬਣ ਸਕਦੇ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖ ਨੇ ਅੰਨ੍ਹੇਵਾਹ ਰੁੱਖ ਵੱਢ ਕੇ ਕੁਦਰਤ ਨਾਲ ਵੱਡਾ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਮਨੁੱਖ ਦੀ ਇਸ ਗਲਤੀ ਕਰਕੇ ਅਸੀਂ ਦੇਸ਼ ਭਰ ਵਿੱਚ ਕੁਦਰਤੀ ਆਫਤਾਂ ਦਾ ਸਾਹਮਣਾ ਕਰ ਰਹੇ ਹਾਂ ਅਤੇ ਵੱਧ ਤੋਂ ਵੱਧ ਬੂਟੇ ਲਾਉਣਾ ਹੀ ਇਸ ਦਾ ਇਕੋ-ਇਕ ਹੱਲ ਹੈ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਆਪੋ-ਆਪਣੇ ਖੇਤਾਂ ਵਿੱਚ ਘੱਟੋ-ਘੱਟ ਚਾਰ ਬੂਟੇ ਲਾਉਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਇਸ ਬਾਰੇ ਕਾਨੂੰਨ ਵੀ ਬਣਾਇਆ ਜਾ ਸਕਦਾ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ ਉਸ ਸਮੇਂ ਸਿਰਫ 21 ਫੀਸਦੀ ਨਹਿਰੀ ਪਾਣੀ ਹੀ ਵਰਤਿਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਅੱਜ 72 ਫੀਸਦੀ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੀਂ ਕੰਢੀ ਨਹਿਰ ਬਣਾਈ ਜਾ ਰਹੀ ਹੈ ਜਿਸ ਨਾਲ 11,000 ਏਕੜ ਰਕਬੇ ਨੂੰ ਫਾਇਦਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਧਾਰ ਕਲਾਂ ਵਿਖੇ 206 ਮੈਗਾਵਾਟ ਦੀ ਸਮਰੱਥਾ ਵਾਲਾ ਡੈਮ ਵੀ ਛੇਤੀ ਹੀ ਸਮਰਪਿਤ ਕੀਤਾ ਜਾਵੇਗਾ।


ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਆਜਾਦੀ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਮਾਲਵਾ ਨਹਿਰ ਦੀ ਉਸਾਰੀ ਦਾ ਕੰਮ ਸੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਰਿਕਾਰਡ ਹੈ ਕਿ ਸੂਬੇ ਦੀਆਂ ਪਿਛਲੀਆਂ ਕਿਸੇ ਵੀ ਸਰਕਾਰਾਂ ਨੇ ਇਸ ਲੋੜ ਵੱਲ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਲਗਭਗ 150 ਕਿਲੋਮੀਟਰ ਲੰਬੀ ਇਹ ਨਵੀਂ ਨਹਿਰ ਸੂਬੇ ਖਾਸ ਕਰਕੇ ਮਾਲਵਾ ਖੇਤਰ ਵਿੱਚ ਬੇਮਿਸਾਲ ਤਰੱਕੀ ਅਤੇ ਖੁਸਹਾਲੀ ਦੇ ਨਵੇਂ ਯੁੱਗ ਦੀ ਸੁਰੂਆਤ ਕਰੇਗੀ ਅਤੇ ਸੂਬਾ ਸਰਕਾਰ ਇਸ ਵੱਕਾਰੀ ਪ੍ਰੋਜੈਕਟ ‘ਤੇ ਲਗਭਗ 2300 ਕਰੋੜ ਰੁਪਏ ਖਰਚ ਕਰੇਗੀ ਜੋ ਕਿ ਸੂਬੇ ਦੀ ਤਕਰੀਬਨ ਦੋ ਲੱਖ ਏਕੜ ਜਮੀਨ ਦੀ ਸਿੰਜਾਈ ਦੀਆਂ ਲੋੜਾਂ ਨੂੰ ਪੂਰਾ ਕਰੇਗੀ।


ਸ੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਆਪਣੀਆਂ ਸਿਆਸੀ ਚਾਲਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ, “ਬਾਦਲ ਪਰਿਵਾਰ ਦਾ ਫਰਜੰਦ ਹੁਣ ਆਪਣੇ ਕੀਤੇ ਦੀ ਮੁਆਫੀ ਮੰਗ ਰਿਹਾ ਹੈ ਪਰ ਉਸ ਨੂੰ ਇਕ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਗਲਤੀਆਂ ਲਈ ਮੁਆਫ ਕੀਤਾ ਜਾ ਸਕਦਾ ਪਰ ਗੁਨਾਹ ਕਦੇ ਮਾਫ ਨਹੀਂ ਹੁੰਦੇ। ਬਾਦਲ ਪਰਿਵਾਰ ਨੇ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਬੱਜਰ ਗੁਨਾਹ ਕੀਤੇ ਹਨ ਜਿਨ੍ਹਾਂ ਨੂੰ ਕਦੇ ਵੀ ਮੁਆਫ ਨਹੀਂ ਕੀਤਾ ਜਾ ਸਕਦਾ।”

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਬੇਅਦਬੀ ਕਾਂਡ ਬਾਰੇ ਸਬੂਤ ਇਕੱਠੇ ਕਰ ਰਹੀ ਹੈ ਅਤੇ ਇਸ ਅਪਰਾਧ ਦੇ ਅਸਲ ਦੋਸ਼ੀ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ। ਬਾਗ਼ੀ ਅਕਾਲੀ ਲੀਡਰਸ਼ਿਪ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਹੁਣ ਇਸ ਮੁੱਦੇ ’ਤੇ ਮਗਰਮੱਛ ਦੇ ਹੰਝੂ ਵਹਾ ਰਹੇ ਹਨ ਜਦਕਿ ਜਦੋਂ ਇਹ ਗੁਨਾਹ ਕੀਤੇ ਜਾ ਰਹੇ ਸਨ ਤਾਂ ਉਸ ਵੇਲੇ ਇਹ ਬਾਗੀ ਲੀਡਰਸ਼ਿਪ ਵੀ ਬਾਦਲ ਪਰਿਵਾਰ ਨਾਲ ਘਿਓ-ਖਿਚੜੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਹੁਣ ਸਿਰਫ਼ ਫੋਕੀ ਬਿਆਨਬਾਜ਼ੀ ਕਰਕੇ ਪੰਜਾਬ ਨਾਲ ਕਮਾਏ ਧ੍ਰੋਹ ਤੋਂ ਮੁਕਤ ਨਹੀਂ ਹੋ ਸਕਦੇ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਗਏ, ਜਦੋਂ ਸਰਕਾਰ ਚੰਡੀਗੜ੍ਹ ਦੇ ਦਫ਼ਤਰਾਂ ਤੋਂ ਚਲਾਈ ਜਾਂਦੀ ਸੀ। ਉਨ੍ਹਾਂ ਕਿਹਾ ਕਿ ਅਸਲ ਮਾਲਕ ਲੋਕ ਹੁੰਦੇ ਹਨ ਅਤੇ ਲੋਕਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਨ ਲਈ ਹੁਣ ਸਰਕਾਰ ਪਿੰਡਾਂ ਅਤੇ ਕਸਬਿਆਂ ਤੋਂ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਘਰ-ਘਰ ਪਹੁੰਚਾਉਣ ਲਈ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕ ਭਲਾਈ ਲਈ ਅਜਿਹੇ ਹੋਰ ਲੋਕ ਪੱਖੀ ਉਪਰਾਲੇ ਕੀਤੇ ਜਾਣਗੇ।

ਇਸ ਮੌਕੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ, ਖੁਰਾਕ ਤੇ ਸਿਵਲ ਸਪਲਾਈ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ, ਲੋਕ ਸਭਾ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਤੇ ਹੋਰ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM

Punjab Flood Rescue Operation : ਲੋਕਾਂ ਦੀ ਜਾਨ ਬਚਾਉਣ ਲਈ ਪਾਣੀ 'ਚ ਉਤਰਿਆ ਫੌਜ ਦਾ 'HULK'

28 Aug 2025 2:55 PM

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM

400 ਬੱਚਿਆਂ ਦੇ ਮਾਂ-ਪਿਓ ਆਏ ਕੈਮਰੇ ਸਾਹਮਣੇ |Gurdaspur 400 students trapped as floodwaters |Punjab Floods

27 Aug 2025 3:13 PM

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM
Advertisement