
ਸੁਖਬੀਰ ਸਿੰਘ ਬਾਦਲ ਦੇ ਸਪੱਸ਼ਟੀਕਰਨ 'ਤੇ ਵੀ ਕੋਈ ਫ਼ੈਸਲਾ ਆ ਸਕਦਾ
Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਵਿੱਚ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਪੰਥਕ ਵਿਚਾਰਾਂ ਕੀਤੀਆਂ ਜਾਣਗੀਆਂ।
ਸੂਤਰਾਂ ਮੁਤਾਬਕ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦੇ ਸਪੱਸ਼ਟੀਕਰਨ 'ਤੇ ਵੀ ਕੋਈ ਫ਼ੈਸਲਾ ਆ ਸਕਦਾ ਹੈ। ਸਮੁੱਚੇ ਸਿੱਖ ਪੰਥ ਦੀਆਂ ਨਜ਼ਰੀਆਂ ਸਿੰਘ ਸਾਹਿਬਾਨ ਦੀ ਇਕੱਤਰਤਾ 'ਤੇ ਬਣੀਆਂ ਹੋਈਆਂ ਹਨ।
ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਹੋਏ ਬਿਆਨ ਰਾਹੀਂ ਦੱਸਿਆ ਗਿਆ ਹੈ ਕਿ 30 ਅਗਸਤ 2024 ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨਾਂ ਦੀ ਜ਼ਰੂਰੀ ਇਕੱਤਰਤਾ ਹੋਵੇਗੀ, ਜਿਸ ਦੇ ਵਿਚ ਕੁਝ ਅਤਿ ਜ਼ਰੂਰੀ ਪੰਥਕ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਦੱਸ ਦੇਈਏ ਕਿ ਕਰੀਬ ਦੋ ਹਫ਼ਤੇ ਪਹਿਲਾਂ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਸਪੱਸ਼ਟੀਕਰਨ ਸੌਂਪਿਆ ਸੀ। ਇਹ ਸਪੱਸ਼ਟੀਕਰਨ ਵੀ ਕੱਲ੍ਹ ਜਨਤਕ ਹੋ ਗਿਆ ਸੀ। ਇਸ ਤੋਂ ਬਾਅਦ ਨਵਾਂ ਵਿਵਾਦ ਖੜ੍ਹਾ ਹੋ ਗਿਆ।
ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ਵਿੱਚ ਉਨ੍ਹਾਂ ਕਿਹਾ ਹੈ ਕਿ ਚਾਹੇ ਉਹ ਭੁੱਲਾਂ ਪਾਰਟੀ ਕੋਲੋਂ ਹੋਈਆਂ ਹਨ ਜਾਂ ਸਰਕਾਰ ਕੋਲੋਂ ਅਤੇ ਚੇਤ-ਅਚੇਤ ਵਿੱਚ ਹੋਈਆਂ। ਇਨ੍ਹਾਂ ਸਾਰੀਆਂ ਭੁੱਲਾਂ ਲਈ ਉਹ ਖਿਮਾ ਦੇ ਜਾਚਕ ਹਨ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਵੱਲੋਂ ਜੋ ਵੀ ਫ਼ੈਸਲਾ ਕੀਤਾ ਜਾਵੇਗਾ, ਉਨ੍ਹਾਂ ਨੂੰ ਸਿਰ-ਮੱਥੇ ਪ੍ਰਵਾਨ ਹੋਵੇਗਾ।