
ਕਿਹਾ : ਕੋਈ ਵੀ ਧਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੋਣ ਦਾ ਦਾਅਵਾ ਨਾ ਕਰੇ
Singh Sahibans appeal to all Akali factions to unite- ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ, ਜਿਸ ਦੌਰਾਨ ਇਕ ਅਹਿਮ ਮਤਾ ਪਾਸ ਕੀਤਾ ਗਿਆ, ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਅਤੇ ਬਾਕੀ ਸਿੰਘ ਸਾਹਿਬਾਨ ਨੇ ਕਿਹਾ ਕਿ ਕੁਝ ਧਿਰਾਂ ਆਪਣੇ ਆਪ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਰਪ੍ਰਸਤੀ ਹੋਣ ਦਾ ਦਾਅਵਾ ਕਰਕੇ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਪੰਜ ਸਿੰਘ ਸਾਹਿਬਾਨ ਨੇ ਇਸ ਸੰਬੰਧੀ ਆਦੇਸ਼ ਕੀਤਾ ਕਿ ਦੋ ਦਸੰਬਰ 2024 ਨੂੰ ਪੰਜ ਸਿੰਘ ਸਾਹਿਬਾਨ ਵਲੋਂ ਸਮੂਹ ਅਕਾਲੀ ਦਲ ਧਿਰਾਂ ਨੂੰ ਤਾਕੀਦ ਕੀਤੀ ਗਈ ਸੀ ਕਿ ਉਹ ਆਪੋ ਆਪਣੇ ਚੁੱਲ੍ਹੇ ਸਮੇਟ ਕੇ ਇਕਜੁੱਟ ਹੋਣ।
ਇਸ ਸੰਬੰਧੀ ਹੁਣ ਤੱਕ ਕੋਈ ਸਾਰਥਕ ਨਤੀਜੇ ਸਾਹਮਣੇ ਨਹੀਂ ਆਏ। ਉਨ੍ਹਾਂ ਕਿਹਾ ਕਿ ਜੇਕਰ ਦੋ ਦਸੰਬਰ 2024 ਨੂੰ ਹੋਏ ਆਦੇਸ਼ ਨੂੰ ਕੋਈ ਵੀ ਧਿਰ ਇੰਨ-ਬਿੰਨ ਨਹੀਂ ਮੰਨਣਾ ਚਾਹੁੰਦੀ ਤਾਂ ਉਨ੍ਹਾਂ ਨੂੰ ਆਪੋ ਆਪਣੀ ਸਿਆਸਤ ਮੁਬਾਰਕ ਹੈ ਪਰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਦਾ ਦਾਅਵਾ ਕਰਕੇ ਸੰਗਤ ਵਿਚ ਭਰਮ ਭੁਲੇਖੇ ਪੈਦਾ ਨਾ ਕੀਤੇ ਜਾਣ, ਕਿਉਂਕਿ ਵੱਖੋ-ਵੱਖਰੇ ਚੁੱਲੇ ਕਾਇਮ ਰੱਖ ਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਆਦੇਸ਼ ਦੀ ਭਾਵਨਾ ਸੰਪੂਰਨ ਨਹੀਂ ਕੀਤੀ ਜਾ ਸਕਦੀ।
ਉਨ੍ਹਾਂ ਨੇ ਆਦੇਸ਼ ਵਿਚ ਕਿਹਾ ਕਿ ਕੋਈ ਵੀ ਧਿਰ ਜਾਂ ਕਮੇਟੀ ਆਪਣੇ ਆਪ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੋਣ ਦਾ ਦਾਅਵਾ ਨਾ ਕਰੇ। ਜ਼ਿਕਰਯੋਗ ਹੈ ਕਿ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਅਤੇ ਇਸ ਕਮੇਟੀ ਵਲੋਂ 11 ਅਗਸਤ ਨੂੰ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਜਨਰਲ ਇਜਲਾਸ ਵੀ ਰੱਖਿਆ ਹੋਇਆ ਹੈ।