ਤਿੰਨ ਦਿਨ ਪਹਿਲਾਂ ਮੋਟਰਸਾਈਕਲ ਸਵਾਰਾਂ ਨੇ ਕਾਰ ’ਚ ਜਾ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸੀ
Ferozepur News : ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਬਾਰੇਕੇ ਵਿੱਚ ਇੱਕ ਆੜ੍ਹਤੀਏ ਨੂੰ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ ਮਾਰ ਦਿੱਤੀਆਂ ਹਨ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਆੜ੍ਹਤੀਏ ਨੂੰ ਇਲਾਜ ਲਈ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਹ ਜ਼ਿੰਦਗੀ ਮੌਤ ਦੇ ਵਿਚਕਾਰ ਜੂਝ ਰਿਹਾ ਹੈ।
ਬਾਈਕ ਸਵਾਰ ਹਮਲਾਵਰਾਂ ਨੇ ਜਿਸ ਆੜ੍ਹਤੀਏ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕੀਤਾ ਹੈ , ਉਸ ਦਾ ਨਾਂ ਗੁਰਮੀਤ ਸਿੰਘ ਹੈ। ਉਹ ਫ਼ਿਰੋਜ਼ਪੁਰ ਸ਼ਹਿਰ ਤੋਂ ਕਾਰ ਦਾ ਸਮਾਨ ਲੈ ਕੇ ਘਰ ਪਹੁੰਚਿਆ ਸੀ। ਜਿਵੇਂ ਹੀ ਉਸ ਨੇ ਘਰ ਦੇ ਬਾਹਰ ਬਾਈਕ ਪਾਰਕ ਕੀਤੀ ਤਾਂ ਉਸ ਦੇ ਉਪਰ ਗੋਲੀਆਂ ਚੱਲਣੀਆਂ ਸ਼ੁਰੂ ਹੋ ਗਈਆਂ।
ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਜ਼ਖਮੀ ਨੂੰ ਹਸਪਤਾਲ ਲੈ ਗਏ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਆੜ੍ਹਤੀਏ 'ਤੇ ਹਮਲਾ ਕਿਉਂ ਕੀਤਾ ਗਿਆ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਫਿਰੋਜ਼ਪੁਰ ਸ਼ਹਿਰ ਦੇ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਨੇੜੇ ਮੋਟਰਸਾਈਕਲ ਸਵਾਰਾਂ ਨੇ ਕਾਰ ’ਚ ਜਾ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ’ਚ ਜਸਪ੍ਰੀਤ ਕੌਰ (25) ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਅਕਾਸ਼ਦੀਪ ਸਿੰਘ ਅਤੇ ਦਿਲਪ੍ਰੀਤ ਸਿੰਘ ਵਾਸੀ ਬੈਕਸਾਈਡ ਗੁਰਦੁਆਰਾ ਅਕਾਲਗੜ੍ਹ ਸਾਹਿਬ ਫਿਰੋਜ਼ਪੁਰ ਸ਼ਹਿਰ ਦੀ ਕੁਝ ਸਮੇਂ ਬਾਅਦ ਮੌਤ ਹੋ ਗਈ। ਇਸ ਪਰਿਵਾਰ ਦੇ 2 ਹੋਰ ਨੌਜਵਾਨ ਇਸ ਵਾਰਦਾਤ ਵਿਚ ਜ਼ਖਮੀ ਹੋ ਗਏ। ਜਿਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।