
ਸਵ: ਆਰ.ਪੀ. ਸ਼ਰਮਾ ਦੇ ਦਿਹਾਂਤ ’ਤੇ ਜਤਾਈ ਗਹਿਰੀ ਹਮਦਰਦੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅੱਜ ਪਠਾਨਕੋਟ ਪਹੁੰਚੇ ਜਿੱਥੇ ਉਨ੍ਹਾਂ ਨੇ ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਤੇ ਵਿਧਾਇਕ ਅਸ਼ਵਨੀ ਸ਼ਰਮਾ ਨਾਲ ਮਿਲ ਕੇ ਉਨ੍ਹਾਂ ਦੇ ਵੱਡੇ ਭਰਾ ਸਵ: ਆਰ.ਪੀ. ਸ਼ਰਮਾ ਦੇ ਦੇਹਾਂਤ ਮੌਕੇ ਮਿਲ ਕੇ ਦੁੱਖ ਸਾਂਝਾ ਕੀਤਾ।
ਸੁਖਬੀਰ ਸਿੰਘ ਬਾਦਲ ਨੇ ਅਸ਼ਵਨੀ ਸ਼ਰਮਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਆਰ.ਪੀ. ਸ਼ਰਮਾ ਇੱਕ ਇਮਾਨਦਾਰ, ਸਾਫ-ਸੁਥਰੀ ਸੋਚ ਵਾਲੇ ਅਤੇ ਸਮਾਜ ਸੇਵਾ ਨੂੰ ਆਪਣਾ ਧਰਮ ਮੰਨਣ ਵਾਲੇ ਵਿਅਕਤੀ ਸਨ। ਉਨ੍ਹਾਂ ਦੇ ਦੇਹਾਂਤ ਨਾਲ ਨਾ ਸਿਰਫ਼ ਪਰਿਵਾਰ, ਸਗੋਂ ਪੂਰੇ ਇਲਾਕੇ ਨੂੰ ਇੱਕ ਵੱਡਾ ਨੁਕਸਾਨ ਹੋਇਆ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸ਼ਰਮਾ ਪਰਿਵਾਰ ਨੇ ਹਮੇਸ਼ਾ ਲੋਕਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ ਹੈ ਅਤੇ ਆਰ.ਪੀ. ਸ਼ਰਮਾ ਦੀ ਯਾਦ ਹਮੇਸ਼ਾ ਲੋਕਾਂ ਦੇ ਦਿਲਾਂ ਵਿਚ ਜੀਵੰਤ ਰਹੇਗੀ। ਉਨ੍ਹਾਂ ਨੇ ਰੱਬ ਅੱਗੇ ਅਰਦਾਸ ਕੀਤੀ ਕਿ ਪਰਮਾਤਮਾ ਸ਼ਰਮਾ ਪਰਿਵਾਰ ਨੂੰ ਇਹ ਵੱਡਾ ਦੁੱਖ ਸਹਿਣ ਦੀ ਤਾਕਤ ਬਖ਼ਸ਼ੇ। ਇਸ ਮੌਕੇ ਉਨ੍ਹਾਂ ਨਾਲ ਕਈ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਵਰਕਰ ਵੀ ਮੌਜੂਦ ਸਨ ਜਿਨ੍ਹਾਂ ਨੇ ਵੀ ਸ਼ਰਮਾ ਪਰਿਵਾਰ ਨਾਲ ਹਮਦਰਦੀ ਜਤਾਈ।